ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸ਼ਾਲ ਲੰਗਰ ਹਾਲ ਦਾ ਉਦਘਾਟਨ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਗੁਰਮਤਿ
ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ, ਕਵੀਸ਼ਰ, ਭਾਈ ਨਰਿੰਦਰ ਸਿੰਘ ਬੱਗਾ ਅਤੇ ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ।ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਅਤੇ ਖ਼ਾਸਕਰ ਨੌਜਵਾਨੀ ਨੂੰ ਸ਼ਬਦ-ਗੁਰੂ ਅਤੇ ਸਿੱਖੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਬੰਧ ਵਿਚ ਵਿਧੀਵਤ ਢੰਗ ਨਾਲ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ।ਉਨ੍ਹਾਂ ਆਖਿਆ ਕਿ ਗੁਰਬਾਣੀ ਦੀ ਵਿਚਾਰਧਾਰਾ ਮਨੁੱਖ ਦੇ ਹਰ ਮਸਲੇ ਦਾ ਹੱਲ ਦਿੰਦੀ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਸੁਝਾਇਆ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਆਰਥਿਕ ਪ੍ਰਬੰਧ ਸਮਾਜ ਦੀ ਤਰੱਕੀ ਲਈ ਸਭ ਤੋਂ ਉੱਤਮ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ, ਪਤਿਤਪੁਣਾ, ਭਰੂਣ ਹੱਤਿਆ ਜਿਹੀਆਂ ਸਮਾਜਿਕ ਕੁਰੀਤੀਆਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ਦੇ ਲੜ੍ਹ ਲੱਗਣ ਤਾਂ ਜੋ ਸਮਾਜ ਸਿਹਤਮੰਦ ਬਣ ਸਕੇ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਤਿਆਰ ਕਰਵਾਏ ਗਏ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ।ਗੁਰਦੁਆਰਾ ਸਾਹਿਬ ਵੱਲੋਂ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਬਿਕਰਮਜੀਤ ਸਿੰਘ ਕੋਟਲਾ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ, ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਮੈਨੇਜਰ ਹਰਵਿੰਦਰ ਸਿੰਘ ਵੱਲੋਂ ਪ੍ਰੋ. ਬਡੂੰਗਰ ਨੂੰ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਹਰਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਨਵਤੇਜ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media