ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ
ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇੱਕ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਨਾਜ਼ੁਕ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਸਮੇਂ ਕੀਤੀ ਗਈ ਪੰਜ ਕੱਕਾਰੀ ਰਹਿਤ ਦੀ ਬਖਸ਼ਿਸ਼ ਸਿੱਖਾਂ ਲਈ ਅਹਿਮ ਹੈ ਜਿਸ ਤਹਿਤ ਅੰਮ੍ਰਿਤਧਾਰੀ ਸਿੰਘਾਂ ਲਈ ਕੇਸ, ਕੰਘਾ, ਕੜਾ, ਕਿਰਪਾਨ ਤੇ ਕਛਹਿਰਾ ਪਹਿਨਣੇ ਲਾਜ਼ਮੀ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਕੱਕਾਰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਮਿਲੇ ਧਾਰਮਿਕ ਅਜ਼ਾਦੀ ਦੇ ਅਧਿਕਾਰ ਦੀ ਵੀ ਉਲੰਘਣਾ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਪਰੰਤੂ ਇਸ ਗੰਭੀਰ ਮਸਲੇ ਦਾ ਸਥਾਈ ਤੌਰ ’ਤੇ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇਸ ਨਾਜ਼ੁਕ ਧਾਰਮਿਕ ਮਸਲੇ ਵੱਲ ਨਿੱਜੀ ਤੌਰ ’ਤੇ ਧਿਆਨ ਦਿੰਦਿਆਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕੱਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ/ਵਿਭਾਗਾਂ ਨੂੰ ਤੁਰੰਤ ਹਿਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media