Friday, April 26, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ

ਵਿਸ਼ੇਸ਼ ਕਿਸਮ ਦੇ ਫੁੱਲ ਤੇ ਸ਼ੁੱਧਤਾ ਵਾਲੇ ਪੌਦੇ ਵਾਤਾਵਰਣ ਦੀ ਬਣਨਗੇ ਪਾਰਕਾਂ ਦਾ ਸ਼ਿਗਾਰ -ਲੌਂਗੋਵਾਲ

PPN1007201815ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ ਤੇ ਸੁਗੰਧਤ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕਾਰਜ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ।ਇਸ ਕਾਰਜ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਕਰਵਾਉਣ ਦਾ ਫੈਸਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੀਤਾ ਗਿਆ ਸੀ ਅਤੇ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।
     ਬੀਤੇ ਕੱਲ੍ਹ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ਼ੁਰੂ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ।ਉਨ੍ਹਾਂ ਦੱਸਿਆ ਕਿ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਇਨ੍ਹਾਂ ਪਾਰਕਾਂ ਨੂੰ ਸੰਗਤਾਂ ਲਈ ਪ੍ਰੇਰਣਾ ਦੇ ਰੂਪ ਵਿਚ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਕਾਂ ਵਿਚ ਵਿਸ਼ੇਸ਼ ਕਿਸਮ ਦੇ ਫੁੱਲਾਂ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ ਵਾਲੇ ਪੌਦੇ ਵੀ ਲਗਾਏ ਜਾਣਗੇ।ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਰਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਪਿਛਲੇ ਕੁਝ ਮਹੀਨਿਆਂ ਤੋਂ ਕਾਰਸੇਵਾ ਭੂਰੀਵਾਲਿਆਂ ਰਾਹੀਂ ਬਾਗਬਾਨੀ ਦੇ ਮਾਹਿਰਾਂ ਅਤੇ ਪਾਰਕਾਂ ਦੇ ਡਿਜ਼ਾਈਨ ਤਿਆਰ ਕਰਨ ਵਾਲੀਆਂ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਸੀ।ਉਨ੍ਹਾਂ ਦੱਸਿਆ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਅਹਿਮਦਾਬਾਦ ਦੀ ਇੱਕ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਡਿਜ਼ਾਈਨ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਅਨੁਸਾਰ ਪਾਰਕਾਂ ਤਿਆਰ ਕੀਤੀਆਂ ਜਾਣਗੀਆਂ।
     ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਗਜੀਤ ਸਿੰਘ ਜੱਗੀ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੁਖਰਾਜ ਸਿੰਘ, ਇਕਬਾਲ ਸਿੰਘ ਮੁਖੀ, ਗੁਰਾ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ, ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਹਾਜ਼ਰ ਸਨ।

 

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply