Saturday, June 20, 2026

ਡੇਂਗੂ ਤੋਂ ਬਚਾਅ ਲਈ ਜਿਥੇ ਵੀ ਸਿਹਤ ਵਿਭਾਗ ਕਹੇ ਨਗਰ ਨਿਗਮ ਤੁਰੰਤ ਮੱਛਰ ਮਾਰ ਦਵਾਈ ਛਿੜਕੇ- ਸੰਘਾ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਮਨਜੀਤ ਸਿੰਘ) – ਜਿਲੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਨੇ ਮੀਟਿੰਗ ਕੀਤੀ।ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ, ਕਾਰਪੋਰੇਸ਼ਨ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦੀ ਸਪਰੇਅ ਦਾ ਵੱਧ ਜੋਰ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਇਸ ਲਈ ਸਬੰਧਤ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿੱਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਹੋ ਜਾਵੇ।ਉਨਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੁੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।
ਸਿਵਲ ਸਰਜਨ ਅੰਮਿ੍ਰਤਸਰ ਡਾ: ਪ੍ਰਦੀਪ ਚਾਵਲਾ ਨੇ ਦੱਸਿਆ ਕਿ ਪਿਛਲੇ ਸਾਲ 1356 ਮਰੀਜ ਡੇਂਗੂ ਦੇ ਜਿਲੇ ਵਿਚ ਆਏ ਸਨ, ਜਿੰਨਾਂ ਵਿਚੋਂ 1247 ਸ਼ਹਿਰੀ ਅਤੇ 119 ਪੇਂਡੂ  ਖੇਤਰ ਦੇ ਸਨ।ਸ਼ਹਿਰੀ ਖੇਤਰਾਂ ਵਿਚ ਬਹੁਗਿਣਤੀ ਅੰਦਰੂਨੀ ਸ਼ਹਿਰ, ਲੋਹਗੜ ਗੇਟ, ਖਜ਼ਾਨਾ ਗੇਟ, ਹਰੀਪੁਰ, ਖੰਡਵਾਲਾ, ਝਬਾਲ ਰੋਡ ਤੋਂ ਆਏ ਸਨ।ਉਨਾਂ ਕਿਹਾ ਕਿ ਇਸ ਲਈ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿੱਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ। ਡਾ. ਮਦਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ।ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲੀਏ।ਉਨਾਂ ਦੱਸਿਆ ਕਿ ਡੇਂਗੂ ਦੇ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ।ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ।ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।
ਡੇਂਗੂ ਕੱਟਣ ਉਪਰੰਤ ਲੱਛਣ-
ਜਿਲਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ।ਇਸ ਹਾਲਤ ਵਿਚ ਕੇਵਲ ਪੈਰਾਸੂਟਾਮੋਲ ਦਿਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ।ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ।
ਡਾ. ਮਦਨ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰ ਜਾਂ ਵਪਾਰਕ ਸੰਸਥਾਵਾਂ ’ਤੇ ਟੁੱਟੇ ਬਰਤਨ, ਗਮਲੇ, ਕੂਲਰ, ਖਰਾਬ ਟਾਇਰ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਆਦਿ ਵਿਚ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ। ਡਾ. ਮਦਨ ਨੇ ਦੱਸਿਆ ਕਿ ਇਸ ਵਾਰ ਸਰਦੀ ਵਿਚ ਵੀ ਡੇਂਗੂ ਦੇ ਕੇਸ ਸਾਹਮਣੇ ਆਏ ਹੋਣ ਕਾਰਨ ਸਾਨੂੰ ਵੱਧ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਜੁਆਇੰਟ ਕਮਿਸ਼ਨਰ ਕਾਰਪੋਰੇਸ਼ਨ ਸੌਰਵ ਅਰੋੜਾ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਜਸਬੀਰ ਸਿੰਘ ਗਿੱਲ, ਸਿਹਤ  ਅਫ਼ਸਰ ਰਾਜੂ ਚੌਹਾਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply