Thursday, March 28, 2024

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੁਲਜੀਤ ਸਿੰਘ ਨੋਰੋਬੀ ਵਾਲੇ ਰਾਗੀ ਜਥੇ ਅਤੇ ਸਕੂਲ ਵਿਦਿਆਰਥੀਆਂ ਸ਼ੋਭਾਪ੍ਰੀਤ ਸਿੰਘ ਤੇ ਸਾਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ।
ਖ਼ਾਲਸਾ ਕਾਲਜ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਗਵਰਨਿੰਗ ਕੌਸਲ ਦੀ 130 ਸਾਲ ਪੁਰਾਤਨ ਤੇ ਪਲੇਠੀ ਵਿੱਦਿਅਕ ਸੰਸਥਾ ਹੈ, ਜਿਸ ਦੀਆਂ ਵਿੱਦਿਅਕ, ਸਪੋਰਟਸ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਨ।ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀ ਇਸ ਸੰਸਥਾ ਦੇ ਸ਼ਾਨਦਾਰ ਇਤਿਹਾਸ ਨੂੰ ਬਰਕਰਾਰ ਰੱਖਣਗੇ।
ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਨੂੰ ਇਮਤਿਹਾਨ ’ਚ ਚੰਗੇ ਅੰਕ ਪ੍ਰਾਪਤ ਕਰਨ ਲਈ ਅਸ਼ੀਰਵਾਦ ਦਿੰਦਿਆਂ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਕਾਲਜਾਂ ’ਚ ਉਚ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਬੈਠਣਾ, ਸੁਣਨਾ ਤੇ ਜਾਨਣਾ ਹੀ ਵਿਦਿਆਰਥੀ ਦਾ ਜੀਵਨ ਹੈ।
ਡਾ. ਗੋਗੋਆਣੀ ਨੇ ਕਿਹਾ ਕਿ ਖ਼ਾਲਸਾ ਸਕੂਲ ਦੀ ਇਹ ਅਮੀਰ ਪ੍ਰੰਪਰਾ ਤੁਹਾਡੇ ਜੀਵਨ ’ਚ ਸਦਾ ਬਣੀ ਰਹੇ ਕਿ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਉਸ ਪ੍ਰਮਾਤਮਾ ਨੂੰ ਯਾਦ ਕਰਨਾ ਹੈ।ਕੌਂਸਲ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸੰਸਥਾ ਦੇ ਡਾ: ਗੋਗੋਆਣੀ ਅਤੇ ਹਾਜ਼ਰ ਕੌਂਸਲ ਮੈਂਬਰਾਂ ਵਲੋਂ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ।
ਅਰਦਾਸ ਦਿਵਸ ਸਮਾਗਮ ’ਚ ਕੌਂਸਲ ਮੈਂਬਰ ਗੁਰਮਿੰਦਰ ਸਿੰਘ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਪ੍ਰਿੰਸੀਪਲ ਡਾ: ਸੁਰਿੰਦਰ ਕੌਰ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਹਰਪ੍ਰੀਤ ਕੌਰ, ਪਿਸ਼ੌਰਾ ਸਿੰਘ ਗਿੱਲ, ਅਮਰਜੀਤ ਸਿੰਘ ਰੰਧਾਵਾ ਅਤੇ ਕੌਂਸਲ ਅਧੀਨ ਖ਼ਾਲਸਾ ਸੰਸਥਾਵਾਂ ਦਾ ਸਟਾਫ ਹਾਜ਼ਰ ਸੀ।ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …