Friday, March 29, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਭਾਰਤ ਦੇ PN1303201806ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੰਗ ਕੀਤੀ ਕਿ ਇਸ ਇਤਿਹਾਸਕ ਪੁਰਬ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਖੁੱਲ੍ਹਾ ਲਾਂਘਾ ਦਿੱਤਾ ਜਾਵੇ, ਤਾਂ ਜੋ ਸੰਗਤਾਂ ਗੁਰੂ ਸਾਹਿਬ ਨਾਲ ਸਬੰਧਤ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਦਾ ਫੈਸਲਾ ਜਲਦ ਕੀਤਾ ਜਾਵੇ।ਇਸ ਤੋਂ ਇਲਾਵਾ ਉਨ੍ਹਾਂ ਹੋਰਨਾਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਵੀ ਅਪੀਲ ਕੀਤੀ।
    ਇਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ ਕਸ਼ਮੀਰ ਵਿਚ ਵੱਸਦੇ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜ਼ਾ ਦੇਣ ਦਾ ਮਾਮਲਾ ਗ੍ਰਹਿ ਮੰਤਰੀ ਪਾਸ ਉਠਾਇਆ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਸਕੀਮਾਂ ਵਿਚ ਨਿਰਪੱਖ ਹਿੱਸਾ ਨਹੀਂ ਮਿਲ ਰਿਹਾ, ਇਸ ਕਰਕੇ ਸਿੱਖਾਂ ਨੂੰ ਜੰਮੂ ਕਸ਼ਮੀਰ ਅੰਦਰ ਘੱਟ ਗਿਣਤੀ ਦਾ ਦਰਜ਼ਾ ਦਿੱਤਾ ਜਾਵੇ।ਉਨ੍ਹਾਂ ਇਹ ਮੰਗ ਵੀ ਕੀਤੀ ਕਿ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਜੋ ਦੇਸ਼ ਦੀ ਆਰਮੀ ਵੱਲੋਂ ਉਠਾ ਲਿਆ ਗਿਆ ਸੀ ਨੂੰ ਤੁਰੰਤ ਵਾਪਸ ਕੀਤਾ ਜਾਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਗੁਰਦੁਆਰਾ ਸਾਹਿਬਾਨ ਵਿਚ ਵਰਤਾਏ ਜਾਂਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦੀ ਅਪੀਲ ਕੀਤੀ, ਤਾਂ ਜੋ ਗੁਰੂ ਘਰਾਂ ’ਤੇ ਪੈ ਰਹੇ ਵਾਧੂ ਬੋਝ ਨੂੰ ਰੋਕਿਆ ਜਾ ਸਕੇ।ਭਾਈ ਲੌਂਗੋਵਾਲ ਨੇ ਇਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਤਹਿਤ ਆਉਂਦੇ ਉਨ੍ਹਾਂ ਗੁਰਦੁਆਰਿਆਂ ਨੂੰ ਸੈਕਸ਼ਨ-85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕਰਨ ਲਈ ਕਿਹਾ ਜੋ ਯੋਗ ਹਨ।ਉਨ੍ਹਾਂ ਕਿਹਾ ਕਿ 35 ਤੋਂ ਵੱਧ ਇਨ੍ਹਾਂ ਗੁਰਦੁਆਰਿਆਂ ਸਬੰਧੀ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ।
    ਇਨ੍ਹਾਂ ਮੰਗਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮੁਲਾਕਾਤ ਲਈ ਸਮਾਂ ਦੇਣਗੇ, ਤਾਂ ਜੋ ਇਨ੍ਹਾਂ ਸਾਰੇ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਮੰਗ ਪੱਤਰ ਨੂੰ ਉਹ ਅਗਲੀ ਪ੍ਰਕਿਰਿਆ ਵਿਚ ਜ਼ਰੂਰ ਪਾਉਣਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply