ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਥਾਨਕ ਬੱਚਤ ਭਵਨ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਅਧਿਕਾਰੀਆਂ ਨੂੰ ਡਿੳੂਟੀਆਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਮਾਹੋਰ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ’ਤੇ ਆਧਾਰਿਤ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸੱਭਿਆਚਾਰਕ ਪ੍ਰੋਗਰਾਮ ਲਈ ਸਕੂਲਾਂ ਦੀਆਂ ਟੀਮਾਂ ਦੀ ਚੋਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਸਕੂਲਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਦੇਸ਼ ਭਗਤੀ ਦਾ ਸੰਦੇਸ਼ ਵੱਧ ਤੋਂ ਵੱਧ ਫੈਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ, ਹੋਮ ਗਾਰਡ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵਲੋਂ ਪੀ. ਟੀ ਸ਼ੋਅ ਵੀ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਸਮਾਗਮ ਮੌਕੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਦੀ ਹਦਾਇਤ ਕੀਤੀ।ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫਾਈ ਨੂੰ ਪੂਰੀ ਤਰਾਂ ਯਕੀਨੀ ਬਣਾਉਣ ਅਤੇ ਸਟੇਡੀਅਮ ਦੀ ਸਜਾਵਟ ਕਰਨ ਲਈ ਕਿਹਾ।ਉਨ੍ਹਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ ਅਤੇ ਨੀਤਿਸ਼ ਸਿੰਗਲਾ ਅਤੇ ਡੀ.ਟੀ.ਓ ਕੰਵਲਜੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਵ ਅਰੋੜਾ, ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ, ਡੀ.ਸੀ.ਪੀ ਹੈਡਕੁਆਟਰ ਜਗਜੀਤ ਸਿੰਘ ਵਾਲੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media