Friday, March 13, 2026

ਕੈਬਨਿਟ ਮੰਤਰੀ ਬਾਜਵਾ ਵਲੋਂ ਪਸ਼ੂ ਧੰਨ ਚੈਂਪੀਅਨਸ਼ਿਪ ਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ

PPN2710201702ਬਟਾਲਾ, 27 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)  ਪਸ਼ੂ ਪਾਲਣ ਵਿਭਾਗ ਵਲੋਂ 2 ਰੋਜ਼ਾ ਜ਼ਿਲਾ ਪੱਧਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਦੱਧ ਚੁਆਈ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿਖੇ ਸ਼ੁਰੂ ਹੋ ਗਏ।ਇਸ ਪਸ਼ੂ ਧੰਨ ਚੈਪੀਂਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਸਿੰਘ ਰੰਧਾਵਾ, ਮੇਲੇ ਦੇ ਨੋਡਲ ਅਫ਼ਸਰ ਡਾ. ਸ਼ਾਮ ਸਿੰਘ, ਡਾ. ਸਰਬਜੀਤ ਸਿੰਘ, ਡਾ. ਗੁਰਦੇਵ ਸਿੰਘ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
ਜ਼ਿਲਾ ਪੱਧਰੀ ਪਸ਼ੂ ਧੰਨ ਮੇਲੇ `ਚ ਅੱਜ ਪਸ਼ੂਆਂ ਦੀਆਂ 55 ਵੱਖ-ਵੱਖ ਕੈਟਾਗਰੀਆਂ ਦੇ ਮੁਕਾਬਲੇ ਸ਼ੁਰੂ ਹੋ ਗਏ, ਜਿਨਾਂ `ਚ ਇਸ ਵਾਰ 2300 ਤੋਂ ਵੱਧ ਪਸ਼ੂਆਂ ਦੀਆਂ ਐਂਟਰੀਆਂ ਦਰਜ਼ ਕੀਤੀਆਂ ਗਈਆਂ ਹਨ। ਪਸ਼ੂ ਮੰਡੀ ਵਿੱਚ ਵੱਖ-ਵੱਖ ਮੁਕਾਬਲਿਆਂ ਲਈ ਵੱਖੋ-ਵਖਰੇ ਰਿੰਗ ਬਣਾਏ ਗਏ ਹਨ ਜਿਨਾਂ `ਚ ਚੱਲ ਰਹੇ ਮੁਕਾਬਲਿਆਂ ਦੌਰਾਨ ਪਸ਼ੂ ਪਾਲਣ ਵਿਭਾਗ ਤੇ ਸ੍ਰੀ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਮਾਹਿਰ ਡਾਕਟਰਾਂ ਵਲੋਂ ਬਤੌਰ ਜਜ ਦੀ ਭੂਮਿਕਾ ਨਿਭਾਈ ਜਾ ਰਹੀ ਹੈ।ਅੱਜ ਪਹਿਲੇ ਦਿਨ ਦੁੱਧ ਚੁਆਈ ਮੁਕਾਬਲਿਆਂ ਤੋਂ ਇਲਾਵਾ ਘੋੜੀਆਂ, ਮੱਝਾਂ, ਗਾਵਾਂ, ਬੱਕਰੀਆਂ ਤੇ ਕੁੱਤਿਆਂ ਦੀਆਂ ਵੱਖ-ਵੱਖ ਨਸਲਾਂ ਦੇ ਮੁਕਾਬਲੇ ਕਰਵਾਏ ਗਏ।ਇਨਾਂ ਸਾਰਿਆਂ ਮੁਕਾਬਲਿਆਂ ਦੇ ਜੇਤੂਆਂ ਨੂੰ ਭਲਕੇ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਪਸ਼ੂ ਧੰਨ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਮੇਲੇ `ਚ ਆਏ ਪਸ਼ੂ ਪਾਲਕਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਧੰਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਧੰਦੇ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਅਜਿਹੇ ਮੇਲਿਆਂ ਰਾਹੀਂ ਜਿਥੇ ਕਿਸਾਨਾਂ `ਚ ਵਧੀਆ ਨਸਲ ਦੇ ਪਸ਼ੂ ਧੰਨ ਨੂੰ ਪਾਲਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉਥੇ ਪਸ਼ੂ ਪਾਲਕਾਂ `ਚ ਮੁਕਾਬਲੇਬਾਜ਼ੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ।ਬਾਜਵਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਸ਼ੂ ਪਾਲਣ ਸਮੇਤ ਹੋਰ ਸਹਾਇਕ ਧੰਦਿਆਂ ਨੂੰ ਸ਼ੁਰੂ ਕਰਨ ਅਤੇ ਸਰਕਾਰ ਇਸ ਵਿਚ ਕਿਸਾਨਾਂ ਦੀ ਸਹਾਇਤਾ ਕਰੇਗੀ। ਉਨਾਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਕਿਸਾਨੀ ਨੂੰ ਖੁਸ਼ਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ ਅਤੇ ਬੀਤੇ ਦਿਨੀ ਸੂਬਾ ਸਰਕਾਰ ਨੇ ਕਿਸਾਨੀ ਕਰਜ਼ਾ ਮੁਆਫ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਬਾਜਵਾ ਨੇ ਕਿਹਾ ਕਿ ਇਸ ਵਾਰ ਕੈਪਟਨ ਸਰਕਾਰ ਨੇ ਝੋਨੇ ਦੀ ਖਰੀਦ `ਚ ਕਿਸਾਨਾਂ ਨੂੰ ਮੰਡੀਆਂ `ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਹੈ।ਕਿਸਾਨਾਂ ਨੂੰ ਕਣਕ ਝੋਨੇ ਦੇ ਰਿਵਾਇਤੀ ਫਸਲੀ ਚੱਕਰ `ਚੋਂ ਨਿਕਲਣ ਦੀ ਅਪੀਲ ਕਰਦਿਆਂ ਬਾਜਵਾ ਨੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਬਾਗਬਾਨੀ ਵੱਲੋਂ ਧਿਆਨ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹੱਥੀਂ ਕਿਰਤ ਕਰਨ ਦੀ ਆਦਤ ਸਫਲਤਾ ਦਾ ਅਧਾਰ ਹੈ ਅਤੇ ਨੌਜਵਾਨ ਪੀੜੀ ਨੂੰ ਆਧੁਨਿਕ ਤਕਨੀਕੀ ਰਾਹੀਂ ਮਿਹਨਤ ਕਰਕੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਦੀਆਂ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੁ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਸਹਾਇਕ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਦਾ ਕਿਸਾਨ ਭਰਾਵਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਦਾ ਧੰਨਵਾਦ ਕੀਤਾ।ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ੇਖੂਪੁਰ ਅਤੇ ਕਿਲਾ ਟੇਕ ਸਿੰਘ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮੇਲੇ ਦੀਆਂ ਰੌਣਕਾਂ ਨੂੰ ਵਧਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ, ਮੱਛੀ ਪਾਲਣ ਅਫ਼ਸਰ ਸਰਵਣ ਸਿੰਘ, ਐਸ.ਡੀ.ਓ ਪੰਚਾਇਤੀ ਰਾਜ ਬਲਦੇਵ ਸਿੰਘ, ਐਸ.ਐਮ.ਓ ਡਾ. ਸੰਜੀਵ ਭੱਲਾ, ਬਾਗਬਾਨੀ ਅਫ਼ਸਰ ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਰਾਮਲ, ਦਲਜੀਤ ਸਿੰਘ ਐਚ.ਡੀ.ਓ ਬਾਗਬਾਨੀ, ਗੁਰਦਿਆਲ ਸਿੰਘ, ਹਰਪਾਲ ਸਿੰਘ ਹਰਪੁਰਾ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ ਐਨ.ਸੀ.ਸੀ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਐਨ.ਸੀ.ਸੀ ਕੈਡਿਟਾਂ ਨੂੰ ਨਵੀਂ ਦਿੱਲੀ …

Leave a Reply