ਨਵੀਂ ਦਿੱਲੀ, 26 (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ।ਇਸ ਤੋਂ ਬਾਅਦ ਉਨ੍ਹਾਂ ਨੇ ਪੂਰਣੀਆ ਵਿੱਚ ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦੀ ਪੂਰਤੀ, ਰਾਹਤ ਅਤੇ ਪੁਨਰਵਾਸ ਦੇ ਕਾਰਜਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ।ਸਮੀਖਿਆ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਾਜ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਨੇ 500 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਨੁਕਸਾਨ ਦੇ ਮੁਲਾਂਕਣ ਲਈ ਤੁਰੰਤ ਹੀ ਇੱਕ ਕੇਂਦਰੀ ਟੀਮ ਭੇਜਣ ਦਾ ਵੀ ਵਿਸ਼ਵਾਸ ਦਿੱਤਾ ਹੈ।ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਕਿਸਾਨਾਂ ਦੇ ਫਸਲ ਬੀਮੇ ਨਾਲ ਸਬੰਧਤ ਦਾਅਵਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਬੀਮਾ ਕੰਪਨੀਆਂ ਆਪਣੇ ਨਿਰੀਖਕ ਤੁਰੰਤ ਪ੍ਰਭਾਵਿਤ ਖੇਤਰਾਂ ਵਿੱਚ ਭੇਜਣ, ਜਿਸ ਨਾਲ ਕਿਸਾਨਾਂ ਨੂੰ ਛੇਤੀ ਹੀ ਰਾਹਤ ਪਹੁੰਚਾਈ ਜਾ ਸਕੇ।ਹੜ੍ਹਾਂ ਨਾਲ ਪ੍ਰਭਾਵਿਤ ਸੜਕਾਂ ਦੀ ਮੁਰੰਮਤ ਲਈ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਨੂੰ ਉਚਿਤ ਕਾਰਵਾਈ ਕਰਨ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ।ਹੜ੍ਹਾਂ ਨਾਲ ਪ੍ਰਭਾਵਿਤ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਛੇਤੀ ਬਹਾਲੀ ਲਈ ਵੀ ਕੇਂਦਰ, ਰਾਜ ਸਰਕਾਰ ਦੀ ਹਰ ਸੰਭਵ ਮਦਦ ਕਰੇਗਾ।
ਪ੍ਰਧਾਨ ਮੰਤਰੀ ਰਾਹਤ ਕੋਸ਼ ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਦੀ ਹਾਲੀਆ ਭਾਰਤ ਯਾਤਰਾ ਦੇ ਦੌਰਾਨ ਉਨ੍ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦਰਮਿਆਨ ਇਸ ਗੱਲ `ਤੇ ਸਹਿਮਤੀ ਬਣੀ ਹੈ ਕਿ ਸਪਤਕੋਸੀ ਹਾਈ ਡੈਮ ਪ੍ਰੋਜੈਕਟ ਅਤੇ ਸੁਨਕੋਸੀ ਸਟੋਰੇਜ਼ ਤੇ ਡਾਇਵਰਸ਼ਨ ਸਕੀਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਛੇਤੀ ਹੀ ਤਿਆਰ ਕੀਤੀ ਜਾਵੇਗੀ।ਦੋਵੇਂ ਦੇਸ਼ ਸਰਹੱਦੀ ਇਲਾਕਿਆਂ ਵਿੱਚ ਸੇਮ ਅਤੇ ਹੜ੍ਹਾਂ ‘ਤੇ ਕੰਟਰੋਲ ਕਰਨ ਸਬੰਧੀ ਵੀ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਗੇ।ਇਸ ਨਾਲ ਪੁਰੇ ਖੇਤਰ ਵਿੱਚ ਹੜ੍ਹਾਂ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media