Sunday, March 22, 2026

ਕੈਬਨਿਟ ਮੰਤਰੀ ਰਾਣਾ ਗੁਰਜੀਤ ਤੇ ਚਰਨਜੀਤ ਚੰਨੀ ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦਾ ਸੱਦਾ

ਵਾਲਮੀਕਿ ਜੀ ਦੀ ਯਾਦ `ਚ ਰਾਮਤੀਰਥ ਵਿਖੇ ਸੂਬਾ ਸਰਕਾਰ ਖੋਲੇਗੀ ਆਈ.ਟੀ.ਆਈ ਕਾਲਜ – ਚੰਨੀ

PPN0510201707ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅੰਮਿ੍ਰਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ। ੲਸ ਮੌਕੇ ਅੰਮਿ੍ਰਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਕਾਂਗਰਸੀ ਆਗੂ ਜੁਗਲ ਕਿਸ਼ੋਰ ਸ਼ਰਮਾ, ਦਰਬਾਰੀ ਲਾਲ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਮਹਾਨ ਅਤੇ ਪਵਿੱਤਰ ਧਰਤੀ ਹੈ ਜਿਸ ਨੂੰ ਅਵਤਾਰਾਂ, ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਪੈਗੰਬਰਾਂ ਨੂੰ ਜਨਮ ਦੇਣ ਦਾ ਮਾਣ ਹਾਸਲ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇਸ ਪਾਵਨ ਧਰਤੀ ‘ਤੇ ਜਨਮ ਲੈ ਕੇ ਕੁਰਾਹੇ ਪਈ ਮਾਨਵਤਾ ਨੂੰ ਸਹੀ ਸੇਧ ਦਿੱਤੀ ਅਤੇ ਜੀਵਨ ਸਫਲ ਕਰਨ ਫਲਸਫਾ ਦਿੱਤਾ। ਉਨਾਂ ਕਿਹਾ ਕਿ ਸ੍ਰੀ ਵਾਲਮੀਕਿ ਜੀ ਵੱਲੋਂ ਰਚੀ ਗਈ ਰਮਾਇਣ ਹਮੇਸ਼ਾਂ ਮਾਨਵਤਾ ਦੀ ਰਹਿਨੁਮਾਈ ਕਰਦੀ ਰਹੇਗੀ।
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ‘ਚ ਭਗਵਾਨ ਵਾਲਮੀਕਿ ਜੀ ਵਲੋਂ ਦਰਸਾਏ ਰਸਤੇ ‘ਤੇ ਚੱਲਣ ਦੀ ਲੋੜ ਹੈ।ਉਨਾਂ ਕਿਹਾ ਕਿ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਅਸੀਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰ ਸਕਦੇ ਹਾਂ।ਉਨਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੈਪਟਨ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਭਾਈਚਾਰੇ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾ ਰਹੇ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਅਮੀਰ ਗਰੀਬ ਦਾ ਜੋ ਪਾੜਾ ਪਿਆ ਹੋਇਆ ਹੈ, ਉਸ ਨੂੰ ਖਤਮ ਕੀਤਾ ਜਾਵੇਗਾ।
ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦ ਵਿੱਚ ਸੂਬਾ ਸਰਕਾਰ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਕਾਲਜ ਖੋਲਿਆ ਜਾਵੇਗਾ।ਉਨਾਂ ਕਿਹਾ ਕਿ ਸੋਮਵਾਰ ਹੀ ਵਿਭਾਗ ਦੇ ਅਧਿਕਾਰੀ ਅੰਮਿ੍ਰਤਸਰ ਵਿਖੇ ਪਹੁੰਚ ਕੇ ਪ੍ਰੋਜੈਕਟ ਰਿਪੋਰਟ ਤਿਆਰ ਕਰਨਗੇ ਅਤੇ ਅਗਲੇ ਤਿੰਨ ਮਹੀਨਿਆਂ ‘ਚ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ।ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ‘ਚ ਊਚ ਨੀਚ ਨੂੰ ਖਤਮ ਕਰਨ ਦਾ ਪੈਗਾਮ ਦਿੱਤਾ ਹੈ ਅਤੇ ਉਨਾਂ ਦੇ ਪੂਰਨਿਆਂ ‘ਤੇ ਚੱਲ ਕੇ ਸਮਾਜਿਕ ਬਰਾਬਰਤਾ ਲਿਆਂਦੀ ਜਾ ਸਕਦੀ ਹੈ।ਡਾ. ਭੀਮ ਰਾਓ ਅੰਬੇਦਕਰ ਦਾ ਜਿਕਰ ਕਰਦਿਆਂ ਚੰਨੀ ਨੇ ਕਿਹਾ ਕਿ ਡਾ. ਅੰਬੇਦਕਰ ਨੇ ਸਵਿਧਾਨ ‘ਚ ਸਭ ਨੂੰ ਬਰਾਬਰ ਦੇ ਹੱਕ ਦੇ ਕੇ ਦਲਿਤ ਤੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਵਿੱਚ ਸਨਮਾਨਜਨਕ ਸਥਾਨ ਦਿਵਾਇਆ।ਉਨਾਂ ਕਿਹਾ ਕਿ ਅੱਜ ਨਰਿੰਦਰ ਮੋਦੀ ਦਲਿਤਾਂ ਦਾ ਰਾਖਵਾਂਕਰਨ ਬੰਦ ਕਰਨ ਦੀ ਸੋਚਦਾ ਹੈ ਜਦਕਿ ਅਜੇ ਵੀ ਦਲਿਤ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ।ਚੰਨੀ ਨੇ ਕਿਹਾ ਪੰਜਾਬ ਵਿੱਚ 35 ਫੀਸਦੀ ਅਬਾਦੀ ਦਲਿਤ ਭਾਈਚਾਰੇ ਦੀ ਹੈ ਅਤੇ ਦਲਿਤ ਸਮਾਜ ਦੇ ਨੌਜਵਾਨਾਂ ਨੂੰ ਪੜ ਲਿਖ ਕੇ ਆਪਣਾ ਅਤੇ ਆਪਣੇ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ੰਘਰਸ਼ ਕਰਨਾ ਚਾਹੀਦਾ ਹੈ।ਇਸ ਮੌਕੇ ਉਨਾਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੋਂ ਸੇਧ ਲੈ ਕੇ ਉਨਾਂ ਦੇ ਦਰਸਾਏ ਮਾਰਗ ‘ਤੇ ਚੱਲਣ।
ਇਸ ਮੌਕੇ ਅੰਮਿ੍ਰਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ।ਉਨਾਂ ਆਪਣੇ ਅਖਤਿਆਰੀ ਫੰਡ ‘ਚ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਔਜਲਾ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।ਉਨਾਂ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਦਸਵੰਦ ਨੂੰ ਸਰਕਾਰੀ ਸਕੂਲਾਂ ‘ਚ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਖਰਚਣ।
ਇਸੇ ਦੌਰਾਨ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਪ੍ਰਗਟ ਦਿਵਸ ਮੌਕੇ ਅੰਮਿ੍ਰਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਡਾ. ਵੇਰਕਾ ਨੇ ਕਿਹਾ ਕਿ ਭਾਗਵਾਨ ਵਾਲਮੀਕਿ ਜੀ ਸਮੁੱਚੀ ਮਾਨਵਤਾ ਦੇ ਰਹਿਬਰ ਹਨ ਅਤੇ ਉਨਾਂ ਦੀਆਂ ਸਿਖਿਆਵਾਂ ਹਮੇਸ਼ਾਂ ਮਾਨਵਤਾ ਨੂੰ ਸੱਚ ਦਾ ਮਾਰਗ ਦਿਖਾਉਂਦੀਆਂ ਰਹਿਣਗੀਆਂ।
ਪਵਨ ਦਰ੍ਰਾਵਿੜ ਨੇ ਭਗਵਾਨ ਵਾਲਮੀਕਿ ਜੀ ਦੀ ਉਸਤਤ ਵਿੱਚ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ, ਬੱਬੀ ਪਹਿਲਵਾਨ, ਗੁਰਦੇਵ ਸਿੰਘ ਝੀਤਾ, ਸੁਖਦੇਵ ਸਿੰਘ ਚਾਹਲ, ਅਨੂਪ ਕੁਮਾਰ, ਕੌਂਸਲਰ ਲਾਟੀ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply