ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਉੱਤੇ ਅਮਲ ਕਰਦੇ ਚਾਈਲਡ ਵੈਲਫੇਅਰ ਕੌਸ਼ਲ, ਰੈਡ ਕਰਾਸ, ਪੁਲਿਸ, ਜਿਲਾ ਸਿੱਖਿਆ ਵਿਭਾਗ ਜਿਲਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ, ਰੇਲਵੇ ਪੁਲਿਸ ਅਤੇ ਜਿਲਾ ਬਾਲ ਸੁਰੱਖਿਆ ਅਧਿਕਾਰੀਆਂ ਨੇ ਸ਼ਹਿਰ ਵਿਚ ਭੀਖ ਮੰਗਣ ਵਾਲੇ ਅਤੇ ਦੁਕਾਨਾਂ ਤੇ ਹੋਰ ਕਾਰੋਬਾਰੀਆਂ ਅਦਾਰਿਆਂ ਵਿਚ ਬਾਲ ਮਜ਼ਦੂਰੀ ਕਰਦੇ ਬੱਚਿਆਂ ਤੇ ਉਨਾਂ ਤੋਂ ਕੰਮ ਕਰਵਾ ਰਹੇ ਮਾਲਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੱਖ ਵੱਖ ਥਾਵਾਂ ਉੱਤੇ ਛਾਪੇ ਮਾਰੇ। ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਬਾਲ ਸੁਰੱਖਿਆ ਅਧਿਕਾਰੀ ਸ੍ਰੀਮਤੀ ਮਨਪ੍ਰੀਤ ਕੌਰ ਸਰਾਂ ਨੇ ਦੱਸਿਆ ਕਿ ਰੇਲਵੇ ਅਤੇ ਬੱਸ ਸਟੈਂਡ ਉੱਤੇ ਭਿਖਾਰੀਆਂ ਅਤੇ ਇਸ ਦੇ ਨਾਲ ਲਗਦੀਆਂ ਦੁਕਾਨਾਂ ਉੱਤੇ ਕੰਮ ਕਰਦੇ ਬਾਲ ਮਜ਼ਦੂਰਾਂ ਨੂੰ ਰੋਕਣ ਲਈ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਭੀਖ ਮੰਗ ਰਹੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਪਹਿਲੀ ਵਾਰ ਚੇਤਾਵਨੀ ਦੇਕੇ ਛੱਡ ਦਿੱਤਾ ਗਿਆ ਹੈ, ਪਰ ਭਵਿੱਖ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ 3 ਤੋਂ 7 ਸਾਲ ਤੱਕ ਦੀ ਸਜਾ ਹੋ ਸਕਦੀ ਹੈ।
ਉਨਾਂ ਨੇ ਸਪੱਸ਼ਟ ਕੀਤਾ ਕਿ ਬਾਲ ਮਜ਼ਦੂਰੀ ਅਤੇ ਭੀਖ ਦੋਵੇਂ ਕੰਮ ਗੈਰ ਕਾਨੂੰਨੀ ਹਨ, ਜੋ ਕਿ ਇਸ ਪਵਿਤਰ ਤੇ ਇਤਿਹਾਸਕ ਨਗਰੀ ਵਿਚ ਬਰਦਾਸ਼ਤ ਨਹੀਂ ਕੀਤੇ ਜਾਣਗੇ।ਉਨਾਂ ਕਿਹਾ ਕਿ ਭਵਿੱਖ ਵਿੱਚ ਭੀਖ ਮੰਗਣ ਅਤੇ ਭੀਖ ਦੇਣ ਵਾਲਿਆਂ ਦੋਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਹਰ ਹਫਤੇ ਇਹ ਛਾਪੇ ਨਿਰੰਤਰ ਜਾਰੀ ਰੱਖੇ ਜਾਣਗੇ।
ਸ੍ਰੀਮਤੀ ਸਰਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਘਾ ਨੇ ਇਸ ਕੰਮ ਲਈ ਪੁਲਿਸ ਤੇ ਦੂਸਰੇ ਵਿਭਾਗਾਂ ਨਾਲ ਤਾਲਮੇਲ ਕਰਨ ਵਾਸਤੇ ਸਹਾਇਕ ਜਨਰਲ ਵਿਕਾਸ ਹੀਰਾ ਨੂੰ ਇਸ ਕੰਮ ਲਈ ਨੋਡਲ ਅਧਿਕਾਰੀ ਲਗਾਉਂਦੇ ਹੋਏ ਹਦਾਇਤ ਕੀਤੀ ਹੈ ਕਿ ਹਰੇਕ ਮਹੀਨੇ ਇਸ ਮੁਹਿੰਮ ਦੀ ਸਮੀਖਿਆ ਕੀਤੀ ਜਾਵੇ।ਇਸ ਮੁਹਿੰਮ ਵਿਚ ਗੈਰ ਸਰਕਾਰੀ ਸੰਸਥਾਵਾਂ ਅਤੇ ਸ਼ਹਿਰ ਦੇ ਹੋਰ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕਰਦੇ ਸ੍ਰੀਮਤੀ ਸਰਾਂ ਨੇ ਕਿਹਾ ਕਿ ਜੇਕਰ ਉਹ ਬਾਲ ਮਜ਼ਦੂਰੀ ਜਾਂ ਬੱਚਿਆਂ ਕੋਲੋਂ ਭੀਖ ਮੰਗਵਾਉਂਦੇ ਦੇਖਦੇ ਹਨ ਤਾਂ ਚਾਈਲਡ ਹੈਲਪਲਾਈਨ ਨੰ: 1098 ਉੱਤੇ ਸੰਪਰਕ ਕਰ ਸਕਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media