ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ
ਯਾਦਗਾਰ ਸ਼ਹੀਦਾਂ ਵਿਖੇ ਅੱਜ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦਮਦਮੀ ਟਕਸਾਲ ਵਲੋਂ ਯਾਦਗਾਰ ਦੀ ਬੇਸਮੈਂਟ ਵਿਚ ਸ਼ਹੀਦੀ ਗੈਲਰੀ ਉਸਾਰਨ ਸੰਬੰਧੀ ਕਾਰਸੇਵਾ ਦੀ ਰਸਮੀ ਆਰੰਭਤਾ ਕੀਤੀ ਜਾਵੇਗੀ। ਗੁਰਦੁਆਰਾ ਯਾਦਗਾਰ ਸ਼ਹੀਦਾਂ ਅਤੇ ਗੁਰਦਵਾਰਾ ਥੜਾ ਸਾਹਿਬ ਪਾਤਿਸ਼ਾਹੀ ਨੌਵੀਂ ਦੀ ਉਸਾਰੀ ਦੀ ਤਰਾਂ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰੀ ਸ਼ਹੀਦੀ ਗੈਲਰੀ ਉਸਾਰਨ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਨੂੰ ਸੌਂਪੀ ਗਈ ਹੈ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸੇ ਦਿਨ ਹੀ ਗੁਰਦੁਆਰਾ ਯਾਦਗਾਰ ਸ਼ਹੀਦਾਂ ਵਿਖੇ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਵਿੱਚ ਲੜੀਵਾਰ ਸ੍ਰੀ ਅਖੰਡ ਪਾਠ ਆਰੰਭ ਕੀਤਾ ਜਾਵੇਗਾ। ਉਪਰੰਤ 10:30 ਵਜੇ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਖੇ ਸਥਾਪਿਤ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਇਤਿਹਾਸਕ ਮੌਕੇ ਸਤਿਕਾਰਯੋਗ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ, ਸਿੱਖ ਜਥੇਬੰਦੀਆਂ ਦੇ ਆਗੂ, ਵੱਡੀ ਗਿਣਤੀ ’ਚ ਸ਼ਹੀਦ ਪਰਿਵਾਰਾਂ ਦੇ ਮੈਂਬਰ ਅਤੇ ਸੰਗਤਾਂ ਸ਼ਾਮਿਲ ਹੋਣਗੀਆਂ।ਉਹਨਾਂ ਕਿਹਾ ਕਿ ’84 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਉਹਨਾਂ ਦੇ ਸਹਿਯੋਗੀ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਾਬਾ ਠਾਰਾ ਸਿੰਘ ਜੀ ਅਤੇ ਅਨੇਕਾਂ ਨਾਮ ਰਸੀਏ ਸ਼ਹੀਦ ਸਿੰਘ ਸਿੰਘਣੀਆਂ ਦੀਆਂ ਯਾਦਗਾਰੀ ਤਸਵੀਰ ਲਗਾਈਆਂ ਜਾਣਗੀਆਂ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media