Thursday, March 28, 2024

ਪਰਾਲੀ ਨੂੰ ਅੱਗ ਨਾ ਲਾਉਣ ਲਈ 5 ਜਾਗਰੂਕਤਾ ਮੋਬਾਇਲ ਵੈਨਾਂ ਨੂੰ ਦਿੱਤੀ ਹਰੀ ਝੰਡੀ

ਭੀਖੀ/ ਮਾਨਸਾ, 6 ਅਕਤੂਬਰ (ਪੰਜਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ PPN0610201805ਫਸਲਾਂ ਸਬੰਧੀ ਨਵੀਂ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਨਵੀਂ ਅਨਾਜ ਮੰਡੀ ਵਿਖੇ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਕੀਤਾ ਗਿਆ।ਕੈਂਪ ਵਿੱਚ 1300 ਤੋਂ ਵੀ ਵੱਧ ਕਿਸਾਨਾਂ ਨੇ ਭਾਗ ਲਿਆ।
    ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਦੱਸੀਆਂ ਗਈਆਂ ਸ਼ਿਫਾਰਸਾਂ `ਤੇ ਅਮਲ ਕਰਨ।ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਸਿਹਤ ਤੇ ਬੁਰਾ ਅਸਰ ਪੈਂਦਾ ਹੈ ਅਤੇ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ ਤੇ ਪਰਾਲੀ ਦੀ ਅੱਗ ਤੋਂ ਨਿਕਲਿਆ ਧੂੰਆਂ ਕਈ ਵਾਰ ਸੜਕਾਂ ਤੇ ਦੁਰਘਟਨਾਵਾਂ ਵਾਪਰਨ ਦਾ ਕਾਰਨ ਬਣਦਾ ਹੈ।ਕੈਂਪ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਨਾ ਸਾੜਨ ਲਈ ਜਾਗਰੁਕਤਾ ਮੁਹਿੰਮ ਚਲਾਉਣ ਲਈ 5 ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਣ ਰਹਿਤ ਵਾਤਾਵਰਣ ਦੇਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।   
    ਕੈਂਪ ਦੌਰਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁੱਟਸ) ਡਾ. ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਾਉਣੀ 2018 ਦੌਰਾਨ ਕਿਸਾਨਾਂ ਨੇ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਕੀਤੀ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿੱਚ ਸਾਉਣੀ 2018 ਵਿੱਚ 32000 ਮੀਟਰਕ ਟਨ ਡੀ.ਏ.ਪੀ ਦੀ ਘੱਟ ਖੱਪਤ ਹੋਈ ਹੈ ਅਤੇ ਇਸ ਤਰ੍ਹਾਂ ਕਰਨ ਨਾਲ ਕਿਸਾਨਾਂ ਦੇ ਲਗਭਗ 100 ਕਰੋੜ ਰੁਪਏ ਦੀ ਬਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਆਉਣ ਵਾਲੀ ਹਾੜੀ ਵਿੱਚ ਲਗਭਗ 12 ਲੱਖ ਟਨ ਯੂਰੀਆ ਅਤੇ 5 ਲੱਖ ਟਨ ਡੀ.ਏ.ਪੀ ਦੀ ਖਪਤ ਹੋਣੀ ਹੈ, ਜਿਸ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿੱਚ ਇਸ ਸਾਲ ਹਾੜੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਖਾਦਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
  ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਦੌਰਾਨ ਕਣਕ ਹੇਠ 1,71,000 ਹੈਕਟੇਅਰ, ਜ਼ੌਂ ਹੇਠ 1,000 ਹੈਕਟੇਅਰ ਅਤੇ ਸਰੋਂ ਹੇਠ 2,500 ਹੈਕਟੇਅਰ ਰਕਬਾ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੱਖ-ਵੱਖ ਖੇਤੀ ਸੰਦਾਂ/ਮਸ਼ੀਨਰੀ ਉਪਰ ਸਬਸਿਡੀ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਕਰੋੜ ਰੁਪਏ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ (ਡਾਇਰੈਕਟ ਬੈਨੇਫਿਟ ਟਰਾਂਸਫ਼ਰ) ਰਾਹੀਂ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ 10 ਕਰੋੜ ਰੁਪਏ ਦੀ ਸਬਸਿਡੀ ਵੈਰੀਫੀਕੇਸ਼ਨ ਕਰਨ ਉਪਰੰਤ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਜਲਦੀ ਹੀ ਪਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਹਾੜ੍ਹੀ ਦੌਰਾਨ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਜਮੀਨ ਵਿਚ ਦਬਾਉਣ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ।ਇਸ ਮੁਹਿੰਮ ਦੌਰਾਨ ਕਿਸਾਨਾਂ ਨੂੰ ਚੌਪਰ-ਕਮ-ਸਰੈਡਰ, ਹੈਪੀ ਸੀਡਰ, ਜੀਰੋ ਟਿਲ ਡਰਿੱਲ, ਮਲਚਰ ਅਤੇ ਰੋਟਾਵੇਟਰ ਰਾਹੀਂ ਝੋਨੇ ਦੇ ਨਾੜ ਨੂੰ ਜਮੀਨ ਵਿਚ ਦਬਾਅ ਕੇ ਕਣਕ ਦੀ ਬਿਜਾਈ ਕਰਵਾਉਣ ਲਈ ਪ੍ਰੇਰਿਆ ਜਾਵੇਗਾ।
ਇਸ ਤੋਂ ਇਲਾਵਾ ਇਸ ਖੇਤੀਬਾੜੀ ਕੈਂਪ ਵਿੱਚ ਅਗਾਂਹਵਧੂ ਕਿਸਾਨਾਂ ਕੁਲਵੰਤ ਸਿੰਘ ਪਿੰਡ ਝੇਰਿਆਂਵਾਲੀ, ਰਾਮ ਸਿੰਘ ਪਿੰਡ ਬੀਰੇਵਾਲਾ ਜੱਟਾਂ ਅਤੇ ਸ਼ਗਨਦੀਪ ਸਿੰਘ, ਪਿੰਡ ਟਾਂਡੀਆਂ ਦੇ ਕਿਸਾਨਾਂ ਨੇ ਨਰਮੇ ਦੀ ਫਸਲ ਵਿੱਚ ਬਿਨਾਂ ਸਪਰੇਆਂ ਤੋਂ ਚੰਗਾ ਝਾੜ ਲੈਣ ਦੇ ਨੁਕਤਿਆਂ ਬਾਰੇ ਦੱਸਿਆ।ਇਸ ਤੋਂ ਇਲਾਵਾ ਪਿੰਡ ਮੂਲੇਵਾਲਾ ਦੇ ਕਿਸਾਨ ਦਰਬਾਰਾ ਸਿੰਘ ਨੇ ਝੋਨੇ ਦੀ ਫਸਲ ਵਿੱਚ ਕੀੜੇਮਾਰ ਦਵਾਈਆਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਕਾਸ਼ਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।
    ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਗਰੁੱਪਾਂ ਵਲੋਂ ਤਿਆਰ ਕੀਤੀਆਂ ਵਸਤਾਂ ਦੀਆਂ ਲਗਾਈਆਂ ਗਈਆਂ ਨੁਮਾਇਸਾਂ ਵਿਸ਼ੇਸ ਖਿੱਚ ਦਾ ਕੇਂਦਰ ਰਹੀਆਂ।ਇਹਨਾਂ ਨੁਮਾਇਸਾਂ ਨੂੰ ਸਫਲ ਬਣਾਉਣ ਲਈ ਡਾ: ਮਨੋਜ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਅਤੇ ਫਕੀਰ ਚੰਦ, ਤਕਨੀਕੀ ਸਹਾਇਕ ਦਾ ਖਾਸ ਤੌਰ ਤੇ ਯੋਗਦਾਨ ਰਿਹਾ।
    ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਚਮਨਦੀਪ ਸਿੰਘ, ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਡਾ. ਜੀ.ਪੀ.ਐਸ ਸੋਢੀ, ਡਾ. ਭਰਤ ਸਿੰਘ, ਡਾ. ਗੁਰਦੀਪ ਸਿੰਘ, ਡਾ. ਪ੍ਰਿਤਪਾਲ ਸਿੰਘ, ਡਾ. ਜਸਜਿੰਦਰ ਕੌਰ, ਡਾ. ਜੋਰਾ ਸਿੰਘ ਬਰਾੜ, ਡਾ. ਡੂੰਗਰ ਸਿੰਘ ਬਰਾੜ, ਡਾ. ਮੰਗਲ ਦਾਸ ਭੂਮੀ ਪਰਖ ਅਫਸਰ, ਡਾ. ਭੀਮ ਅਵਤਾਰ ਖੇਤੀਬਾੜੀ ਅਫਸਰ, ਡਾ. ਜਸਲੀਨ ਕੌਰ ਧਾਲੀਵਾਲ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply