ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ 13 ਵਿਦਿਆਰਥੀਆਂ ਨੂੰ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਪਹਿਲੇ ਤਿੰੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 25-25 ਹਜ਼ਾਰ ਰੁਪਏ, ਦੂਸਰੇ ਸਥਾਨ ਦੇ ਰਹਿਣ ਵਾਲਿਆਂ 15-15 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਪ੍ਰਾਪਤ ਕਰਤਾ ਨੂੰ 10-10 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ।
ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾਂਦਾ ਹੈ ਅਤੇ ਇਸ ਪ੍ਰੀਖਿਆ ਵਿੱਚੋਂ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਇਨਾਮ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2016 ਦੀ ਧਾਰਮਿਕ ਪ੍ਰੀਖਿਆ ਵਿਚ ਪੂਰੇ ਭਾਰਤ ਦੇ 550 ਸਕੂਲਾਂ ਕਾਲਜਾਂ ਦੇ ਪੰਜਾਹ ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿਚੋਂ 368 ਵਿਦਿਆਰਥੀਆਂ ਵਲੋਂ ਵਜ਼ੀਫ਼ਾ ਪ੍ਰਾਪਤ ਕੀਤਾ ਗਿਆ। ਇਸੇ ਸਾਲ ਦੀ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਬਿਹਤਰ ਕਾਰਗੁਜਾਰੀ ਦਿਖਾਉਣ ਵਾਲੇ 13 ਵਿਦਿਆਰਥੀਆਂ ਨੂੰ ਅੱਜ ਵਿਸ਼ੇਸ਼ ਇਨਾਮ ਦਿੱਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਚੌਥੇ ਦਰਜ਼ੇ ਵਿਚ ਪਹਿਲੇ ਸਥਾਨ ’ਤੇ ਆਈ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾ ਨਗਰ ਦੀ ਐਮ.ਏ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਗੁਰਦਾਸ ਨੰਗਲ ਵਿਖੇ ਸਥਿਤ ਬਾਬਾ ਅਜੈ ਸਿੰਘ ਸਕੂਲ ’ਚ ਬਤੌਰ ਧਾਰਮਿਕ ਅਧਿਆਪਕ ਨੌਕਰੀ ਵੀ ਦਿੱਤੀ ਗਈ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਧਾਰਮਿਕ ਪ੍ਰੀਖਿਆ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖੀ ਦੇ ਸਿਧਾਂਤਾਂ ਅਤੇ ਗੁਰਮਤਿ ਸੱਭਿਆਚਾਰ ਨਾਲ ਜੋੜਨਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਪ੍ਰੋ. ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media