Friday, March 27, 2026

ਸਫ਼ਾਈ ਕਰਮਚਾਰੀ ਸਮਾਜ ਦਾ ਅਹਿਮ ਅੰਗ – ਸਵਾਮੀ ਸਦਾਨੰਦ ਮਹਾਰਾਜ

ਰਾਸ਼ਟਰੀ ਕਮਿਸ਼ਨ ਸਫ਼ਾਈ ਕਰਮਚਾਰੀ ਮੈਂਬਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

PPN3009201711ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਫ਼ਾਈ ਕਰਮਚਾਰੀ ਸਮਾਜ ਦਾ ਅਹਿਮ ਅੰਗ ਹਨ।ਇਸ ਲਈ ਸਮੂਹ ਅਧਿਕਾਰੀ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਇੰਨਾਂ ਦੇ ਬੱਚਿਆਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣ।ਇਸ ਗੱਲ ਦਾ ਪ੍ਰਗਟਾਵਾ ਰਾਸ਼ਟਰੀ ਕਮਿਸ਼ਨ ਸਫ਼ਾਈ ਕਰਮਚਾਰੀ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਨੇ ਅਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਵਾਮੀ ਸਦਾਨੰਦ ਮਹਾਰਾਜ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਫ਼ਾਈ ਕਰਮਚਾਰੀਆਂ ਨਾਲ ਹਮਦਰਦੀ ਵਾਲਾ ਵਰਤਾਓ ਕਰਦੇ ਹੋਏ ਉਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਚਾਹੀਦਾ ਹੈ।ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਉਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇੰਨਾਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ।ਸਵਾਮੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ ਸਫ਼ਾਈ ਕਰਮਚਾਰੀਆਂ ਨੂੰ ਘੱਟੋ-ਘੱਟ ਉਜਰਤਾਂ ਤਹਿਤ ਦਿੱਤੇ ਜਾ ਰਹੇ ਮਿਹਨਤਾਨੇ ਨੂੰ ਯਕੀਨੀ ਬਣਾਉਣ।ਉਨਾਂ ਅਨੁਸੂਚਿਤ ਜਾਤੀ ਭਲਾਈ ਕਾਰਪੋਰੇਸ਼ਨ ਦੇ ਨੁਮਾਇੰਦੇ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ, ਨਗਰ ਕੌਸਲਾਂ ਤੇ ਨਗਰ ਕਮੇਟੀਆਂ ‘ਚ ਤਾਇਨਾਤ ਸਫ਼ਾਈ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਆਰਥਿਕ ਪੱਖੋਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਫ਼ਾਈ ਕਰਮਚਾਰੀਆਂ ਲਈ ਹਰ ਤਿੰਨ ਮਹੀਨੇ ਬਾਅਦ ਸਿਹਤ ਕੈਂਪ ਲਗਾ ਕੇ ਉਨਾਂ ਦਾ ਮੈਡੀਕਲ ਚੈਕ-ਅਪ ਕਰਵਾਉਣਾ ਯਕੀਨੀ ਬਣਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਸਵਾਮੀ ਸਦਾਨੰਦ ਮਹਾਰਾਜ ਨੂੰ `ਜੀ ਆਇਆਂ` ਕਿਹਾ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਫ਼ਾਈ ਕਰਮਚਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਤੇ ਉਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ।ਉਨਾਂ ਮੀਟਿੰਗ ‘ਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਤਹਿਤ ਸਫ਼ਾਈ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਸਮੇਂ ਸਿਰ ਪ੍ਰਦਾਨ ਕਰਨ ਦੇ ਆਦੇਸ਼ ਵੀ ਦਿੱਤੇੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸ਼ਾਕਸੀ ਸਾਹਨੀ, ਜਿਲਾ ਭਲਾਈ ਅਫ਼ਸਰ ਸਰਦੂਲ ਸਿੰਘ, ਜ਼ਿਲਾ ਪ੍ਰੋਗਰਾਮ ਅਫ਼ਸਰ ਰਾਕੇਸ਼ ਵਾਲੀਆ, ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫ਼ਸਰ, ਵੱਖ-ਵੱਖ ਬਲਾਕਾਂ ਦੇ ਸੀ.ਡੀ.ਪੀ.ਓਜ਼ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply