Friday, April 19, 2024

ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਕਾਂਗਰਸ ਤੇ ‘ਆਪ’ ਦੀ ਗੱਲ ਨਹੀਂ ਬਣਨੀ- ਸੁਖਬੀਰ ਬਾਦਲ

ppn2609201616

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ‘ਆਪ’ ਹੁਣ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਉਨ੍ਹਾਂ ਦੀ ਕੋਈ ਗੱਲ ਨਹੀਂ ਬਣਨੀ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਏਜੰਡਾ ਵਿਕਾਸ ਹੈ ਅਤੇ ਇਸ ਵੱਲੋਂ ਪਿਛਲੇ ਸਾਢੇ ਨੌਂ ਸਾਲਾਂ ਵਿਚ ਕੀਤੇ ਬੇਮਿਸਾਲ ਵਿਕਾਸ ਕਾਰਜਾਂ ਕਰਕੇ ਪੰਜਾਬ ਦੇ ਸੂਝਵਾਨ ਲੋਕ ਅਕਾਲੀ-ਭਾਜਪਾ ਸਰਕਾਰ ਨੂੰ ਲਗਾਤਾਰ ਤੀਸਰੀ ਵਾਰ ਫਤਵਾ ਦੇਣਗੇ। ਸ. ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਆਪਣੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੱਤਰਕਾਰਾਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਹਲਕਿਆਂ ਵਿਚ ਭੇਜੀਆਂ ਜਾ ਰਹੀਆਂ ਬੱਸਾਂ ਸਬੰਧੀ ਪੁੱਛੇ ਜਾਣ ‘ਤੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਹੁਣ ਭਾਵੇਂ ਬੱਸਾਂ ਦੀ ਜਗ੍ਹਾ ਟਰੱਕ ਯਾਤਰਾ ਕੱਢ ਲਏ, ਉਨ੍ਹਾਂ ਦੀ ਹੁਣ ਕੋਈ ਗੱਲ ਨਹੀਂ ਬਣਨੀ। ਉਨ੍ਹਾਂ ਕਿਹਾ ਕਿ ਪਹਿਲਾਂ ‘ਹਲਕੇ ਵਿਚ ਕੈਪਟਨ’ ਫਿਰ ‘ਕੌਫੀ ਵਿਦ ਕੈਪਟਨ’ ਅਤੇ ਹੁਣ ਬੱਸਾਂ ਆਦਿ ਨਾਲ ਪੰਜਾਬ ਦੇ ਲੋਕ ਕਾਂਗਰਸ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ। ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਡੇਰਾ ਬਿਆਸ ਜਾਣ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਹੁਣ ਜਿਥੇ ਮਰਜ਼ੀ ਚਲੇ ਜਾਣ, ਉਨ੍ਹਾਂ ਦੀ ਦਾਲ਼ ਨਹੀਂ ਗਲਣੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀ ਅਸਲੀਅਤ ਅਤੇ ਡਰਾਮਿਆਂ ਨੂੰ ਸਮਝ ਚੁੱਕੇ ਹਨ। ਚੌਥੇ ਫਰੰਟ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਚੋਣਾਂ ਨਜ਼ਦੀਕ ਆਉਣਗੀਆਂ, ਹਾਲੇ ਬਹੁਤ ਸਾਰੇ ਫਰੰਟ ਬਣਨਗੇ, ਪਰੰਤੂ ਲੋਕਾਂ ਦਾ ਫਤਵਾ ਅਕਾਲੀ-ਭਾਜਪਾ ਸਰਕਾਰ ਨੂੰ ਹੀ ਮਿਲੇਗਾ।
ਇਸ ਤੋਂ ਬਾਅਦ ਉੱਪ ਮੁੱਖ ਮੰਤਰੀ ਨੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਵਿੱਚ ਚੱਲ ਰਹੇ ਪ੍ਰਾਜੈਕਟ ਮੁਕੰਮਲ ਹੋਣ ਕੰਢੇ ਹਨ, ਜਿਸ ਨਾਲ ਇਸ ਦੀ ਦਿਖ ਬਦਲ ਜਾਵੇਗੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply