ਪੰਜਾਬ ਦੀ ਕਾਂਗਰਸ ਸਰਕਾਰ ਆਪਣੀਆਂ ਘਿਨਾਉਣੀਆਂ ਚਾਲਾਂ ਤੋਂ ਬਾਜ਼ ਆਵੇ ਗਿ. ਹਰਨਾਮ ਸਿੰਘ ਖਾਲਸਾ
ਅੰਮਿ੍ਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਬਰਗਾੜੀ, ਬਹਿਬਲ ਕਾਂਡ ਦੇ ਖੂਨੀ ਸਾਕੇ ਅਤੇ ਬੇਅਦਬੀ ਦੇ ਵਾਪਰੇ ਮਾਮਲਿਆਂ ਦੀ ਜਾਂਚ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਇਕ ਮੈਂਬਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਮੁਢੋਂ ਰੱਦ ਕਰਨ ਦੇ ਫੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ।ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਵਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਥਾਪੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਨੋਟਿਸ ਭੇਜਣਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਪਾਸੋਂ ਰਿਕਾਰਡ ਮੰਗਣ ਦੀ ਕਾਰਵਾਈ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦੀ ਗਿਣੀ-ਮਿਥੀ ਸਾਜ਼ਿਸ਼ ਹੈ।ਉਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸੁਪਰੀਮ ਸੰਸਥਾ ਹੈ ਜੋ ਕਿਸੇ ਵੀ ਕਾਨੂੰਨੀ ਕਮਿਸ਼ਨ ਦੇ ਦਾਇਰੇ ਵਿਚ ਨਹੀਂ ਆਉਂਦੀ।ਇਸੇ ਤਰਾਂ ਹੀ ਸ਼੍ਰੋਮਣੀ ਕਮੇਟੀ ਕਈ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਜਥੇਬੰਦੀ ਹੈ।ਮਾਣਮੱਤੀਆਂ ਪਰੰਪਰਾਵਾਂ ਤੇ ਇਤਿਹਾਸ ਹੋਣ ਕਾਰਨ ਇਸ ਦਾ ਸਿੱਖ ਕੌਮ ਵਿਚ ਵੱਡਾ ਸਤਿਕਾਰ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਸਿੱਖ ਪੰਥ ਦੀਆਂ ਅਹਿਮ ਧਾਰਮਿਕ ਸੰਸਥਾਵਾਂ ਨੂੰ ਕਾਂਗਰਸ ਦੀ ਕੈਪਟਨ ਸਰਕਾਰ ਵਲੋਂ ਕਮਿਸ਼ਨਾਂ ਦੇ ਚੱਕਰ ਵਿੱਚ ਉਲਝਾਉਣਾ ਜਿਥੇ ਨਿੰਦਣਯੋਗ ਕਾਰਵਾਈ ਹੈ, ਉਥੇ ਹੀ ਇਨਾਂ ਸੰਸਥਾਵਾਂ ਦਾ ਅਹਿਮ ਰੁਤਬਾ ਘਟਾਉਣ ਦੀ ਇਕ ਚਾਲ ਹੈ।ਉਚ ਸਿੱਖ ਸੰਸਥਾਵਾਂ ਨੂੰ ਨੀਵਾਂ ਦਿਖਾਉਣ ਦੀ ਇਸ ਕੋਝੀ ਕਾਰਵਾਈ ਨਾਲ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਅਜਿਹੀਆਂ ਘਿਨਾਉਣੀਆਂ ਚਾਲਾਂ ਤੋਂ ਬਾਜ਼ ਆਵੇ ਕਿਉਂਕਿ ਕੌਮ ਸਿੱਖਾਂ ਦੇ ਮਾਣ ਸਨਮਾਨ ਨੂੰ ਢਾਹ ਲਗਾਉਣ ਵਾਲੀਆਂ ਕਾਰਵਾਈਆਂ ਨੂੰ ਹਰਗਿਜ਼ ਵੀ ਬਰਦਾਸ਼ਤ ਨਹੀਂ ਕਰੇਗੀ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਾਂਗਰਸ ਦੇ ਇਸ ਕਮਿਸ਼ਨ ਨੂੰ ਰੱਦ ਕਰਕੇ ਕੌਮੀ ਹਿੱਤਾਂ ਅਤੇ ਪਰੰਪਰਾਵਾਂ ਦੀ ਪਹਿਰੇਦਾਰੀ ਕੀਤੀ ਹੈ।