Wednesday, April 24, 2024

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ‘ਚ ਪੰਜ ਗਾਈਡ ਕੀਤੇ ਤੈਨਾਤ

ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀ ਸੰਗਤ ਦੀ ਸਹੂਲਤ ਲਈ ਪਰਕਰਮਾ ਅੰਦਰ ਪੰਜ ਗਾਈਡ ਤੈਨਾਤ ਕੀਤੇ ਹਨ।ਬੀਤੇ ਕੁੱਝ ਦਿਨ ਪਹਿਲਾਂ ਲਗਾਏ ਗਏ ਇਹ ਕਰਮਚਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ ਅਤੇ ਲੰਗਰ ਆਦਿ ਬਾਰੇ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਦਬ-ਸਤਿਕਾਰ ਅਤੇ ਮਰਯਾਦਾ ਬਾਰੇ ਵੀ ਸੰਗਤ ਨੂੰ ਜਾਗਰੂਕ ਕਰਦੇ ਰਹਿਣ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਨ੍ਹਾਂ ਗਾਈਡਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਧਾਮੀ ਨੇ ਇਨ੍ਹਾਂ ਨੂੰ ਆਖਿਆ ਕਿ ਹਰ ਸ਼ਰਧਾਲੂ ਨੂੰ ਅਦਬ ਸਹਿਤ ਲੋੜੀਂਦੀ ਜਾਣਕਾਰੀ ਦਿੱਤੀ ਜਾਵੇ ਅਤੇ ਸਿੱਖ ਸੱਭਿਆਚਾਰ ਅਤੇ ਮਰਯਾਦਾ ਤੋਂ ਅਣਜਾਣ ਸ਼ਰਧਾਲੂਆਂ ਨੂੰ ਗੁਰੂ ਘਰ ਅੰਦਰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮੌਕੇ ਇਥੋਂ ਦੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ ਦਾ ਪਾਲਣ ਕਰਨ ਲਈ ਪ੍ਰੇਰਿਆ ਜਾਵੇ।ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰੀ ਦੁਨੀਆਂ ਵਿੱਚੋਂ ਸ਼ਰਧਾਲੂ ਪੁੱਜਦੇ ਹਨ।ਇਥੇ ਸ਼ਰਧਾਲੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਗਾਈਡ ਤੈਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਗਾਈਡ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਪਹਿਲਾਂ ਤੋਂ ਹੀ ਕਾਰਜਸ਼ੀਲ ਸ੍ਰੀ ਦਰਬਾਰ ਸਾਹਿਬ ਦੇ ਉਨ੍ਹਾਂ ਕਰਮਚਾਰੀਆਂ ਵਿੱਚੋਂ ਚੁਣੇ ਗਏ ਹਨ, ਜਿਨ੍ਹਾਂ ਦੀ ਯੋਗਤਾ ਤਸੱਲੀਬਖ਼ਸ਼ ਹੈ।ਉਨ੍ਹਾਂ ਕਿਹਾ ਕਿ ਇਹ ਗਾਈਡ ਲਗਾਉਣ ਤੋਂ ਬਾਅਦ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸੰਗਤਾਂ ਵੀ ਸੰਤੁਸ਼ਟ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਿਸ਼ਾਨ ਸਿੰਘ ਅਤੇ ਬਿਕਰਮਜੀਤ ਸਿੰਘ ਝੰਗੀ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …