
ਅੰਮ੍ਰਿਤਸਰ 16 ਜੁਲਾਈ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਸਰਵਉੱਚ ਤਖ਼ਤ ਸੀ੍ਰ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਨੰਦਗੜ੍ਹ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਜਥੇਦਾਰ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਮੂਲੀਅਤ ਕੀਤੀ।
ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ਵਿੱਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਤ ਸਮਾਜ ਦੇ ਆਗੂਆਂ ਨੇ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਅਤੇ ਗੱਲਬਾਤ ਰਾਹੀਂ ਹਰਿਆਣਾ ਦੀ ਹੁੱਡਾ ਸਰਕਾਰ ਵਲੋਂ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਬਾਰੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਮਹਿਸੂਸ ਕਰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜੋਰ ਕਰਨ, ਭੰਨਣ-ਤੋੜਨ ਦੀ ਨੀਤੀ ਸਮੁੱਚੇ ਖਾਲਸਾ ਪੰਥ ਲਈ ਚਿੰਤਾ ਦਾ ਸਬੱਬ ਹੈ। ਕਾਂਗਰਸ ਸਰਕਾਰ ਨੇ ਹਮੇਸ਼ਾਂ ਸਿੱਖ ਕੌਮ ਨਾਲ ਨਾਦਰਸ਼ਾਹੀ ਰੁਖ ਹੀ ਅਪਣਾਇਆ ਹੈ। ਅੱਜ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਦੇ ਨਾਪਾਕ ਯਤਨਾਂ ਨੇ ਵਿਸ਼ਵ-ਵਿਆਪੀ ਭਾਈਚਾਰੇ ਦੇ ਹਰ ਪ੍ਰਾਣੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ੧੯੨੫ ਵਿਚ ਗੁਰਦੁਆਰਾ ਐਕਟ ਦੇ ਹੋਂਦ ਵਿਚ ਆਉਣ ਦੇ ਬਾਅਦ ਅੰਗਰੇਜ਼ ਸਾਮਰਾਜ ਵੀ ਗੁਰਦੁਆਰਿਆਂ ਵਿਚ ਦਖ਼ਲ ਦੇਣ ਤੋਂ ਤੋਬਾ ਕਰ ਗਿਆ ਸੀ, ਪਰ ਕਾਂਗਰਸ ਸਰਕਾਰ ਸਮੇਂ-ਸਮੇਂ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰਦੀ ਰਹੀ ਹੈ। ਕਦੀ ਸਾਧ ਸੰਗਤ ਬੋਰਡ ਬਣਾ ਕੇ, ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੋਲੀ ਚਲਾ ਕੇ ਅਤੇ ਕਦੀ ਪੈਪਸੂ ਦੇ ਗੁਰਦੁਆਰੇ ਸ਼ਾਮਲ ਕਰਾ ਕੇ ਸ਼੍ਰੋਮਣੀ ਕਮੇਟੀ ‘ਤੇ ਹਰ ਹੀਲੇ ਕਬਜਾ ਕਰਨ ਦੀਆਂ ਸਾਜਿਸ਼ਾਂ ਰਚਦੀ ਰਹੀ ਹੈ। ਹਰਿਆਣੇ ਲਈ ਵੱਖਰੀ ਕਮੇਟੀ ਦੀ ਗੱਲ ਸਿੱਖ ਕੌਮ ‘ਤੇ ਸਿੱਧਾ ਹਮਲਾ ਹੈ।
ਉਨ੍ਹਾਂ ਰੋਹ ਭਰੇ ਲਹਿਜੇ ਵਿੱਚ ਕਿਹਾ ਕਿ ਖਾਲਸਾ ਪੰਥ ਕਲਗੀਆਂ ਵਾਲੇ ਦੀਆਂ ਬਖਸ਼ਿਸ਼ਾਂ ਦਾ ਤਲਬਗਾਰ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਇਸ ਹਮਲੇ ਦਾ ਮੂੰਹ ਤੋੜ ਜਵਾਬ ਦੇਣ ਲਈ ਇਕ ਮੁੱਠ ਹੋਵੇ। ਉਨ੍ਹਾਂ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਤ ਸਮਾਜ ਸਿੱਖ ਪੰਥ ਵਲੋਂ ਵਿੱਢੇ ਇਸ ਸੰਘਰਸ਼ ਵਿਚ ਅੱਗੇ ਹੋ ਕੇ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ‘ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾਨ ਪਿਆਰੇ ਖਾਲਸਾ ਜੀ ਨੂੰ ਪ੍ਰਾਪਤ ਹੋਵੇ’ ਦੇ ਸੰਕਲਪ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਅਰਦਾਸ ਕਰਨ ਹੋਈ, ਪਰ ਅੱਜ ਇਸ ਦੀ ਹੋਂਦ ਨੂੰ ਗੰਭੀਰ ਖਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸੌ ਸਾਲ ਲਹੂ ਹੰਗਾਲੇ ਸਿੱਖ ਇਤਿਹਾਸ ਨੇ ਇਸ ਗੱਲ ਦੀ ਗਵਾਹੀ ਭਰੀ ਹੈ ਕਿ ਕਾਂਗਰਸ ਦੀ ਹਰ ਵਕਤੀ ਹਕੂਮਤ ਨੇ ਸਿੱਖਾਂ ਦੇ ਸ਼ਕਤੀ ਸੋਮੇ ਗੁਰਦੁਆਰਿਆਂ ਤੇ ਕਬਜੇ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖਾਂ ਨੇ ਸਿਰ ਧੜ੍ਹ ਦੀ ਬਾਜੀ ਲਗਾ ਕੇ ਇਸ ਨੂੰ ਬਚਾਈ ਰੱਖਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਦੇ ਸਿੱਟੇ ਸਾਡੇ ਸਾਹਮਣੇ ਹਨ। ਉਨ੍ਹਾਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦੇਂਦਿਆਂ ਕਿਹਾ ਕਿ aੁਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣ ਤੋਂ ਬਾਜ ਆਵੇ ਅਤੇ ਸਿੱਖ ਕੌਮ ਨੂੰ ਕਿਸੇ ਵੱਡੇ ਸੰਘਰਸ਼ ਲਈ ਮਜਬੂਰ ਨਾ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੰਡਣ ਵਾਲੇ ਕਦੇ ਵੀ ਸਿੱਖ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਕੁਝ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੇਂ-ਸਮੇਂ ਉਨ੍ਹਾਂ ਨੂੰ ਦਿੱਤੇ ਗਏ ਨਿਰਦੇਸ਼ਾਂ ਦੀ ਅਣਦੇਖੀ ਤੇ ਉਲੰਘਣਾ ਕੀਤੀ ਹੈ ਅਤੇ ਕੌਮ ਨਾਲ ਧ੍ਰੋਹ ਕਮਾਇਆ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖੀ ਪਰੰਪਰਾ ਅਨੁੰਸਾਰ ਸ਼੍ਰੋਮਣੀ ਕਮੇਟੀ ਨੂੰ ਵੰਡਣ ਤੇ ਕਮਜੋਰ ਕਰਨ ਵਾਲੇ ਆਗੂਆਂ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦ ਕੇ ਜਵਾਬ-ਤਲਬੀ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਹਰਿਆਣਾ ਸਮੇਤ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਬੁਲਾਈ ਇਕੱਤਰਤਾ ਵਿਚ ਪਾਸ ਕੀਤੇ ਗਏ ਮਤਿਆਂ ਦੀਆਂ ਕਾਪੀਆਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੂੰ ਸੌਂਪੀਆਂ ਗਈਆਂ।
ਇਸ ਵਿਸ਼ੇਸ਼ ਇਕੱਤਰਤਾ ਵਿਚ ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਹਰਨਾਮ ਸਿੰਘ ਜੀ ਖਾਲਸਾ (ਮੁਖੀ ਦਮਦਮੀ ਟਕਸਾਲ ਸੰਤ ਸਮਾਜ), ਬਾਬਾ ਮੇਜਰ ਸਿੰਘ ਵਾਂ, ਬਾਬਾ ਸੁਖਚੈਨ ਸਿੰਘ (ਜਨਰਲ ਸਕੱਤਰ ਸੰਤ ਸਮਾਜ), ਬਾਬਾ ਅਵਤਾਰ ਸਿੰਘ (ਮੁਖੀ ਬਾਬਾ ਬਿਧੀ ਚੰਦ ਸੰਪਰਦਾ), ਬਾਬਾ ਤਰਸੇਮ ਸਿੰਘ ਮਹਿਤਾ ਚੌਂਕ , ਬਾਬਾ ਤਰਲੌਕ ਸਿੰਘ ਖਿਆਲੇ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਅਮਰੀਕ ਸਿੰਘ ਕਾਰਸੇਵਾ, ਅੰਮ੍ਰਿਤਸਰ, ਬਾਬਾ ਨਾਗਰ ਸਿੰਘ ਅਤੇ ਬਾਬਾ ਨਿਹਾਲ ਸਿੰਘ (ਹਰੀਆਂ ਵੇਲਾਂ), ਬਾਬਾ ਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਂਕ, ਬਾਬਾ ਬਲਬੀਰ ਸਿੰਘ ਮੁਖੀ (ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ੯੬ ਕਰੌੜੀ), ਬਾਬਾ ਗੱਜਣ ਸਿੰਘ (ਤਰਨਾ ਦਲ, ਬਾਬਾ ਬਕਾਲਾ), ਬਾਬਾ ਸਾਧਾ ਜੀ (ਬਾਬਾ ਅਵਤਾਰ ਸਿੰਘ ਬਿਧੀ ਚੰਦ ਸੰਪਰਦਾ), ਬਾਬਾ ਨੌਰੰਗ ਸਿੰਘ (ਤਰਨਾ ਦਲ), ਬਾਬਾ ਸਵਰਨਜੀਤ ਸਿੰਘ (ਮਿਸ਼ਨ ਸ਼ਹੀਦਾਂ ਤਰਨਾ ਦਲ), ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਦਰਸ਼ਨ ਸਿੰਘ (ਟਾਹਲਾ ਸਾਹਿਬ) ਅਤੇ ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਜਥੇਬੰਦੀਆਂ ਸ਼ਾਮਲ ਹੋਈਆਂ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media