ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜਤ ਸਿੰਘ ਭਿੱਟੇਵੱਡ ਦੇ ਯਤਨਾਂ ਨਾਲ ਛੇਵੇਂ ਪਾਤਸ਼ਾਹ ਜੀ
ਨਾਲ ਸੰਬੰਧਤ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਅਤੇ ਲੈਕਚਰ ਮੁਕਾਬਲੇ ਵਿਸ਼ੇਸ਼ ਸਨ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਅਤੇ ਖ਼ਾਸਕਰ ਸਕੂਲੀ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਉਨ੍ਹਾਂ ਆਖਿਆ ਕਿ ਨੌਜੁਆਨ ਪੀੜ੍ਹੀ ਨੂੰ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਤੋਂ ਬਚਾਅ ਕੇ ਰੱਖਣਾ ਅੱਜ ਦੀ ਵੱਡੀ ਚੁਣੌਤੀ ਹੈ, ਜਿਸ ਵਿੱਚੋਂ ਜੇਤੂ ਬਣ ਕੇ ਨਿਕਲਣ ਲਈ ਸਿੱਖ ਸੰਸਥਾਵਾਂ, ਮਾਪੇ ਅਤੇ ਵਿਦਿਅਕ ਅਦਾਰੇ ਵੱਡਾ ਯੋਗਦਾਨ ਪਾ ਸਕਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਦਾਜ, ਭਰੂਣ ਹੱਤਿਆਂ, ਨਸ਼ੇ, ਰਿਸ਼ਵਤਖੋਰੀ, ਆਪਣੀ ਵੈਰ-ਵਿਰੋਧ ਤੋਂ ਬਚਣ ਲਈ ਗੁਰਮਤਿ ਦੀ ਵਿਚਾਰਧਾਰਾ ਸੁਚੱਜਾ ਜੀਵਨ ਰਾਹ ਦਿਖਾਉਂਦੀ ਹੈ। ਇਸ ਲਈ ਸਾਨੂੰ ਗੁਰਬਾਣੀ ਨੂੰ ਆਪਣੇ ਜੀਵਨ ਅੰਦਰ ਅਮਲੀ ਰੂਪ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸੁਰਜੀਤ ਸਿੰਘ ਭਿੱਟੇਵੱਡ ਵੱਲੋਂ ਹਲਕੇ ਦੇ ਸਕੂਲੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਕੀਤੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਨਿਰ-ਸੰਦੇਹ ਇਸ ਦੇ ਸਾਰਥਿਕ ਨਤੀਜੇ ਨਿਕਲਣਗੇ।
ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਸਮਾਗਮ ਆਯੋਜਿਤ ਸੁਰਜੀਤ ਸਿੰਘ ਭਿੱਟੇਵੱਡ ਨੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਹਲਕੇ ਵਿਚ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ 30 ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਦੇ ਧਾਰਮਿਕ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ।ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਅਵੱਲ ਆਏ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਿਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਵਿਚ ਅਕਾਲੀ ਆਗੂ ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ਼, ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਚਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਪ੍ਰਿੰਸੀਪਲ ਬਲਦੇਵ ਸਿੰਘ, ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ, ਜਤਿੰਦਰਪਾਲ ਸਿੰਘ, ਅਜੀਤ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਬਰਾੜ, ਪ੍ਰਚਾਰਕ ਭਾਈ ਪ੍ਰਮਿੰਦਰ ਸਿੰਘ, ਭਾਈ ਤਰਸੇਮ ਸਿੰਘ, ਭਾਈ ਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media