ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਗੰਗਾ ਸਾਗਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।
ਤਸਵੀਰ ਤੋਂ ਹਟਾਉਣ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਅਜਿਹੀਆਂ ਅਨੇਕਾਂ ਸ਼ਖ਼ਸੀਅਤਾਂ ਦਾ ਜ਼ਿਕਰ ਮਿਲਦਾ ਹੈ, ਜਿਨ੍ਹਾਂ ਨੇ ਗੁਰੂ ਸਾਹਿਬਾਨ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰੂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਇਨ੍ਹਾਂ ਵਿੱਚੋਂ ਹੀ ਨਵਾਬ ਰਾਏ ਕੱਲ੍ਹਾ ਜੀ ਵੀ ਇੱਕ ਹਨ।ਉਨ੍ਹਾਂ ਆਖਿਆ ਕਿ ਔਰੰਗਜ਼ੇਬ ਦੇ ਜ਼ੁਲਮੀ ਰਾਜ ਸਮੇਂ ਗੁਰੂ ਘਰ ਪ੍ਰਤੀ ਨਿਭਾਈ ਸੇਵਾ ਤੇ ਨਿਸ਼ਠਾ ਲਈ ਦਸਵੇਂ ਪਾਤਸ਼ਾਹ ਜੀ ਨੇ ਰਾਏ ਕੱਲ੍ਹਾ ਨੂੰ ਗੰਗਾ ਸਾਗਰ (ਸੁਰਾਹੀ), ਕਿਰਪਾਨ ਤੇ ਰਹਿਲ ਦੇ ਕੇ ਨਿਵਾਜਿਆ ਸੀ ਜੋ ਅੱਜ ਵੀ ਉਨ੍ਹਾਂ ਦੇ ਵੰਸ਼ਜਾਂ ਕੋਲ ਸੁਰੱਖਿਅਤ ਹਨ।
ਇਸ ਮੌਕੇ ਨਵਾਬ ਰਾਏ ਕੱਲ੍ਹਾ ਜੀ ਦੀ ਵੰਸ਼ ਵਿੱਚੋਂ ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਰਾਏ ਅਜੀਜ਼ ਉਲ੍ਹਾ ਖਾਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਂਅ ਭੇਜਿਆ ਗਿਆ ਧੰਨਵਾਦੀ ਪੱਤਰ ਅਤੇ ਸਨਮਾਨ ਸਤਨਾਮ ਸਿੰਘ ਮਾਣਕ ਅਤੇ ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਨੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਦਿੱਤਾ।ਇਸ ਤੋਂ ਇਲਾਵਾ ਰਾਏ ਅਜੀਜ਼ ਉਲ੍ਹਾ ਖਾਨ ਵੱਲੋਂ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮੈਨੇਜਰ ਸੁਲੱਖਣ ਸਿੰਘ ਅਤੇ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਬਣਾਉਣ ਵਾਲੇ ਆਰਟਿਸਟ ਗੁਰਵਿੰਦਰਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦਾ ਹਲਕਾ ਰਾਏਕੋਟ ਦੀ ਸੰਗਤ ਨੇ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਮਲਕੀਤ ਸਿੰਘ ਬਹਿੜਵਾਲ, ਲਖਬੀਰ ਸਿੰਘ, ਸੁਖਰਾਜ ਸਿੰਘ, ਇਕਬਾਲ ਸਿੰਘ ਮੁਖੀ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ, ਬਘੇਲ ਸਿੰਘ, ਰਾਜਿੰਦਰ ਸਿੰਘ ਰੂਬੀ, ਹਰਭਜਨ ਸਿੰਘ ਵਕਤਾ, ਪ੍ਰੋ. ਨਿਰਮਲ ਸਿੰਘ ਜੌੜਾ, ਰਮੇਸ਼ ਯਾਦਵ, ਗੁਰਦੇਵ ਸਿੰਘ ਮਹਿਲਾਂਵਾਲਾ, ਰਮੇਸ਼ ਕੌੜਾ, ਗੁਰਚਰਨ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media