Tuesday, March 21, 2023

ਨਸ਼ਿਆਂ ਦੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ

ਅੰਮ੍ਰਿਤਸਰ ਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਨਾਲ  ਕੀਤੀ ਮੀਟਿੰਗ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇਸ ਮੁੱਦੇ ‘ਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ, ਉਨ੍ਹਾਂ ਸੱਦਾ ਦਿੱਤਾ ਹੈ ਕਿ ਇਹ ਪਾਕਿਸਤਾਨ ਵਲੋਂ ਭਾਰਤ ਵਿਰੁੱਧ ਲੁੱਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਹੈ ਅਤੇ ਇਸ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇ।ਉਨ੍ਹਾਂ ਨਾਲ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਭਾਰੀ ਸੈਕਟਰੀ ਸਰਵਜੀਤ ਸਿੰਘ ਤੇ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਜਸਕਰਨ ਸਿੰਘ, ਆਈ.ਜੀ ਮੋਹਨੀਸ਼ ਚਾਵਲਾ, ਡੀ.ਆਈ.ਜੀ ਰਣਜੀਤ ਸਿੰਘ ਢਿੱਲੋਂ, ਕਮਿਸ਼ਨਰ ਸੰਦੀਪ ਰਿਸ਼ੀ, ਤਰਨਤਾਰਨ ਦੇ ਡੀ.ਸੀ ਰਿਸ਼ੀਪਾਲ ਸਿੰਘ ਤੇ ਐਸ.ਐਸ.ਪੀ ਗੁਰਮੀਤ ਸਿੰਘ ਚੌਹਾਨ, ਅੰਮ੍ਰਿਤਸਰ ਦੇ ਐਸ.ਐਸ.ਪੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।
ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਅਹਿਮ ਹੈ।ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ।ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਹੱਦੀ ਪਿੰਡਾਂ ਵਿੱਚ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਬਾਰੇ ਜੋ ਮੰਗਾਂ ਦਿੱਤੀਆਂ ਸਨ, ਮੈਂ ਉਨ੍ਹਾਂ ਦੀ ਪੁਰਜ਼ੋਰ ਸਿਫਾਰਸ਼ ਕੇਂਦਰ ਨੂੰ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਗਨੀ ਵੀਰ ਭਰਤੀ ਵਿਚ ਪੰਜਾਬ ਦਾ ਕੋਟਾ ਵਧਾਉਣ ਦੀ ਵਕਾਲਤ ਵੀ ਉਨ੍ਹਾਂ ਕੇਂਦਰ ਕੋਲ ਕੀਤੀ ਹੈ ਅਤੇ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਕੇਸ ਭੇਜਿਆ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਨਸ਼ੇ ਅਤੇ ਹਥਿਆਰਾਂ ਦੇ ਜਖੀਰੇ ਫੜਨ ਦੇ ਵੇਰਵੇ ਸਾਂਝੇ ਕੀਤੇ, ਜਿਸ ਦੀ ਸਰਾਹਨਾ ਰਾਜਪਾਲ ਪੰਜਾਬ ਨੇ ਵੀ ਕੀਤੀ।ਉਨ੍ਹਾਂ ਪੁਲਿਸ ਨੂੰ ਖੁਫੀਆ ਤੰਤਰ ਦੀ ਮਜਬੂਤੀ ਅਤੇ ਲੋਕਾਂ ਦਾ ਸਾਥ ਲੈਣ ਲਈ ਕਿਹਾ ਤਾਂ ਜੋ ਨਸ਼ੇ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …