Tuesday, April 16, 2024

ਉੜੀਸਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 19 ਤੇ 20 ਨੂੰ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ PUNJ3012201808ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ `ਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ ਨੂੰ ਉੜੀਸਾ ਵਿਖੇ ਨਗਰ ਕੀਰਤਨ ਅਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ 19 ਜਨਵਰੀ ਨੂੰ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਸੰਪੂਰਣ ਹੋਵੇਗਾ।
    ਇਸ ਤੋਂ ਇਲਾਵਾ 20 ਜਨਵਰੀ ਨੂੰ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ।ਜੌੜਾਸਿੰਘਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥੇ ਅਤੇ ਕਥਾਵਾਚਕ ਸੰਗਤ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਅਨੁਸਾਰ ਇਨ੍ਹਾਂ ਸਮਾਗਮਾਂ ਦੇ ਮੱਦੇਨਜ਼ਰ ਉੜੀਸਾ ਦੇ ਵੱਖ-ਵੱਖ ਕਸਬਿਆਂ ਵਿਚ ਧਾਰਮਿਕ ਦੀਵਾਨਾਂ ਦੀ ਲੜੀ ਆਰੰਭੀ ਗਈ ਹੈ, ਜਿਸ ਦਾ ਪਹਿਲਾ ਸਮਾਗਮ ਉੜੀਸਾ ਦੇ ਭਦਰੱਕ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸੰਗਤ ਸਾਹਿਬ ਤੋਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 18 ਜਨਵਰੀ ਤੀਕ ਧਰਮ ਪ੍ਰਚਾਰ ਕਮੇਟੀ ਵੱਲੋਂ ਉੜੀਸਾ ਦੇ ਵੱਖ ਵੱਖ ਗੁਰੂ ਘਰਾਂ ਵਿਖੇ ਗੁਰਮਤਿ ਸਮਾਗਮ ਜਾਰੀ ਰਹਿਣਗੇ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਮੁੱਖ ਸਮਾਗਮਾਂ ਵਿਚ ਸ਼ਾਮਲ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮਾਂ ਦੀ ਸਫਲਤਾ ਲਈ ਉੜੀਸਾ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ, ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਤੇ ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆਂ ਲਗਾਤਾਰ ਕਾਰਜਸ਼ੀਲ ਹਨ।
    ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਪ੍ਰਧਾਨ ਮਹਿੰਦਰ ਸਿੰਘ ਭੁਵਨੇਸ਼ਵਰ, ਗੁਰਮੀਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਰੋੜਕਿਲ੍ਹਾ, ਗੁਰਦੀਪ ਸਿੰਘ ਸਾਬਕਾ ਸਕੱਤਰ ਰੋੜਕਿਲ੍ਹਾ, ਬੀਬੀ ਪਰਮਜੀਤ ਕੌਰ ਭਦਰੱਕ, ਗੁਰਦੇਵ ਸਿੰਘ ਕੱਟਕ ਸਮੇਤ ਹੋਰ ਸ਼ਖ਼ਸੀਅਤਾਂ ਭਰਵਾਂ ਸਹਿਯੋਗ ਦੇ ਰਹੀਆਂ ਹਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply