ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ
ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀ-ਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦੇਂਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੰਮਤ 1663 ਬਿਕ੍ਰਮੀ ਵਿਚ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਗੁਰਗੱਦੀ ’ਤੇ ਬਿਰਾਜਮਾਨ ਹੋਣ ਦੇ ਇਤਿਹਾਸਕ ਦਿਹਾੜੇ ਨੂੰ ਮੀਰੀ ਤੇ ਪੀਰੀ ਦਿਵਸ ਅੱਜ ਭਗਤੀ ਤੇ ਸ਼ਕਤੀ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਉਨਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਗਦੀ ਦੀ ਜ਼ਿੰਮੇਵਾਰੀ ਸੌਂਪਦਿਆਂ ਆਦੇਸ਼ ਦਿੰਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ, ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ਼ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ। ਜਥੇਦਾਰ ਨੇ ਪੱਤਿਤ ਹੁੰਦੇ ਜਾ ਰਹੇ ਨੌਜਵਾਨਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ।
ਇਸ ਉਪਰੰਤ ਢਾਡੀ ਜਥਿਆਂ ਪ੍ਰਧਾਨ ਗੁਰਮੇਜ ਸਿੰਘ ਸ਼ਹੂਰਾ, ਡਾ. ਦਲਜੀਤ ਸਿੰਘ ਵਿਛੋਵਾ, ਭਾਈ ਗੁਰਪ੍ਰਤਾਪ ਸਿੰਘ ਪਦਮ, ਭਾਈ ਗੁਰਭੇਜ ਸਿੰਘ ਚਵਿੰਡਾ ਵੱਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਲਵਿੰਦਰ ਸਿੰਘ ਜੋੜਾਸਿੰਘਾਂ, ਐਡੀ ਸਕੱਤਰ, ਸਕੱਤਰ ਸਿੰਘ, ਹਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਸਾਰੇ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਗੁਰਿੰਦਰ ਸਿੰਘ ਮੈਨੇਜਰ, ਹਰਜਿੰਦਰ ਸਿੰਘ ਭੂਰਾਕੋਹਨਾ, ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media