Friday, March 27, 2026

ਡੇਂਗੂ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਚਲਾਵੇਗਾ ਜਾਗਰੂਕਤਾ ਮੁਹਿੰਮ

7 ਦਿਨ ਸਾਫ ਪਾਣੀ ਖੜਾ ਰਹਿਣ ਨਾਲ ਪੈਦਾ ਹੋ ਸਕਦਾ ਹੈ ਡੇਂਗੂ ਦਾ ਮੱਛਰ – ਡਾ. ਪ੍ਰਭਜੋਤ ਕੌਰ
PPN2908201705ਅੰਮਿ੍ਤਸਰ, 29 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਤਿਆਰੀ ਕਰ ਲਈ ਹੈ।ਸਿਹਤ ਵਿਭਾਗ ਵਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਡੇਂਗੂ ਦੀ ਬੀਮਾਰੀ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਇਸਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਾਵਾਂ ਬਾਰੇ ਜਾਰਗੂਕ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਿਹਤ ਵਿਭਾਗ, ਨਗਰ ਨਿਗਮ, ਲੋਕਲ ਬਾਡੀਜ਼ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਈ.ਐਮ.ਏ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ, ਅਤੇ ਪਸ਼ੂ ਪਾਲਣ ਵਿਭਾਗ ਦੇ ਨੁਮਾਇਂਦਿਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨਗੇ ਤਾਂ ਜੋ ਜ਼ਿਲੇ ’ਚ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾ ਸਕੇ।ਉਨਾਂ ਕਿਹਾ ਕਿ ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਸ਼ਹਿਰੀ ਵਸੋਂ ਨੂੰ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾਵੇ।ਉਨਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੁੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਬੱਚੇ ਆਪਣੇ-ਆਪਣੇ ਘਰਾਂ ਵਿੱਚ ਖੜਾ ਪਾਣੀ ਸਾਫ਼ ਕਰਨ ਲਈ ਅੱਗੇ ਆਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲੇ ’ਚ ਹਰ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦੇ ਪੀੜਤ ਮਰੀਜਾਂ ਦਾ ਜਾਣਕਾਰੀ ਰੱਖੀ ਜਾਵੇ ਤਾਂ ਜੋ ਸਮੇਂ ਸਿਰ ਅਜਿਹੇ ਮਰੀਜਾਂ ਦਾ ਇਲਾਜ ਕੀਤਾ ਜਾ ਸਕੇ।ਉਨਾਂ ਕਿਹਾ ਕਿ ਨਿੱਜੀ ਹਸਪਤਾਲਾਂ ਲਈ ਵੀ ਇਹ ਲਾਜ਼ਮੀ ਹੈ ਕਿ ਉਹ ਆਪਣੇ ਹਸਪਤਾਲ ’ਚ ਇਲਾਜ ਲਈ ਆਏ ਹਰ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਸਵਾਈਨ ਫਲੂ ਦੇ ਮਰੀਜਾਂ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦੇਵੇ।ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਇਨਾਂ ਬਿਮਾਰੀਆਂ ਦਾ ਇਲਾਜ ਅਤੇ ਸਾਰੇ ਟੈਸਟ ਕਰਨ ਦੀ ਸੁਵਿਧਾ ਉਪਲੱਬਧ ਹੈ।ਉਨਾਂ ਕਿਹਾ ਕਿ ਜੇਕਰ ਕੋਈ ਨਿੱਜੀ ਹਸਪਤਾਲ ਅਜਿਹੇ ਮਰੀਜਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਨਹੀਂ ਦਿੰਦਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।ਉਨਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸੂਚਨਾ ਨਾ ਦੇਣ ਵਾਲੇ ਨਿੱਜੀ ਹਸਪਤਾਲਾਂ ਖਿਲਾਫ ਮੈਡੀਕਲ ਕੌਂਸਲ ਆਫ ਇੰਡੀਆ ਨੂੰ ਉਨਾਂ ਹਸਪਤਾਲਾਂ ਦੀ ਰਜਿਸਟਰੇਸ਼ਨ ਰੱਦ ਕਰਨ ਲਈ ਲਿਖਿਆ ਜਾਵੇ।
ਜ਼ਿਲਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਜੇਕਰ ਕੋਈ ਵੀ ਸ਼ੱਕੀ ਮਰੀਜ ਆਉਂਦਾ ਹੈ ਤਾਂ ਉਸ ਦਾ ਟੈਸਟ ਬਿਲਕੁੱਲ ਮੁਫਤ ਸਰਕਾਰੀ ਮੈਡੀਕਲ ਕਾਲਜ ਦੀ ਲੈਬ ਵਿੱਚ ਕੀਤਾ ਜਾਂਦਾ ਹੈ। ਪੋਜੀਟਿਵ ਕੇਸ ਹੋਣ ਦੀ ਸੂਰਤ ਵਿੱਚ ਸਰਕਾਰੀ ਹਸਪਤਾਲ ’ਚ ਦਵਾਈ ਬਿਲਕੁੱਲ ਮੁਫਤ ਦਿੱਤੀ ਜਾਂਦੀ ਹੈ, ਜਦਕਿ ਇਸ ਦੇ ਉਲਟ ਪ੍ਰਾਈਵੇਟ ਡਾਕਟਰ ਮਰੀਜਾਂ ਦੀ ਇਸ ਸਥਿਤੀ ਦਾ ਨਜਾਇਜ ਫਾਇਦਾ ਉਠਾ ਰਹੇ ਹਨ ਅਤੇ ਟੈਸਟ ਦੇ 5000 ਰੁਪਏ ਤੋ ਲੈ ਕੇ  6000 ਰੁਪਏ ਤੱਕ ਵਸੂਲ ਕਰ ਰਹੇ ਹਨ ਤੇ ਦਵਾਈ ਦਾ ਇੱਕ ਪੱਤਾ ਕਰੀਬ 500 ਰੁਪਏ ਵਿੱਚ ਵੇਚ ਰਹੇ ਹਨ। ਉਨਾਂ ਨੇ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਨੂੰ ਗੁਮਰਾਹ ਹੋਣ ਤੋ ਬਚਾਉਣ ਵਿਚ ਸਿਹਤ ਵਿਭਾਗ ਦੀ ਮਦਦ ਕੀਤੀ ਜਾਵੇ ਅਤੇ ਜਿਥੇ ਵੀ ਕੋਈ ਸ਼ੱਕੀ ਮਰੀਜ਼ ਉਨਾਂ ਦੇ ਸੰਪਰਕ ਵਿੱਚ ਆਉਂਦਾ ਹੈੇ ਉਸਨੂੰ ਕੇਵਲ ਤੇ ਕੇਵਲ ਸਰਕਾਰੀ ਹਸਪਤਾਲ ਵਿਚ ਹੀ ਇਲਾਜ ਲਈ ਭੇਜਿਆ ਜਾਵੇ।
ਡਾ. ਮਦਨ ਨੇ ਦਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ 7 ਦਿਨ ਤੱਕ ਖੜਾ ਰਹੇ, ਉਥੇ ਮਛਰ ਤਿਆਰ ਹੋ ਜਾਂਦਾ ਹੈ।ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲਣਾ ਵੀ ਜਰੂਰੀ ਹੈ।ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply