Saturday, April 20, 2024

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਨਿੰਦਾ

ਸਰਕਾਰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਪੰਜਾਬੀਆਂ ਦੇ ਹੱਕਾਂ ’ਤੇ ਮਾਰ ਰਹੀ ਹੈ ਡਾਕਾ- ਧਾਮੀ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਮਾਂ-ਭਾਸ਼ਾ, ਵਿਰਾਸਤ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣ ਦੇ ਰਾਹ ਤੁਰੀ ਹੋਈ ਹੈ।ਇਹ ਪੰਜਾਬ ਦੇ ਨੌਜੁਆਨਾਂ ਨੂੰ ਅਸਰ-ਅੰਦਾਜ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੇ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰਨ ਲਈ ਗੈਰ ਪੰਜਾਬੀਆਂ ਦੀ ਭਰਤੀ ਲਈ ਵੀ ਰਾਹ ਖੋਲ੍ਹਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਨੂੰ ਹਰ ਪੱਧਰ ’ਤੇ ਲਾਗੂ ਕਰਨ ਦੀਆਂ ਗੱਲਾਂ ਕਰ ਕੇ ਕੇਵਲ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕਰਕੇ ਹਰ ਸਰਕਾਰੀ ਕਾਰਵਾਈ ਅੰਗਰੇਜ਼ੀ ਵਿਚ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਭਗਵੰਤ ਸਿੰਘ ਮਾਨ ਦੇ ਬੀਤੇ ਸਮੇਂ ਦੌਰਾਨ ਜਾਰੀ ਕੀਤੇ ਗਏ ਕਈ ਆਦੇਸ਼ ਹਨ।ਉਹ ਜਦੋਂ ਵੀ ਕੋਈ ਐਲਾਨ ਜਾਂ ਸਰਕੂਲਰ ਜਾਰੀ ਕਰਦੇ ਹਨ ਤਾਂ ਉਹ ਅੰਗਰੇਜ਼ੀ ਭਾਸ਼ਾ ਵਿਚ ਹੁੰਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ।ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਪੰਜਾਬ ਅਤੇ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ਾਂ ਨੂੰ ਪਛਾਣਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਹਰ ਪੰਜਾਬੀ ਨੂੰ ਇਸ ਦੇ ਵਿਰੋਧ ਵਿਚ ਖੜ੍ਹਾ ਹੋਣਾ ਚਾਹੀਦਾ ਹੈ।ਧਾਮੀ ਨੇ ਕਿਹਾ ਕਿ ਪੰਜਾਬੀ ਮਾਂ-ਭਾਸ਼ਾ ਨੂੰ ਨੀਵਾਂ ਦਿਖਾਉਣ ਵਾਲੀ ਹਰ ਕਾਰਵਾਈ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਰਹੇਗੀ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …