Saturday, April 20, 2024

ਸ਼੍ਰੋਮਣੀ ਕਮੇਟੀ ਦਾ 12 ਅਰਬ 5 ਕਰੋੜ 3 ਲੱਖ ਦਾ ਸਾਲਾਨਾ ਬਜਟ ਪਾਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਰੱਖੀ ਰਾਸ਼ੀ – ਲੌਂਗੋਵਾਲ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ PUNJ3003201912ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ।ਜਨਰਲ ਇਜਲਾਸ ਦੀ ਆਰੰਭਤਾ ਅਰਦਾਸ ਮਗਰੋਂ ਹੁਕਮਨਾਮੇ ਨਾਲ ਹੋਈ, ਜਦਕਿ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੁਰੂ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਭਾਈ ਸੁਲਤਾਨ ਸਿੰਘ ਅਰਦਾਸੀਆ ਵੀ ਮੌਜੂਦ ਸਨ। ਬਜਟ ਪੇਸ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਆਪਣੇ ਬਜਟ ਭਾਸ਼ਣ ਵਿਚ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਉਥੇ ਹੀ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ।
PUNJ3003201911ਸ਼੍ਰੋਮਣੀ ਕਮੇਟੀ ਦੇ ਇਸ ਸਾਲਾਨਾ ਬਜਟ ਵਿੱਚ ਜਨਰਲ ਬੋਰਡ ਫੰਡ ਲਈ 72 ਕਰੋੜ 50 ਲੱਖ ਰੁਪਏ, ਟਰੱਸਟ ਫੰਡ ਲਈ 50 ਕਰੋੜ 60 ਲੱਖ ਰੁਪਏ, ਵਿਦਿਆ ਫੰਡ 37 ਕਰੋੜ 40 ਲੱਖ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 7 ਕਰੋੜ 65 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 84 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 7 ਅਰਬ 1 ਕਰੋੜ 52 ਲੱਖ ਰੁਪਏ, ਸਿੱਧੇ ਅਤੇ ਅਟੈਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ 13 ਕਰੋੜ 36 ਲੱਖ ਰੁਪਏ ਅਤੇ ਵਿਦਿਅਕ ਅਦਾਰਿਆਂ ਲਈ  2 ਅਰਬ 38 ਕਰੋੜ ਰੁਪਏ ਰੱਖੇ ਗਏ ਹਨ।ਇਸ ਵਾਰ ਦੇ ਬਜਟ ਵਿਚ ਪਿਛਲੇ ਸਾਲ ਤੋਂ ਕਰੀਬ 4 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
    ਇਜਲਾਸ ਮਗਰੋਂ ਪ੍ਰੈਸ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕੀਤੀ ਅਤੇ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੱਸਿਆ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਇਸ ਸਾਲ ਨਵੰਬਰ ਮਹੀਨੇ ਵਿਚ ਪਹਿਲੇ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾਵੇਗਾ।ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਬਜਟ ਵਿਚ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਲਈ 12 ਕਰੋੜ 63 ਲੱਖ ਰੁਪਏ ਦੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।ਇਸ ਤੋਂ ਇਲਾਵਾ ਸਿੱਖ ਇਤਿਹਾਸ ਸਬੰਧੀ ਪ੍ਰਤੀਯੋਗਤਾ ਮੁਕਾਬਲਿਆਂ, ਧਾਰਮਿਕ ਪ੍ਰੀਖਿਆ, ਪੱਤਰ ਵਿਹਾਰ ਕੋਰਸ ਆਦਿ ਲਈ 19 ਕਰੋੜ 30 ਲੱਖ ਰੁਪਏ ਰੱਖੇ ਗਏ ਹਨ।ਉਨਾਂ ਦੱਸਿਆ ਕਿ ਬਜਟ `ਚ ਸਿਕਲੀਗਰ, ਵਣਜਾਰੇ ਸਿੱਖਾਂ, ਪੰਜਾਬ ਤੇ ਪੰਜਾਬ ਤੋਂ ਬਾਹਰਲਿਆਂ ਗੁਰਦੁਆਰਾ ਸਾਹਿਬਾਨ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ 14 ਕਰੋੜ 50 ਲੱਖ ਰੁਪਏ ਰਾਖਵੇਂ ਹੋਣਗੇ।ਮਸਲਿਆਂ ਦੀ ਪੈਰਵਾਈ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।ਉਨ੍ਹਾਂ ਦੱਸਿਆ ਕਿ ਖ਼ਾਲਸਾਈ ਖੇਡਾਂ ਲਈ 60 ਲੱਖ ਰੁਪਏ, ਸਿੱਖ ਖਿਡਾਰੀਆਂ ਲਈ 1 ਕਰੋੜ ਰੁਪਏ, ਧਰਮ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 2 ਕਰੋੜ ਰੁਪਏ, ਸਿੱਖ ਮਿਸ਼ਨਾਂ ਲਈ 8 ਕਰੋੜ ਰੁਪਏ, ਸਿੱਖ ਇਤਿਹਾਸ ਖੋਜ ਅਤੇ ਛਪਾਈ ਲਈ 70 ਲੱਖ ਰੁਪਏ ਅਤੇ ਕੁਦਰਤੀ ਆਫਤਾਂ ਲਈ ਵੀ 70 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਭਾਈ ਲੌਂਗੋਵਾਲ ਅਨੁਸਾਰ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ, ਗੁਰਦੁਆਰਾ ਸਾਹਿਬਾਨ ਅੰਦਰ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਕਾਰਜਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵੀ ਯੋਜਨਾਵਾਂ ਬਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ’ਤੇ ਸੁੰਦਰ ਯਾਦਗਾਰੀ ਗੇਟ ਵੀ ਉਸਾਰੇ ਜਾ ਰਹੇ ਹਨ।ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਮੂਲ ਮੰਤਰ ਅਸਥਾਨ ਦਾ ਨਿਰਮਾਣ ਜਾਰੀ ਹੈ ਅਤੇ ਇਸੇ ਤਰ੍ਹਾਂ ਸੰਗਤ ਦੇ ਠਹਿਰਣ ਲਈ ਵਿਸ਼ਾਲ ਪੱਧਰ ’ਤੇ ਨਿਵਾਸਾਂ ਦੇ ਨਾਲ-ਨਾਲ ਵਾਹਨ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਤੇ ਬੀਬੀ ਕਿਰਨਜੋਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਮੌਕੇ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਬਿੱਕਰ ਸਿੰਘ ਚੰਨੂ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼ਿੰਗਾਰਾ ਸਿੰਘ ਲੋਹੀਆ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਸਿੰਘ ਜ਼ਫਰਵਾਲ, ਖੁਸ਼ਵਿੰਦਰ ਸਿੰਘ ਭਾਟੀਆ, ਤਾਰਾ ਸਿੰਘ ਸੱਲਾ, ਜਰਨੈਲ ਸਿੰਘ ਕਰਤਾਰਪੁਰ, ਅਮਰੀਕ ਸਿੰਘ ਵਿਛੋਆ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਬਲਦੇਵ ਸਿੰਘ ਚੂੰਘਾ, ਭਗਵੰਤ ਸਿੰਘ ਸਿਆਲਕਾ, ਨਵਤੇਜ ਸਿੰਘ ਕਾਉਣੀ, ਬਲਜੀਤ ਸਿੰਘ ਜਲਾਲਉਸਮਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਕੇਵਲ ਸਿੰਘ ਗਿੱਲ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply