Thursday, May 2, 2024

ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ’ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਲੋਕਾਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੇ ਕੀਤੇ ਗਏ ਕਤਲੇਆਮ ਦੀ ਸਾਲਾਨਾ ਯਾਦ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਉਪਰੰਤ ਪਾਵਨ ਗੁਰਬਾਣੀ ਦਾ ਮੁਖਵਾਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਨਵੰਬਰ 1984 ਵਿਚ ਬੇਦੋਸ਼ੇ ਸਿੱਖਾਂ ਦਾ ਦਿੱਲੀ ਸਮੇਤ ਵੱਖ-ਵੱਖ ਥਾਵਾਂ ਤੇ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ ਕਰਨਾ ਅਣਮਨੁੱਖੀ ਵਰਤਾਰੇ ਦੀ ਸਿਖ਼ਰ ਸੀ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕਿਹਾ ਕਿ ਸਮੇਂ ਦੀ ਕੇਂਦਰੀ ਹਕੂਮਤ ਦੀ ਸ਼ਹਿ ’ਤੇ ਕੀਤੇ ਗਏ ਇਸ ਕਰੂਰ ਕਾਰੇ ਦੇ ਅੱਲ੍ਹੇ ਜ਼ਖਮ ਹਰ ਸਾਲ ਨਵੰਬਰ ਮਹੀਨਾ ਚੜ੍ਹਦਿਆਂ ਹੀ ਪੀੜ-ਪੀੜ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਪੀੜ੍ਹਤਾਂ ਦਾ ਦਰਦ ਸ਼ਾਂਤ ਹੋ ਸਕੇ।  ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸ਼੍ਰੋਮਣੀ ਕਮੇਟੀ ਸਟਾਫ ਅਤੇ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ …

Leave a Reply