Thursday, April 25, 2024

ਸੂਚਨਾ ਕੇਂਦਰ ’ਚ ਲਗਾਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

ਪ੍ਰਸਿੱਧ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਨੇ ਕੀਤੀ ਤਸਵੀਰਾਂ ਦੀ ਸੇਵਾ

2PPN1707201808ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।ਲੁਧਿਆਣਾ ਦੇ ਪ੍ਰਸਿੱਧ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਸਾਲਾਂ ਦੀ ਮਿਹਨਤ ਨਾਲ ਖਿੱਚੀਆਂ ਇਹ ਯਾਦਗਾਰੀ ਤਸਵੀਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਰਾਗਾਂ ਦੇ ਸਮੇਂ ਨਾਲ ਜੁੜਦੀਆਂ ਹੋਣ ਕਾਰਨ ਵਿਲੱਖਣ ਪ੍ਰਭਾਵ ਦਿੰਦੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਨਵੀਨੀਕਰਨ ਸਮੇਂ ਇਸ ਦੀ ਬੇਸਮੈਂਟ ਵਿਚ ਵਿਸ਼ੇਸ਼ ਮਹਿਮਾਨਾਂ ਦੇ ਸਨਮਾਨ ਲਈ ਦੋ ਕਮਰੇ ਤਿਆਰ ਕੀਤੇ ਗਏ ਸਨ, ਜਿਨ੍ਹਾਂ ਵਿਚ ਪ੍ਰਸਿੱਧ ਫੋਟੋ ਆਰਟਿਸਟ ਤੇਜ ਪ੍ਰਤਾਪ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਣ ਨੂੰ ਦਰਸਾਉਂਦੀਆਂ ਤਸਵੀਰਾਂ ਲਗਾਉਣ ਦੀ ਸੇਵਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਗਾਈਆਂ ਗਈਆਂ 23 ਤਸਵੀਰਾਂ ਵਿੱਚੋਂ 20 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ 24 ਘੰਟੇ ਦੇ ਅਧਿਆਤਮਿਕ ਵਾਤਾਵਰਣ ਅਤੇ ਰਾਗਾਂ ਦੇ ਸਮੇਂ ਅਨੁਸਾਰ ਹਨ, ਜਦਕਿ 3 ਤਸਵੀਰਾਂ ਬਦਲਦੀਆਂ ਰੁੱਤਾਂ ਦੇ ਪ੍ਰਭਾਵ ਨੂੰ ਦਰਸਾਉਂਦੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਨੂੰ ਵੇਖਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰੁੱਤਾਂ, ਰਾਗਾਂ ਤੇ ਪਹਿਰਾਂ ਆਦਿ ਅਨੁਸਾਰ ਵਾਤਾਵਰਣ ਨੂੰ ਕੁਝ ਮਿੰਟਾਂ ਵਿਚ ਮਹਿਸੂਸ ਕਰ ਸਕਣਗੇ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ’ਤੇ ਤੇਜਪ੍ਰਤਾਪ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।
ਇਸ ਦੌਰਾਨ ਤੇਜਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਉਨ੍ਹਾਂ ਦੀਆਂ ਤਸਵੀਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਨ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਇਹ ਤਸਵੀਰਾਂ ਉਨ੍ਹਾਂ ਨੇ 2006 ਤੋਂ ਲੈ ਕੇ 2008 ਤੱਕ ਦੇ ਸਮੇਂ ਵਿਚ ਖਿੱਚੀਆਂ ਹਨ।ਉਨ੍ਹਾਂ ਇਹ ਸੇਵਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਆਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।ਦੱਸਣਯੋਗ ਹੈ ਕਿ ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਵੱਖ-ਵੱਖ ਸਮਿਆਂ ਅਤੇ ਰੁੱਤਾਂ ’ਤੇ ਅਧਾਰਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਖਿੱਚੀਆਂ ਗਈਆਂ ਤਸਵੀਰਾਂ ਦੀ ‘ਰਾਗ ਰਤਨ’ ਨਾਂ ਦੀ ਇੱਕ ਪੁਸਤਕ ਵੀ ਪ੍ਰਕਾਸ਼ਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਰ੍ਹਾਂ ਮਹੀਨਿਆਂ ’ਤੇ ਅਧਾਰਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਵੀ ਇੱਕ ਪੁਸਤਕ ਤਿਆਰ ਕੀਤੀ ਹੈ, ਜਿਸ ਨੂੰ 2010 ਵਿਚ ਪੰਜਾਬ ਸਰਕਾਰ ਵੱਲੋਂ ਐਵਾਰਡ ਵੀ ਦਿੱਤਾ ਜਾ ਚੁੱਕਾ ਹੈ।
 

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply