Friday, March 29, 2024

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਲੌਂਗੋਵਾਲ ਨੇ ਕੀਤਾ ਸਨਮਾਨਿਤ

PPN0210201815ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਐਚ.ਈ. ਨਾਦਿਰ ਪਟੇਲ ਨੇ ਅੱਜ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਲਿਾਂ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪ੍ਰਸ਼ਾਦਾ ਛਕਿਆ ਅਤੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਨੇ ਗੁਰੂ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ, ਜਿਥੇ ਉਨ੍ਹਾਂ ਨੂੰ ਪਤਾਸਿਆਂ ਦਾ ਪ੍ਰਸ਼ਾਦ ਤੇ ਫੁੱਲ ਸਤਿਕਾਰ ਵਜੋਂ ਦਿੱਤੇ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਨਾਦਿਰ ਪਟੇਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ।
ਉਨ੍ਹਾਂ ਗੱਲਬਾਤ ਦੌਰਾਨ ਆਖਿਆ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਰਿਸ਼ਤੇ ਹਨ ਅਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ।ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੋਵੇਂ ਦੇਸ਼ ਖੇਤੀ ਅਤੇ ਵਿਦਿਅਕ ਖੇਤਰ ਵਿਚ ਇਕ ਦੂਸਰੇ ਦੇ ਸਹਿਯੋਗੀ ਬਣ ਰਹੇ ਹਨ।ਉਨ੍ਹਾਂ ਕਿਹਾ ਕਿ ਜਿਥੇ ਅੱਜ ਭਾਰਤ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀ ਜਾ ਰਹੇ ਹਨ, ਉਥੇ ਹੀ ਕੈਨੇਡਾ ਦੇ ਪਾੜ੍ਹੇ ਵੀ ਭਾਰਤ ਤੋਂ ਵਿਦਿਆ ਪ੍ਰਾਪਤ ਕਰਨ ਲਈ ਆਉਂਦੇ ਹਨ।ਪਟੇਲ ਨੇ ਕੈਨੇਡਾ ’ਚ ਸਿੱਖ ਦੀ ਸਥਿਤੀ ’ਤੇ ਕਿਹਾ ਕਿ ਉਥੇ ਸਿੱਖਾਂ ਨੇ ਆਪਣੀ ਮਿਹਨਤ ਤੇ ਲਿਆਕਤ ਨਾਲ ਚੰਗਾ ਸਥਾਨ ਹਾਸਲ ਕੀਤਾ ਹੈ ਅਤੇ ਉਥੇ ਸਿੱਖ ਗੁਰਦੁਆਰਾ ਸਾਹਿਬਾਨ ਸਰਬਸਾਂਝੀਵਾਲਤਾ ਦਾ ਉਪਦੇਸ਼ ਵੰਡ ਰਹੇ ਹਨ।ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ ਹਰ ਤਰ੍ਹਾਂ ਨਾਲ ਸਿੱਖਾਂ ਦੇ ਨਾਲ ਹੈ।ਉਨ੍ਹਾਂ ਸਨਮਾਨ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਗੁਰਬਚਨ ਸਿੰਘ ਲੇਹਲ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਲਖਬੀਰ ਸਿੰਘ, ਅਮਰਜੀਤ ਸਿੰਘ ਲੌਂਗੋਵਾਲ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply