Thursday, March 28, 2024

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜੀਵਨ ਦੇ ਅਗਲੇ ਪੜਾਵਾਂ ਦੌਰਾਨ ਸਮਾਜ ਦੀ ਬੇਹਤਰੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਵਿਦਿਆ ਦਾ ਮੰਤਵ ਕੇਵਲ ਅਕਾਦਮਿਕ ਪ੍ਰਾਪਤੀਆਂ ਹੀ ਨਹੀਂ ਹਨ, ਸਗੋਂ ਇਹ ਨਿੱਗਰ ਸਮਾਜ ਦੀ ਸਥਾਪਨਾ ਲਈ ਮਨੁੱਖ ਦੇ ਸਰਵਪੱਖੀ ਵਿਕਾਸ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸੇ ਦੇ ਸਾਜਨਾ ਦਿਵਸ ਦੀ 300 ਸਾਲਾ ਸ਼ਤਾਬਦੀ ਮੌਕੇ ਸਥਾਪਿਤ ਕੀਤੇ ਗਏ ਇਸ ਵਿਦਿਅਕ ਅਦਾਰੇ ਨੇ ਆਪਣੇ ਸਫ਼ਰ ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਮੰਤਵ ਦੀ ਪੂਰਤੀ ਲਈ ਇਹ ਸਫਲ ਸਿੱਧ ਹੋਇਆ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ 100 ਤੋਂ ਵੱਧ ਵਿਦਿਅਕ ਅਦਾਰੇ ਚੱਲ ਰਹੇ ਹਨ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਕਿਹਾ ਅਤੇ ਕਾਲਜ ਵੱਲੋਂ ਚਲਾਏ ਜਾਂਦੇ ਕੋਰਸਾਂ ਸਮੇਤ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਰਿਪੋਰਟ ਪੇਸ਼ ਕਰਦਿਆਂ ਬੀਤੇ ਸਮੇਂ ’ਚ ਇਥੋਂ ਪੜ੍ਹ ਕੇ ਗਏ ਵਿਦਿਆਰਥੀਆਂ ਦੇ ਸਮਾਜ ਲਈ ਪਾਏ ਜਾ ਰਹੇ ਯੋਗਦਾਨ ਦੇ ਨਾਲ-ਨਾਲ ਵਿਦਿਆ, ਖੇਡਾਂ, ਸੱਭਿਆਚਾਰ ਅਤੇ ਧਾਰਮਿਕ ਖੇਤਰ ਵਿਚ ਭੂਮਿਕਾ ਦਾ ਖੁਲਾਸਾ ਵੀ ਕੀਤਾ। ਮੰਚ ਸੰਚਾਲਨ ਦੀ ਜ਼ੁੰੰਮੇਵਾਰੀ ਪ੍ਰੋ. ਗੁਰਜੰਟ ਸਿੰਘ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਪ੍ਰੋ. ਜਤਿੰਦਰ ਕੌਰ, ਪ੍ਰੋ. ਹਰਜੀਤ ਕੌਰ, ਪ੍ਰੋ. ਗੁਰਜੰਟ ਸਿੰਘ, ਸੁਪਰਡੈਂਟ ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …