Thursday, May 29, 2025
Breaking News

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

PPN160711
ਅੰਮ੍ਰਿਤਸਰ,  16  ਜੁਲਾਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੜੀ ਸਿੰਘ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮ, ਕੌਮ ਤੇ ਮਾਨਵਤਾ ਦੀ ਭਲਾਈ ਲਈ ਮੌਤ ਨੂੰ ਹੱਸ ਕੇ ਗਲੇ ਲਗਾਉਣ ਵਾਲੇ ਨੂੰ ਸ਼ਹੀਦ ਕਿਹਾ ਜਾਂਦਾ ਹੈ।ਸਿੱਖ ਇਤਿਹਾਸ ਵਿੱਚ ਅਜਿਹੀਆਂ ਸ਼ਹੀਦੀਆਂ ਦਾ ਕੀਮਤੀ ਖਜਾਨਾ ਹੈ।ਸ਼ਹੀਦੀ ਪ੍ਰੰਪਰਾ ਵਿੱਚ ਭਾਈ ਤਾਰੂ ਸਿੰਘ ਦੀ ਸ਼ਹੀਦੀ ਇੱਕ ਅਹਿਮ ਸਥਾਨ ਰੱਖਦੀ ਹੈ।
ਉਨ੍ਹਾਂ ਕਿਹਾ ਕਿ ਜਕਰੀਆ ਖਾਨ ਨੇ ਜ਼ੁਲਮ ਦੀ ਹੱਦ ਕਰ ਦਿੱਤੀ।ਸਿੰਘਾਂ ਦੀ ਆਓ ਭਗਤ, ਲੰਗਰ ਪਾਣੀ ਦੀ ਸੇਵਾ ਕਰਨ ਵਾਲੇ ਮਹਾਨ ਸਿੱਦਕੀ ਸਿੱਖ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰ ਦਿੱਤੀ ਗਈ, ਪਰ ਉਨ੍ਹਾਂ ਦਾ ਸਿਦਕ ਡੋਲਿਆ ਨਹੀਂ।ਉਹ ਖੋਪਰੀ ਉਤਾਰੇ ਜਾਣ ਤੋਂ ਬਾਅਦ ਵੀ ਬਹੁਤ ਦਿਨ ਜੀਵਤ ਰਹੇ ਸਨ ਤੇ ਜਕਰੀਆ ਖਾਨ ਦੀ ਮੌਤ ਤੋਂ ਬਾਅਦ ਸ਼ਹੀਦੀ ਪ੍ਰਾਪਤ ਕਰ ਗਏ।ਅਜਿਹੇ ਮਹਾਨ ਸ਼ਹੀਦ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।ਸਾਨੂੰ ਸਾਰਿਆਂ ਨੂੰ ਇਸ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਕੇਸ ਕਤਲ ਕਰਵਾਉਣੋਂ ਰੋਕਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਵਿੱਚ ਸਿੱਖੀ ਸਬੰਧੀ ਅਜਿਹਾ ਮਹੌਲ ਤਿਆਰ ਕਰਨਾ ਚਾਹੀਦਾ ਹੈ ਜਿਸ ਨਾਲ ਪਤਿਤਪੁਣੇ ਨੂੰ ਠੱਲ੍ਹ ਪਾਈ ਜਾ ਸਕੇ।ਉਨ੍ਹਾਂ ਕਿਹਾ ਕਿ ਖੰਡੇ ਬਾਟੇ ਦੀ ਪਾਹੁਲ ਛਕ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਜੀਵਨ ਸਫਲਾ ਕਰੀਏ।
ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਪ੍ਰਸਿੱਧ ਢਾਡੀ ਭਾਈ ਹਰਪਾਲ ਸਿੰਘ ਢੰਡ ਦੇ ਜਥੇ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹੀਦੀ ਬਾਰੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ, ਐਡੀਸ਼ਨਲ ਸਕੱਤਰ ਸ.ਦਿਲਜੀਤ ਸਿੰਘ ਬੇਦੀ, ਸ.ਰਣਜੀਤ ਸਿੰਘ ਤੇ ਸ.ਬਲਵਿੰਦਰ ਸਿੰਘ ਜੌੜਾ, ਮੀਤ ਸਕੱਤਰ ਸ.ਬਿਜੈ ਸਿੰਘ ਤੇ ਸ.ਭੁਪਿੰਦਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਐਡੀ:ਮੈਨੇਜਰ ਸ.ਹਰਜਿੰਦਰ ਸਿੰਘ, ਸ.ਭੁਪਿੰਦਰ ਸਿੰਘ ਤੇ ਸ.ਜਤਿੰਦਰ ਸਿੰਘ, ਇੰਚਾਰਜ ਸ.ਸਤਨਾਮ ਸਿੰਘ, ਸ.ਗੁਰਦੇਵ ਸਿੰਘ ਉਬੋਕੇ ਤੇ ਸ.ਜਸਵਿੰਦਰ ਸਿੰਘ, ਸੁਪਰਵਾਈਜਰ ਸ.ਇੰਦਰਮੋਹਣ ਸਿੰਘ ਅਨਜਾਣ, ਏ.ਪੀ.ਆਰ.ਓ. ਸ.ਅਰਵਿੰਦਰ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ ਤੋਂ ਇਲਾਵਾ ਵੱਡੀ ਗਿੱਣਤੀ ‘ਚ ਸਿੱਖ ਸੰਗਤਾਂ ਹਾਜ਼ਰ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …

Leave a Reply