Thursday, April 30, 2026

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ

PPN1010201716ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨਾਲ ਸਬੰਧਤ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਦੇ ਢੁਕਵੇਂ ਤਰੀਕਿਆਂ ਬਾਰੇ ਜਾਣਕਾਰੀ ਦੇਣ ਤਾਂ ਜੋ ਵਾਤਾਵਰਣ ਦੀ ਸੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਕੀਤੇ ਜਾ ਸਕਣ ਵਾਲੇ ਯੋਗ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਪਿੰਡਾਂ ਵਿੱਚ ਲਗਾਤਾਰ ਤਿਰਛੀ ਨਜ਼ਰ ਰੱਖਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ।ਉਨਾਂ ਅਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਮੋਟੀਵੇਟਰਾਂ ਨਾਲ ਵੀ ਖੇਤ ’ਚੋਂ ਹਟਾਇਆ ਜਾ ਸਕਦਾ ਹੈ।ਇਸ ਦੇ ਨਾਲ-ਨਾਲ ਪਸ਼ੂਆਂ ਦੇ ਚਾਰੇ ਵਿੱਚ ਵੀ ਪਰਾਲੀ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।ਉਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਘਾਤਕ ਬਿਮਾਰੀਆਂ ਵੀ ਫੈਲ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਪਿੰਡਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਮੁਕੰਮਲ ਤੌਰ ’ਤੇ ਅੱਗ ਲਗਾਉਣ ਤੋਂ ਮੁਕਤ ਰੱਖਿਆ ਜਾਵੇਗਾ ਉਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਉਨਾਂ ਨੂੰ ਕਾਨੂੰਨ ਦੀ ਉਲੰਘਣਾਂ ਕਰਨ ’ਤੇ ਪਿੰਡਾਂ ਦੇ ਨੰਬਰਦਾਰਾਂ ਤੇ ਪਟਵਾਰੀਆਂ ਵੱਲੋਂ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਵੀ ਬੰਦ ਕੀਤੀਆਂ ਜਾ ਸਕਦੀਆਂ ਹਨ।
ਇਸ ਮੌਕੇ ਪੀ.ਏ.ਯੂ ਦੇ ਮਾਹਰ ਡਾ. ਜਗਦੀਸ਼ ਅਰੋੜਾ, ਸੰਪੂਰਨ ਐਗਰੀਵੈਂਚਰ ਪ੍ਰਾਈਵੇਟ ਲਿਮਟਿਡ (ਪੈਚਾਂ ਵਾਲੀ ਦੇ ਐਮ.ਡੀ) ਸੰਜੀਵ ਨਾਗਪਾਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply