ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ
ਵਾਲਜੀ ਭਾਈ ਜਾਲਾ ਨੇ ਨਗਰ ਨਿਗਮ ਅਧਿਕਾਰੀਆਂ ਨੁੰ ਹਦਾਇਤ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਤਰਜੀਹ ਦੇ ਆਧਾਰ `ਤੇ ਤੁਰੰਤ ਭਰਨ ਅਤੇ ਸਾਰੇ ਕਰਮਚਾਰੀਆਂ ਨੁੰ ਸਮੇਂ ਸਿਰ ਤਨਖਾਹ ਅਤੇ ਹੋਰ ਭੱਤੇ ਦਿੱਤੇ ਜਾਣੇ ਯਕੀਨੀ ਬਣਾਏ ਜਾਣ।ਉਨਾਂ ਕਿਹਾ ਕਿ ਡਿਊਟੀ ਦੌਰਾਨ ਜਿਹੜੇ ਕਰਮਚਾਰੀਆਂ ਦੀ ਮੌਤ ਹੋਈ ਹੈ ਉਨਾਂ ਦੇ ਆਸ਼ਰਿਤਾਂ ਨੂੰ ਤੁਰੰਤ ਤਰਸ ਦੇ ਅਧਾਰ ‘ਤੇ ਨੌਕਰੀ ਦਿੱਤੀ ਜਾਵੇ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਠੇਕੇਦਾਰੀ ਪ੍ਰਥਾ ਖਤਮ ਕੀਤੀ ਜਾਵੇ, ਕਿਉਂਕਿ ਠੇਕੇਦਾਰੀ ਪ੍ਰਥਾ ਵਿੱਚ ਸਫਾਈ ਕਰਮਚਾਰੀਆਂ ਦਾ ਬਹੁਤ ਜਿਆਦਾ ਸ਼ੋਸ਼ਣ ਹੁੰਦਾ ਹੈ।ਉਨਾਂ ਅੱਜ ਜਿਲਾ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨਾਲ ਸਫਾਈ ਕਰਮਚਾਰੀਆਂ ਨੂੰ ਪੇਸ਼ ਆਉਂਦੀਆਂ ਦਰੇਪਸ਼ ਮੁਸ਼ਕਲਾਂ ਸਬੰਧੀ ਮੀਟਿੰਗ ਵੀ ਕੀਤੀ।
ਉਨਾਂ ਕਿਹਾ ਕਿ ਜਿਸ ਤਰਾਂ ਦੇੇਸ਼ ਦੇ ਫੌਜੀ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰਦੇ ਹਨ ਉਸੇ ਤਰਾਂ ਸਫਾਈ ਕਰਮਚਾਰੀ ਦੇਸ਼ ਦੀ ਗੰਦਗੀ ਨੂੰ ਸਾਫ ਕਰਕੇ ਆਪਣੇ ਆਪ ਨੂੰ ਬਿਮਾਰੀਆਂ ਵਿੱਚ ਜਕੜ ਕੇ ਦੇਸ਼ ਨੂੰ ਸਾਫ ਕਰਦੇ ਹਨ ਅਤੇ ਆਪਣੀ ਜਿੰਦਗੀ ਨੂੰ ਦਾਅ ਤੇ ਲਗਾਉਂਦੇ ਹਨ ਸੋ ਉਸੇ ਤਰਾਂ ਹੀ ਸਫਾਈ ਕਰਮਚਾਰੀ ਨੂੰ ਵੀ ਫੌਜੀਆਂ ਵਾਲਾ ਸਨਮਾਨ ਮਿਲਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ। ਇਸ ਲਈ ਸਾਡਾ ਫ਼ਰਜ ਬਣਦਾ ਹੈ ਕਿ ਇਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਰ ਤੇ ਮੈਲਾ ਢੋਣ ਦੀ ਪ੍ਰਥਾ ਨੂੰ ਸਮਾਪਤ ਕਰਨਾ ਚਾਹੀਦਾ ਹੈ।
ਉਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਪਾਸੋ ਇਹ ਵੀ ਜਾਣਕਾਰੀ ਲਈ ਕਿ ਸਾਲ 2009 ਤੋਂ ਹੁਣ ਤੱਕ ਕਿੰਨੇ ਸਫਾਈ ਕਰਮਚਾਰੀ ਸੀਵਰੇਜ ਸਫਾਈ ਸਮੇਂ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਜਵਾਬ ਵਿੱਚ ਕਮਿਸ਼ਨਰ ਨਗਰ ਨਿਗਮ ਵੱਲੋਂ ਦੱਸਿਆ ਕਿ ਹੁਣ ਤੱਕ ਤਿੰਨ ਸਫਾਈ ਕਰਮਚਾਰੀ ਆਪਣੀਆਂ ਜਾਨਾਂ ਗਵਾ ਬੈਠੇ ਹਨ ਅਤੇ ਸਰਕਾਰ ਵੱਲੋਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰੇਕ ਕਰਮਚਾਰੀ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈੇ।ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸਫਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਉਨਾਂ ਦੀ ਯੋਗਤਾ ਦੇ ਅਧਾਰ ’ਤੇ ਨੌਕਰੀ ਦਿੱਤੀ ਜਾਵੇ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਸਫਾਈ ਕਰਮਚਾਰੀਆਂ ਲਈ ਵੀ ਮਕਾਨ ਬਣਾਏ ਜਾਣ।
ਚੇਅਰਮੈਨ ਮਨਹਾਰ ਨੇ ਜਿਲਾ ਸਿਖਿਆ ਅਫਸਰ ਸੈਕੰਡਰੀ ਨੂੰ ਵੀ ਹਦਾਇਤ ਕੀਤੀ ਕਿ ਐਸ:ਸੀ, ਬੀ:ਸੀ ਦੇ ਬੱਚਿਆਂ ਨੂੰ ਪੋਸਟ ਸਕਾਲਸ਼ਿਪ ਤੁਰੰਤ ਦਿੱਤੀ ਜਾਵੇ ਅਤੇ ਉਨਾਂ ਨੂੰ ਮੁਫਤ ਕਿਤਾਬਾਂ ਵੀ ਮੁਹੱਈਆਂ ਕੀਤੀਆਂ ਜਾਣ। ਉਨਾਂ ਨੇ ਸਿਵਲ ਸਰਜਨ ਅੰਮਿ੍ਰਤਸਰ ਨੂੰ ਕਿਹਾ ਕਿ ਹਫਤੇ ਵਿੱਚ 2 ਵਾਰ ਸਲੱਮ ਏਰੀਆਂ ‘ਚ ਮੁਫ਼ਤ ਮੈਡੀਕਲ ਕੈਪ ਲਗਾ ਕੇ ਉਨਾਂ ਦਾ ਡਾਕਟਰੀ ਮੁਆਇਨਾ ਕੀਤਾ ਜਾਵੇ।
ਚੇਅਰਮੈਨ ਨੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੂੰ ਕਿਹਾ ਕਿ ਜਿਲਾ ਪ੍ਰਸਾਸ਼ਨ ਵੱਲੋਂ ਜੋ ਵਿਜੀਲੈਂਸ ਕਮੇਟੀ ਬਣਾਈ ਜਾਂਦੀ ਹੈ ਉਸ ਵਿੱਚ ਸਫਾਈ ਕਰਮਚਾਰੀਆਂ ਦੇ 4 ਨੁਮਾਇੰਦੇ ਸ਼ਾਮਲ ਕੀਤੇ ਜਾਣ ਤਾਂ ਜੋ ਪ੍ਰਸਾਸ਼ਨ ਦੇ ਸਨਮੁੱਖ ਆਪਣੀਆਂ ਮੁਸ਼ਕਲਾ ਰੱਖ ਸਕਣ। ਇਸ ਮੌਕੇ ਚੇਅਰਮੈਨ ਵੱਲੋਂ ਨਗਰ ਕੌਸਲਾਂ ਦੇ ਕੰਮਾਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਕਮਿਸ਼ਨ ਨੂੰ ਭਰੋਸਾ ਦਿੱਤਾ ਗਿਆ ਕਿ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਿਲਾ ਪ੍ਰਸਾਸ਼ਨ ਵੱਲੋ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਗੁਰਲਵਲੀਨ ਸਿੰਘ ਸੰਧੂ ਕਮਿਸ਼ਨਰ ਨਗਰ ਨਿਗਮ ਨੇ ਚੇਅਰਮੈਨ ਨੂੰ ਦੱਸਿਆ ਕਿ ਵਿਭਾਗ ਵੱਲੋਂ ਸਮੇਂ ਸਮੇਂ ਸਿਰ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ ਅਤੇ ਸਫਾਈ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਜਿਵੇਂ ਕਿ ਪੀ.ਐਫ, ਵਰਦੀਆਂ ਅਤੇ ਹੋਰ ਸਹੂਲਤਾਂ ਦੇਣ ਲਈ ਨਗਰ ਨਿਗਮ ਵਚਨਬੱਧ ਹੈ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਨਾਲ ਲਿਖਾਪੜੀ ਚੱਲ ਰਹੀ ਹੈ ਅਤੇ ਵਿਭਾਗ ਵੱਲੋਂ ਸਾਲ 2017 ਵਿੱਚ ਠੇਕੇਦਾਰੀ ਪ੍ਰਥਾ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਮਿ੍ਰਤਕ ਕਮਰਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨਾਂ ਦੀ ਯੋਗਤਾ ਦੇ ਅਧਾਰ ਤੇ ਨੌਕਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਵ, ਸ੍ਰੀਮਤੀ ਅਲਕਾ, ਡੀ.ਪੀ ਖੋਸਲਾ ਸਾਬਕਾ ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਤੋਂ ਇਲਾਵਾ ਵੱਖ ਵੱਖ ਸਫਾਈ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media