ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ਉਪਰ
ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਜ਼ਬਤ ਕੀਤਾ ਗਿਆ ਸਮਾਨ ਤੁਰੰਤ ਵਾਪਸ ਕੀਤਾ ਜਾਵੇ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਸਰਕਾਰ ਲਾਇਬ੍ਰੇਰੀ ਵਿਚੋਂ ਚੁੱਕਿਆ ਗਿਆ ਕੀਮਤੀ ਸਾਹਿਤਕ ਖਜ਼ਾਨਾ ਅਤੇ ਹੋਰ ਸਮਾਨ ਵਾਪਸ ਕਰ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਏ ।ਪ੍ਰੋ: ਬਡੂੰਗਰ ਨੇ ਆਖਿਆ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਕਿ ਜੂਨ 1984 ਦੇ ਫੌਜੀ ਹਮਲੇ ਦੌਰਾਨ ਕਿਵੇਂ ਲਾਇਬ੍ਰੇਰੀ ਨੂੰ ਤਬਾਹ ਕਰਨ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਆਖਿਆ ਕਿ ਸਮਾਨ ਵਾਪਸ ਕਰਨ ਦੀ ਥਾਂ ਸਮਾਨ ਨਾ ਹੋਣ ਦੀ ਗੱਲ ਤਰਕਸੰਗਤ ਨਹੀਂ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਮਿਲ ਕੇ ਉਠਾਏ ਸਿੱਖ ਮਸਲਿਆਂ ਵਿਚ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ ਸਬੰਧੀ ਵੀ ਮੰਗ ਰੱਖੀ ਸੀ, ਜਿਸ ਪ੍ਰਤੀ ਉਨ੍ਹਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਸੀ।
ਪ੍ਰੋ: ਬਡੂੰਗਰ ਨੇ ਕਾਲੇਪਾਣੀ ਦੀ ਸੈਲੂਲਰ ਜੇਲ੍ਹ ਦੇ ਮਿਊਜ਼ੀਅਮ ਵਿਚ ਸਿੱਖਾਂ ਦੇ ਇਤਿਹਾਸ ਨੂੰ ਘਟਾ ਕੇ ਪੇਸ਼ ਕਰਨ ਦੀ ਪੜਤਾਲ ਲਈ ਬਣਾਈ ਗਈ ਕਮੇਟੀ ਵੱਲੋਂ ਦਿੱਤੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸੰਜ਼ੀਦਾ ਮਸਲੇ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਹੈ ਅਤੇ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਲਈ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਜਗਤਾਰ ਸਿੰਘ ਸੀਨੀਅਰ ਪੱਤਰਕਾਰ ਅਤੇ ਹਰਭਜਨ ਸਿੰਘ ਮਨਾਵਾ ਐਡੀਸ਼ਨਲ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਜੰਗੇ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੂੰ ਕਾਲੇਪਾਣੀ ਜੇਲ੍ਹ ਵਿਚ ਦਿੱਤੇ ਗਏ ਤਸੀਹਿਆਂ ਦੀ ਦਾਸਤਾਨ ਨੂੰ ਖਤਮ ਕਰਨ ਦਾ ਯਤਨ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਲੇਪਾਣੀ ਦੀਆਂ ਸਜ਼ਾਵਾਂ ਕੱਟਣ ਵਾਲੇ ਸਿੱਖਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ ਤਾਂ ਜੋ ਇਸ ਸਬੰਧੀ ਕਿਤਾਬ ਸੰਗ੍ਰਹਿਤ ਕੀਤੀ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media