Thursday, April 25, 2024

ਉਲੰਪਿਕ ਖੇਡਾਂ ਲਈ ਚੁਣੇ ਗਏ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ – ਏ.ਡੀ.ਸੀ

ਰਾਣਾ ਸੋਢੀ ਨੇ ਖਿਡਾਰੀਆਂ ਨੂੰ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਸ਼ੁੱਭ ਕਾਮਨਾਵਾਂ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਟੋਕਿਓ ਵਿੱਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ ਚੁਣੇ ਗਏ ਹਨ।ਜਿਨਾਂ ਵਿੱਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸਿੰਗ ਰਾਹੀਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਪੰਜੇ ਖਿਡਾਰੀ ਹਾਕੀ ਲਈ ਚੁਣੇ ਗਏ ਹਨ।ਜਿਨਾਂ ਵਿੱਚ ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜੀਤ ਕੌਰ ਹੈ।ਇਨਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਏ.ਡੀ.ਸੀ ਨੇ ਕਿਹਾ ਕਿ ਇਹ ਖਿਡਾਰੀ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।
ਇਸ ਤੋਂ ਪਹਿਲਾਂ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਆਪਣੇ ਪ੍ਰਦਰਸ਼ਨ ਰਾਹੀਂ ਸੂਬੇ ਤੇ ਦੇਸ਼ ਦਾ ਨਾਮ ਚਮਕਾਉਣ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ‘ਚ ਤਮਗੇ ਜਿੱਤ ਕੇ ਘਰ ਪਰਤਣਗੇ।
                ਪੰਜਾਬ ਦੇ ਖਿਡਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ।
                          ਰਾਣਾ ਸੋਢੀ ਨੇ ਕਿਹਾ ਕਿ ਉਮੀਦ ਹੈ ਕਿ ਟੋਕੀਓ ਉਲੰਪਿਕਸ ਵਿੱਚ ਭਾਰਤ ਵਲੋਂ ਤਕਰੀਬਨ 190 ਮੈਂਬਰੀ ਦਲ ਭਾਗ ਲਵੇਗਾ, ਜਿਸ ਵਿਚੋਂ 100 ਅਥਲੀਟ ਪਹਿਲਾਂ ਹੀ ਕੁਆਲੀਫਾਈ ਕਰ ਚੁੱਕੇ ਹਨ।ਇਨ੍ਹਾਂ ਵਿੱਚ 56 ਪੁਰਸ਼ ਤੇ 44 ਔਰਤਾਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ 25 ਤੋਂ 30 ਹੋਰ ਅਥਲੀਟ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਇਨ੍ਹਾਂ ਖੇਡਾਂ ਲਈ ਕੁਆਲੀਫਾਈ ਕਰਨਗੇ।
                        ਇਸ ਮੌਕੇ ਜ਼ਿਲਾ ਖੇਡ ਅਫ਼ਸਰ ਗੁਰਲਾਲ ਸਿੰਘ ਤੇ ਜਿਲਾ ਸੂਚਨਾ ਅਫ਼ਸਰ ਰਣਜੀਤ ਸਿੰਘ ਤੋਂ ਇਲਾਵਾ ਖਿਡਾਰੀਆਂ ਦੇ ਮਾਤਾ ਪਿਤਾ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …