Saturday, April 20, 2024

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਦੋਸ਼ੀ ਦੀ ਜ਼ਮਾਨਤ ਰੱਦ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਦਾਖਲ ਹੋਏ ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖ਼ਾਸਤ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀ.ਐਸ ਰਲਹਨ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਅਦਾਲਤ ਵਿਚ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ।ਦੂਸਰੇ ਪਾਸੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼, ਜਿਸ ਵਿਚ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਧਾਰਾ 153-ਏ ਅਧੀਨ ਕੇਸ ਦਰਜ਼ ਕੀਤਾ ਗਿਆ ਹੈ।ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿਆਲਕਾ ਤੇ ਮਨਜੀਤ ਸਿੰਘ ਛੀਨਾ ਪੇਸ਼ ਹੋਏ, ਇਨ੍ਹਾਂ ਦੇ ਨਾਲ ਸਹਾਇਕ ਵਜੋਂ ਸਵੈਜੀਤ ਸਿੰਘ ਸਿਆਲਕਾ, ਰੋਹਿਤ ਸ਼ਰਮਾ, ਸੁਖਰਾਜ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ, ਬਲਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ।ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲਾ ਕੇਕ ਉਨ੍ਹਾਂ ਦੇ ਜਨਮ ਦਿਨ ‘ਤੇ ਕੱਟਿਆ ਸੀ, ਜਿਸ ਮਗਰੋਂ ਇਨ੍ਹਾਂ ਨੂੰ ਧਮਕੀਆਂ ਵੀ ਮਿਲੀਆਂ ਅਤੇ ਪੁਲਿਸ ਨੇ ਇਨ੍ਹਾਂ ਨੂੰ ਸੁਰੱਖਿਆ ਦਿੱਤੀ।ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖ਼ਲ ਹੋਇਆ, ਪਰ ਮਗਰੋਂ ਇਹ ਉਕਤ ਟੀ-ਸ਼ਰਟ ਜਿਸ ਉਤੇ ਜਗਦੀਸ਼ ਟਾਈਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖ਼ਲ ਹੋਇਆ ਤੇ ਤਸਵੀਰਾਂ ਖਿੱਚੀਆਂ, ਜੋ ਬਾਅਦ ਵਿਚ ਇਸ ਨੇ ਸੋਸ਼ਲ ਮੀਡੀਆ ‘ਤੇ ਪਾਈਆਂ।ਇਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਵੀ ਨਹੀਂ ਪੁੱਜਾ, ਸੋ ਇਸ ਤੋਂ ਸਪੱਸ਼ਟ ਹੈ ਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਕਥਿਤ ਦੋਸ਼ੀ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …