Friday, March 29, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਦਿਨਾਂ ਹਾਕੀ ਟੂਰਨਾਂਮੈਂਟ ਦਾ ਸ: ਮਜੀਠੀਆ ਨੇ ਕੀਤਾ ਉਦਘਾਟਨ

PPN1711201409
ਚਵਿੰਡਾ ਦੇਵੀ, 17 ਨਵੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਆਦਿ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆਉਂਦੀਆਂ ਮੰਗਾਂ ਦੀ ਵਕਾਲਤ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
ਸ: ਮਜੀਠੀਆ ਅੱਜ ਇੱਥੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਦਿਨਾਂ ਸਰਦਾਰ ਸੁੰਦਰ ਸਿੰਘ ਮਜੀਠੀਆ ਹਾਕੀ ਟੂਰਨਾਮੈਂਟ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖਮ ਭਰੇ ਨਹੀਂ ਜਾ ਸਕਦੇ। ਉਨ੍ਹਾਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ੩੦ ਸਾਲਾਂ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਾ ਮਿਲਣਾ ਦੇਸ਼ ਦੇ ਮੱਥੇ ਗਹਿਰਾ ਕਲੰਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਨੂੰ ਉਹ ਅਪੀਲ ਕਰਦੇ ਹਨ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਸਿੱਖ ਕਤਲੇਆਮ ਦੇ ਤਮਾਮ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਵਿਸ਼ੇਸ਼ ਜਾਂਚ ਟੀਮਾਂ ਅਤੇ ਅਦਾਲਤਾਂ ਗਠਿਤ ਕਰਨ, ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਪੰਜਾਬ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਹਲ ਕਰਨ ਵਲ ਤੁਰੰਤ ਧਿਆਨ ਦੇਣ।
ਇਸ ਮੌਕੇ ਇੱਕ ਸਵਾਲ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਬਚਾਓ ਨਹੀਂ ਸਗੋਂ ਬਾਜਵਾ ਭਜਾਓ ਕਾਂਗਰਸ ਬਚਾਓ ਮੁਹਿੰਮ ਚਲਾਉਣ ਵਿੱਚ ਤਵਜੋਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਕਾਂਗਰਸ ਭਜਾਓ ਹਿੰਦ ਬਚਾਓ ਮੁਹਿੰਮ ਨੂੰ ਹੋਰ ਤੇਜ ਕਰਨ ਦੀ ਹੈ।
ਇਸ ਤੋਂ ਪਹਿਲਾਂ ਸ: ਮਜੀਠੀਆ ਨੇ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਏਕਤਾ ਤੇ ਭਾਈਚਾਰਕ ਸਾਂਝ ਪੈਦਾ ਕਰਨ ਦਾ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਨੌਜਵਾਨ ਸ਼ਕਤੀ ਨੂੰ ਖੇਡਾਂ ਵਲ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਖ਼ਾਲਸਾ ਕਾਲਜ ਸਥਾਪਿਤ ਕਰਨ ਲਈ ਉਨ੍ਹਾਂ ਦੇ ਬਜ਼ੁਰਗ ਸ: ਸੁੰਦਰ ਸਿੰਘ ਮਜੀਠੀਆ ਦੇ ਅਹਿਮ ਰੋਲ ਬਾਰੇ ਵੀ ਚਾਨਣਾ ਪਾਇਆ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਨੇ ਮੁੱਖ ਮਹਿਮਾਨ ਸ: ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਧੰਨਵਾਦ ਕੀਤਾ।
ਪਿੰ: ਡਾ. ਬਲਜਿੰਦਰ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਕਿਹਾ ਕਿ ਕਾਲਜ ਭਵਿੱਖ ਦੌਰਾਨ ਬਚਿਆਂ ਨੂੰ ਹਰ ਦਰਪੇਸ਼ ਚੁਣੌਤੀ ਦਾ ਸਾਹਮਣਾ ਕਰਨ ਯੋਗ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਾਕੀ ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ। ਇਸ ਮੌਕੇ ਸ: ਮਜੀਠੀਆ ਨੇ ਮਾਰਚ ਪਾਸ ਤੋਂ ਸਲਾਮੀ ਲਈ। ਦੋ ਦਿਨਾ ਟੂਰਨਾਮੈਂਟ ਵਿੱਚ ਹਾਕੀ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ।
ਇਸ ਮੌਕੇ ਸ: ਰਾਜ ਮਹਿੰਦਰ ਸਿੰਘ ਮਜੀਠਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਅਮਰਜੀਤ ਸਿੰਘ ਬੰਡਾਲਾ, ਸਾਬਕਾ ਐਸ ਐਸ ਪੀ ਸੁਖਦੇਵ ਸਿੰਘ, ਡਾ ਸੁਖਦੇਵ ਸਿੰਘ , ਸੁਖਦੇਵ ਸਿੰਘ ਅਬਦਾਲ, ਸੁਖਵਿੰਦਰ ਸਿੰਘ ਆਰਕੀਟੈਕਟ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ, ਗੁਰਵੇਲ ਸਿੰਘ ਅਲਕੜੇ, ਤਰਸੇਮ ਸਿੰਘ ਸਿਆਲਕਾ, ਸਵਰਨਜੀਤ ਸਿੰਘ ਕੁਰਾਲੀਆ, ਸੀਤਲ ਸਿੰਘ ਭੋਆ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਸਰਪੰਚ ਗੰਗਾ ਸਿੰਘ  ਮੈਨੇਜਰ ਜਸਪਾਲ ਸਿੰਘ ਢਡੇ, ਦਿਲਬਾਗ ਸਿੰਘ ਲਹਿਰਕਾ, ਜਸਪਾਲ ਸਿੰਘ ਭੋਆ, ਡੀਐਸਪੀ ਹਰਸਿਮਰਤ ਸਿੰਘ ਛੇਤਰਾ, ਕਰਨੈਲ ਸਿੰਘ ਪਾਖਰ ਪੁਰਾ, ਅਜੀਤ ਪਾਲ ਸਿੰਘ, ਮਲੂਕ ਸਿੰਘ ਫਤੂਭੀਲਾ, ਬੱਬੀ ਭੰਗਵਾਂ, ਰਤਨ ਸਿੰਘ ਫਤੂਭੀਲਾ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply