Friday, April 19, 2024

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਇਕ ਵਿਸ਼ੇਸ਼ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਹ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਜਨਾਬ ਅਫਤਾਬ ਹਸਨ ਖਾਨ ਨੂੰ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਲਿਖਿਆ ਪੱਤਰ ਸੌਂਪਿਆ।ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਵਫਦ ਵਿਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਹਰਵਿੰਦਰ ਸਿੰਘ ਸਰਨਾ, ਪ੍ਰਭਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਇੰਚਾਰਜ਼ ਰਾਜਿੰਦਰ ਸਿੰਘ ਰੂਬੀ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਵਫਦ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਈ ਕਮਿਸ਼ਨ ਨੂੰ ਦੱਸਿਆ ਕਿ ਸਿੱਖ ਇਤਿਹਾਸ ਨਾਲ ਸਬੰਧਤ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ।ਜਿਸ ਧਰਤੀ ’ਤੇ ਇਹ ਸਾਕਾ ਵਾਪਰਿਆ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਉਥੇ ਵੀ ਵੱਡਾ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ।ਸ਼੍ਰੋਮਣੀ ਕਮੇਟੀ ਵਫਦ ਨੇ ਹਾਈ ਕਮਿਸ਼ਨਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਚਾਹੁੰਦੀਆਂ ਹਨ, ਜਿਸ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਖੁਲਦਿੱਲੀ ਨਾਲ ਵੀਜ਼ੇ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਕਿ ਅਗਾਊਂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਕਰਕੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ।
ਵਫਦ ਆਗੂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕਮਿਸ਼ਨ ਨੂੰ ਆਮ ਸਮਿਆਂ ਦੌਰਾਨ ਵੀ ਸ਼ਰਧਾਲੂਆਂ ਨੂੰ ਖੁੱਲਦਿੱਲੀ ਨਾਲ ਵੀਜ਼ੇ ਦੇਣ ਲਈ ਕਿਹਾ ਗਿਆ ਹੈ।ਉਨਾਂ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਯਕੀਨ ਦਿਵਾਇਆ ਕਿ ਸ਼ਤਾਬਦੀ ਦੇ ਇਤਿਹਾਸਕ ਦਿਹਾੜੇ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ, ਜਿਸ ਲਈ ਸਿੱਖ ਸੰਸਥਾਵਾਂ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਕੇ ਜਲਦ ਭੇਜਣ।ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਜਾਬ ਤੇ ਹਰਿਆਣੇ ਨਾਲ ਸਬੰਧਤ ਸਿੱਖ ਸ਼ਰਧਾਲੂਆਂ ਦੀਆਂ ਲਿਸਟਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਰਨਾ ਭਰਾ ਦਿੱਲੀ ਨਾਲ ਸਬੰਧਤ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਫਦ ਨੇ ਪਾਕਿਸਤਾਨ ਵਿਖੇ ਹੜ੍ਹਾਂ ਦੀ ਬਣੀ ਸਥਿਤੀ ’ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਸਵਾਸ਼ ਦਵਾਇਆ ਕਿ ਜੇਕਰ ਪਾਕਿਸਤਾਨ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਆਗਿਆ ਦੇਵੇਗੀ ਤਾਂ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕਰਕੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …