Thursday, March 28, 2024

ਸ. ਬਾਦਲ ਦੇ ਅਕਾਲ ਚਲਾਣੇ ਕਾਰਨ ਜੇ.ਏ.ਸੀ ਵਲੋਂ ਭਲਕ ਦੀਆਂ ਰੋਸ ਰੈਲੀਆਂ ਮੁਲਤਵੀਂ

ਕੇਂਦਰੀਕਿ੍ਰਤ ਦਾਖਲਾ ਪੋਰਟਲ ਤੇ ਹੋਰ ਮੁੱਦਿਆਂ ’ਤੇ ਜਲੰਧਰ ਵਿਖੇ ਰੈਲੀ 4 ਮਈ ਨੂੰ- ਛੀਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਆਸਤ ਦੇ ਥੰਮ ਵਜੋਂ ਜਾਣੇ ਜਾਂਦੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ਰਧਾਂਜਲੀ ਦੇਣ ਵਜੋਂ ਏਡਿਡ ਕਾਲਜ ਮੈਨੇਜਮੈਂਟ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਅਤੇ ਅਣ-ਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਭਲਕੇ 27 ਅਪ੍ਰੈਲ ਹੋਣ ਵਾਲੀਆਂ ਆਪਣੀਆਂ ਤਿੰਨ ਰੋਸ ਰੈਲੀਆਂ ਮੁਲਤਵੀਂ ਕਰਨ ਦਾ ਐਲਾਨ ਕੀਤਾ ਹੈ।
ਜੇ.ਏ.ਸੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਇੱਥੇ ਜਾਰੀ ਆਪਣੇ ਪ੍ਰੈਸ ਬਿਆਨ ’ਚ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਕਾਲਜਾਂ ’ਚ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਪੱਖਪਾਤੀ ਅਤੇ ਮਨਮਾਨੇ ਢੰਗ ਨਾਲ ਲਾਗੂ ਕਰਨ ਅਤੇ ਉੱਚ ਸਿੱਖਿਆ ਨੂੰ ਦਰਪੇਸ਼ ਹੋਰਨਾਂ ਮੁੱਦਿਆਂ ਲਈ ਸੂਬਾ ਸਰਕਾਰ ਵਿਰੁੱਧ ਇਕੋ ਸਮੇਂ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਖੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਅੱਜ ਰੱਦ ਕਰ ਦਿੱਤਾ ਗਿਆ।
ਛੀਨਾ ਨੇ ਅਕਾਲੀ ਆਗੂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਫੈਸਲਾ ਪ੍ਰਬੰਧਕਾਂ ਦੇ ਅਹੁੱਦੇਦਾਰਾਂ, ਪ੍ਰਿੰਸੀਪਲ ਐਸੋਸੀਏਸ਼ਨ ਦੇ ਮੁਖੀਆਂ ਅਤੇ ਪੀ.ਸੀ.ਸੀ.ਟੀ.ਯੂ ਦੇ ਪ੍ਰਧਾਨ ਡਾ. ਵਿਨੈ ਸੋਫਤ ਤੇ ਹੋਰਨਾਂ ਨੁਮਾਇੰਦਿਆਂ ਦੁਆਰਾ ਸਾਂਝੇ ਤੌਰ ’ਤੇ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਮਾਨ ਸਰਕਾਰ ਦੀਆਂ ਉਚ ਸਿੱਖਿਆ ਵਿਰੋਧੀ, ਦਮਨਕਾਰੀ ਨੀਤੀਆਂ ਵਿਰੁੱਧ ਹੁਣ 4 ਮਈ ਨੂੰ ਜਲੰਧਰ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਕਰਨਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …