Sunday, May 25, 2025
Breaking News

ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਣਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ -ਗਿ. ਹਰਪ੍ਰੀਤ ਸਿੰਘ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਆਪਣੇ ਅੰਤਰਰਾਸ਼ਟਰੀ ਮਿਆਰ ਦੇ ਸਿੱਖ ਐਜੂਕੇਸ਼ਨ ਬੋਰਡ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 11 ਮੱਘਰ ਨਾਨਕਸ਼ਾਹੀ ਸੰਮਤ 554 ਮੁਤਾਬਿਕ 26 ਨਵੰਬਰ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਦੀਰਘ ਵਿਚਾਰਾਂ ਤੇ ਫੈਸਲੇ ਲਏ ਗਏ ਕਿ ਸਿੱਖ ਕੌਮ ਦਾ ਆਪਣਾ ਅੰਤਰਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਨਣਾ ਚਾਹੀਦਾ ਹੈ।ਇਸ ਲਈ ਸ੍ਰੀ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਦੇ ਅਧਾਰਿਤ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ, ਜੋ ਇਸ ਕਾਰਜ਼ ਦੀ ਪੂਰਤੀ ਲਈ ਯਤਨ ਕਰੇਗੀ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਜਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ  ਕੇਂਦਰ ਸਰਕਾਰ ਵੱਲੋਂ ਕੁੱਝ ਕੁ ਸਿੱਖ ਚਿਹਰਿਆਂ ਨੂੰ ਵਰਤ ਕੇ, ਕਾਨੂੰਨ ਦੀ ਆੜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਤੋੜਨ ਦਾ ਯਤਨ ਕੀਤਾ ਗਿਆ।ਉਹ ਵੀ ਉਸ ਵਰੇ੍ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਸ਼ਤਾਬਦੀ ਰੂਪ ਵਿਚ ਮਨਾ ਰਿਹਾ ਹੈ।ਇਹ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ‘ਤੇ ਕੇਂਦਰ ਸਰਕਾਰ ਵਲੋਂ ਹਮਲਾ ਕਰਾਰ ਦਿੱਤਾ ਜਾਂਦਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਜ਼ਬੂਤੀ ਲਈ ਸਿੱਖ ਆਗੂ ਇਸ ਸੰਸਥਾ ਨੂੰ ਵਿਸ਼ਵ ਵਿਆਪੀ ਬਣਾਉਣ ਦੇ ਯਤਨ ਆਰੰਭ ਕਰਨ।
ਉਨਾਂ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਇਸਲਾਮਿਕ ਬੈਂਕ ਦੀ ਤਰਜ਼ ‘ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿਦਿਆ ਤੇ ਰੋਜ਼ਗਾਰ ਦੇ ਧਾਰਨੀ ਬਣਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ।ਇਸ ਕਾਰਜ਼ ਲਈ ਯੋਗ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਜਾਣ।ਇਕੱਤਰਤਾ ਵਿੱਚ ਸ੍ਰੀ ਮਹੰਤ ਗਿਆਨ ਦੇਵ ਸਿੰਘ ਜੀ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਸ੍ਰੀ ਹਰਿਦੁਆਰ ਵਾਲਿਆਂ ਨੂੰ ਆਪਣੀ ਭੁੱਲ ਬਖਸ਼ਾਉਣ ਦਾ ਇੱਕ ਹੋਰ ਮੋਕਾ ਦਿੱਤਾ ਜਾਂਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖ ਬੱਚੇ ‘ਤੇ ਜੋ ਹਥਿਆਰਾਂ ਦੇ ਪ੍ਰਦਰਸ਼ਨ ਸਬੰਧੀ ਕੇਸ ਦਰਜ਼ ਕੀਤਾ ਹੈ, ਉਹ ਬਹੁਤ ਹੀ ਮੰਦਭਾਗਾ ਹੈ, ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਫਿਲਮਾਂ ‘ਤੇ ਰੋਕ ਲਗਾਉਣੀ ਚਾਹੀਦੀ ਹੈ।

 

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …