Saturday, April 20, 2024

ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਮਾਰਚ ਤੇ ਸਮਾਗਮ ਦਾ ਆਯੋਜਨ

ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲਵ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲ ਹੈ, ਜਿਸ ਨੇ ਸਿੱਖ ਕੌਮ ਦੇ ਅਕਸ ਨੂੰ ਦੁਨੀਆਂ ਭਰ ਵਿਚ ਹੋਰ ਉਭਾਰਿਆ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਘਟਗਿਣਤੀ ਸਿੱਖਾਂ ਨੇ ਹਮੇਸ਼ਾ ਹੀ ਵੱਡੀਆਂ ਕੁਰਬਾਨੀਆਂ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ ਅੱਜ ਘਟਗਿਣਤੀਆਂ ਨੂੰ ਆਪਣੇ ਹੀ ਦੇਸ਼ ਅੰਦਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਸਿੱਖਾਂ ਦਾ ਘੱਟਗਿਣਤੀ ਸਟੇਟਸ ਖੋਹਣ ਲਈ ਵੀ ਚਾਲਾਂ ਚਲੀਆਂ ਜਾ ਰਹੀਆਂ ਹਨ, ਪਰ ਸਿੱਖ ਕੌਮ ਅਜਿਹੀਆਂ ਕੋਝੀਆਂ ਹਰਕਤਾਂ ਕਾਮਯਾਬ ਨਹੀਂ ਹੋਣ ਦੇਵੇਗੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਰਾਹ ਦਿਖਾਉਂਦਾ ਹੈ ਅਤੇ ਹਰ ਸਿੱਖ ਨੂੰ ਆਪਣੇ ਇਸ ਇਤਿਹਾਸ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਸਿੱਖ ਇਤਿਹਾਸ ਨੂੰ ਨੌਜੁਆਨੀ ਤੱਕ ਪਹੁੰਚਾਉਣ ਲਈ ਵੱਡੇ ਯਤਨ ਕਰ ਰਹੀ ਹੈ।
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨੌਜੁਆਨੀ ਲਈ ਰਾਹ-ਦਸੇਰਾ ਹੈ ਅਤੇ ਖਾਸਕਰ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਸਕੂਲ ਸਿਲੇਬਸ ਵਿਚ ਸਾਰਾਗੜ੍ਹੀ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਯਤਨ ਕੀਤਾ ਜਾਵੇਗਾ ਅਤੇ ਚੀਫ ਖਾਲਸਾ ਦੀਵਾਨ ਦੇ ਸਕੂਲਾਂ ਵਿਚ ਵੀ ਬੱਚਿਆਂ ਇਹ ਪੰਨੇ ਪੜ੍ਹਾਏ ਜਾਣਗੇ।
ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੀ 10 ਵੱਡੀਆਂ ਜੰਗਾਂ ਵਿਚ ਸ਼ਾਮਲ ਹੈ, ਕਿਉਂਕਿ ਇਸ ਜੰਗ ਦੌਰਾਨ ਕੇਵਲ 21 ਸਿੱਖ ਫ਼ੌਜੀਆਂ ਨੇ 10 ਹਜ਼ਾਰ ਕਬਾਇਲੀਆਂ ਦਾ ਮੁਕਾਬਲਾ ਕੀਤਾ ਸੀ। ਇਸ ਜੰਗ ਦੇ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖਾਂ ਨੂੰ ਸਦਾ ਮਾਣ ਰਹੇਗਾ।
ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਜੋਸਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਰਾਗੜ੍ਹੀ ਜੰਗ ਬਾਰੇ ਇਕ ਵਿਸ਼ੇਸ਼ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਸ਼ਹੀਦ ਫ਼ੌਜੀਆਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਦਿੱਤੇ ਗਏ।ਸਟੇਜ ਦੀ ਸੇਵਾ ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸੁਖਜਿੰਦਰ ਸਿੰਘ ਪ੍ਰਿੰਸ, ਬੀਬੀ ਰਮਨੀਤ ਕੌਰ ਬਾਵਾ, ਮੈਨੇਜਰ ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …