ਯੂ.ਐਨ.ਓ ਕੋਲ ਪਹੁੰਚ ਕਰਨ ਦੀ ਵੀ ਕੀਤੀ ਤਿਆਰੀ
ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਪ੍ਰੋਫਾਰਮੇ ਵੀ ਭਰਵਾਉਣਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਸਬੰਧੀ ਇੱਛਾ ਪ੍ਰਗਟਾਈ ਜਾ ਰਹੀ ਹੈ, ਪਰੰਤੂ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੱਕ ਨਾ ਪੁੱਜ ਸਕਣ ਕਰਕੇ ਉਹ ਵਾਂਝੇ ਰਹਿ ਰਹੇ ਹਨ।ਇਸ ਨੂੰ ਵੇਖਦਿਆਂ ਪਿੰਡ ਪੱਧਰ ਤੱਕ ਪ੍ਰੋਫਾਰਮੇ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਲੱਖ ਪ੍ਰੋਫਾਰਮੇ ਭਰਵਾ ਕੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਨੂੰ ਸੌਂਪੇ ਜਾਣਗੇ।ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂ.ਐਨ.ਓ ਪਾਸ ਉਠਾਉਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ।ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂ.ਐਨ.ਓ ਨੂੰ ਭੇਜਿਆ ਜਾਵੇਗਾ।
ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ।ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਸਰਵਨ ਸਿੰਘ ਕੁਲਾਰ, ਭਾਈ ਮਨਜੀਤ ਸਿੰਘ, ਬਲਜੀਤ ਸਿੰਘ ਜਲਾਲਉਸਮਾਂ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਗੁਰਮੀਤ ਸਿੰਘ ਬੂਹ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਗੁਰਪ੍ਰੀਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਪ੍ਰੀਤਮ ਸਿੰਘ ਮਲਸੀਆਂ, ਦਰਸ਼ਨ ਸਿੰਘ ਸ਼ੇਰ ਖਾਂ, ਖੁਸ਼ਵਿੰਦਰ ਸਿੰਘ ਭਾਟੀਆ, ਦਰਸ਼ਨ ਸਿੰਘ ਬਰਾੜ, ਅਮਰੀਕ ਸਿੰਘ ਵਿਛੋਆ, ਬੀਬੀ ਜੋਗਿੰਦਰ ਕੌਰ, ਬੀਬੀ ਜਸਬੀਰ ਕੌਰ ਜੱਫਰਵਾਲ, ਬੀਬੀ ਸਵਰਨ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਕੁਲਦੀਪ ਸਿੰਘ ਤੇੜਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਰਾਜਿੰਦਰ ਸਿੰਘ ਰੂਬੀ ਤੇ ਹੈਡ ਪ੍ਰਚਾਰਕ ਜਗਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ।