Thursday, March 26, 2026

ਪਰਾਲੀ ਨੂੰ ਅਗ ਲਗਾਉਣ ਨਾਲ ਪੈਦਾ ਹੁੰਦੀਆਂ ਹਨ ਜ਼ਹਿਰਲੀਆਂ ਗੈਸਾਂ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਨ ਨੂੰ ਪਰਾਲੀ ਦੇ ਧੂੰਏ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਅੰਮਿ੍ਤਸਰ ਵੱਲੋਂ Parali on Fireਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ।ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਖੇਤਾਂ ’ਚ ਪਰਾਲੀ ਆਦਿ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 30 ਸਤੰਬਰ ਤੱਕ ਜ਼ਿਲੇ ਦੇ 90 ਪਿੰਡਾਂ ’ਚ ਖੇਤੀਬਾੜੀ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨਾਂ ਕਿਹਾ ਕਿ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਕੋਲ ਜਾ ਕੇ ਉਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ’ਚ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਮੁਹਿੰਮ ਦਾ ਹਾਂ ਪੱਖੀ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਤਹੱਈਆ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਸੰਭਾਲ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਮਾਨਯੋਗ ਨੈਸ਼ਨਲ ਗਰੀਨ ਟਿ੍ਰਬਿਊਨਲ ਵਲੋਂ ਜੋ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਫੈਸਲਾ ਕੀਤਾ ਹੋਇਆ ਹੈ ਉਸ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾਈਟ੍ਰੋਜ਼ਨ, ਫ਼ਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿਚ ਧਰਤੀ ਦੇ ਲਘੂ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿਚ ਸਾਹ ਦੀ ਤਕਲੀਫ, ਅੱਖਾਂ ਵਿਚ ਜਲਣ ਅਤੇ ਚਮੜੀ ਦੇ ਰੋਗ ਹੋਣ ਦਾ ਖਤਰਾ ਵੱਧ ਜਾਂਦਾ ਹੈ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਵੱਡੇ ਮੌਸਮੀ ਬਦਲਾਅ ਪਹਿਲਾਂ ਹੀ ਸਾਡੇ ਸਾਹਮਣੇ ਹਨ, ਜਿਸ ਨਾਲ ਕਿਧਰੇ ਹੜ ਅਤੇ ਕਿਧਰੇ ਸੋਕਾ ਪੈ ਰਿਹਾ ਹੈ।ਉਨਾਂ ਕਿਹਾ ਕਿ ਤਾਪਮਾਨ ਵਧਣ ਕਾਰਨ ਵੱਡੀਆਂ ਜਲਵਾਯੂ/ਮੌਸਮੀ ਤਬਦੀਲੀਆਂ ਪੈਦਾ ਹੋ ਰਹੀਆਂ ਹਨ ਜੋ ਧਰਤੀ ਦੇ ਜੀਵਨ ਲਈ ਵੀ ਖਤਰਾ ਬਣਿਆ ਹੋਇਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ’ਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਅਜਿਹਾ ਕਰਨ ਨਾਲ ਜਿਥੇ ਵਾਤਾਵਰਨ ਵੀ ਦੂਸ਼ਿਤ ਨਹੀਂ ਹੋਵੇਗਾ ਉਥੇ ਉਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ।ਉਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਕਿਸਾਨ ਮਨਾਹੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਨੂੰ 2500 ਰੁਪਏ ਤੋਂ 15000 ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply