ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲਾ ਬੁਨਿਆਦੀ ਢਾਂਚਾ ਸਕੀਮ ਸਲਾਹਕਾਰੀ ਕਮੇਟੀ (ਦਿਸ਼ਾ) ਦੀ ਬੈਠਕ ਕੀਤੀ ਜਿਸ ਦੌਰਾਨ ਉਨਾਂ ਨੇ ਬਠਿੰਡਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ’ਚ ਚਲਦੀਆਂ ਕੇਂਦਰੀ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ।ਉਨਾਂ ਦੱਸਿਆ ਕਿ ਦਿਸ਼ਾ ਕਮੇਟੀ ਨੂੰ ਪਹਿਲਾਂ ਜ਼ਿਲਾ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਵਜੋਂ ਜਾਣਿਆ ਜਾਂਦਾ ਸੀ।ਉਨਾਂ ਕਿਹਾ ਕਿ ਦਿਸ਼ਾ ਕਮੇਟੀ ਹੇਠ ਭਾਰਤ ਸਰਕਾਰ ਦੇ 28 ਸਕੀਮਾਂ ਤਹਿਤ ਚਲਦੇ ਕਾਰਜਾਂ ਦੀ ਸਮੀਖਿਆ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਵੱਖ-ਵੱਖ ਯੋਜਨਾਵਾਂ ਤਹਿਤ ਕੀਤੇ ਗਏ ਖ਼ਰਚੇ ਸਬੰਧੀ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਏ ਜਾਣ। ਉਨਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ’ਚੋਂ ਇੱਕ ਹੈ ਅਤੇ ਇਸ ਦਾ ਮੁੱਖ ਉਦੇਸ਼ ਸਾਡੇ ਆਲੇ-ਦੁਆਲੇ ਦੀ ਸਫ਼ਾਈ ਅਤੇ ਦੇਸ਼ ਦਾ ਵਿਕਾਸ ਹੈ। ਬੈਠਕ ਦੌਰਾਨ ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨਾਂ ਕਿਹਾ ਕਿ ਗ਼ਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਨੂੰ ਪੈਨਸ਼ਨ ਸਮੇਂ ਸਿਰ ਵੰਡੀ ਜਾਣੀ ਚਾਹੀਦੀ ਹੈ।ਇੰਟੇਗ੍ਰੇਟਿਡ ਚਾਇਲਡ ਡਿਵੈਲਪਮੈਂਟ ਸਕੀਮ ਤਹਿਤ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਆਪਣੀਆਂ ਲੋੜਾਂ ਸਮੇਂ ਸਿਰ ਸਰਕਾਰ ਕੋਲ ਪਹੁੰਚਾਉਣ ਅਤੇ ਯਕੀਨੀ ਬਣਾਇਆ ਜਾਵੇ ਕਿ ਇਨਾਂ ਕੇਂਦਰਾਂ ’ਚ ਆਉਣ ਵਾਲੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਇੱਕ ਸਾਲ ਤੋਂ ਛੋਟੇ ਬੱਚੇ ਦੀ ਮਾਂ ਨੂੰ ਬਣਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।ਕੌਮੀ ਸਿਹਤ ਮਿਸ਼ਨ ਤਹਿਤ ਉਨਾਂ ਨੇ ਤਿੰਨੋਂ ਜ਼ਿਲਿਆਂ ’ਚ ਹੋ ਰਹੇ ਕੰਮ ਦਾ ਜਾਇਜ਼ਾ ਲਿਆ। ਇਸੇ ਤਰਾਂ ਸਰਬ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਸਕੂਲਾਂ ’ਚ ਕਰਵਾਏ ਗਏ ਵੱਖ-ਵੱਖ ਕਾਰਜਾਂ ਬਾਰੇ ਸਮੀਖਿਆ ਕੀਤੀ। ਕੌਮੀ ਪੇਂਡੂ ਰੁਜ਼ਗਾਰ ਮਿਸ਼ਨ, ਹੁਨਰ ਵਿਕਾਸ ਮਿਸ਼ਨ, ਫੂਡ ਸਪਲਾਈ ਵਿਭਾਗ,ਪ੍ਰਧਾਨ ਮੰਤਰੀ ਆਵਾਸ ਯੋਜਨਾ,ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਆਦਿ ਸਬੰਧੀ ਵੀ ਉਨਾਂ ਨੇ ਸਮੀਖਿਆ ਕੀਤੀ।
ਇਸ ਮੌਕੇ ਵਿਧਾਇਕ ਮਾਨਸਾ ਨਾਜ਼ਰ ਸਿੰਘ ਮਾਨਸ਼ਾਹੀਆ, ਮੇਅਰ ਨਗਰ ਨਿਗਮ ਬਠਿੰਡਾ ਬਲਵੰਤ ਰਾਏ ਨਾਥ, ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ, ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਸੁਮੀਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ ਅਤੇ ਬਠਿੰਡਾ, ਮੁਕਤਸਰ ਅਤੇ ਮਾਨਸਾ ਦੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਮੌਜੂਦ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media