ਡੀ.ਜੀ.ਪੀ. ਉੱਤਰ ਪ੍ਰਦੇਸ਼ ਨੂੰ ਧਾਰਮਿਕ ਸਥਾਨ ਤੇ ਸਿੱਖਾਂ ਦੀ ਸੁਰੱਖਿਆ ਲਈ ਕਿਹਾ
ਅੰਮ੍ਰਿਤਸਰ, 26 ਜੁਲਾਈ ( ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਿੰਘ ਸਭਾ ਥਾਣਾ ਕੁਤਬਸ਼ੇਰ ਏਰੀਆ ਸਹਾਰਨਪੁਰ ਉੱਪਰ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਪਥਰਾਵ ਅਤੇ ਸਿੱਖ ਭਾਈਚਾਰੇ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਮਾਲੀ ਨੁਕਸਾਨ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ ਡੀ.ਜੀ.ਪੀ. ਉੱਤਰ ਪ੍ਰਦੇਸ਼ ਨੂੰ ਟੈਲੀਫੂਨ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਜਨਰਲ ਮੈਨੇਜਰ ਤੇ ਸਮਾਜਵਾਦੀ ਪਾਰਟੀ, ਸੀਨੀਅਰ ਮੀਤ ਪ੍ਰਧਾਨ ਸ.ਗੁਰਪ੍ਰੀਤ ਸਿੰਘ ਬੱਗਾ ਨੇ ਉਨ੍ਹਾਂ ਨੂੰ ਟੈਲੀਫੂਨ ਪੁਰ ਜਾਣਕਾਰੀ ਦਿੱਤੀ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਪਹਿਲਾਂ ਗੁਰਦੁਆਰਾ ਪ੍ਰਬੰਧਕਾਂ ਨਾਲ ਝਗੜਾ ਕੀਤਾ ਤੇ ਫਿਰ ਗੁਰੂ-ਘਰ ‘ਚ ਜੁੜੀਆਂ ਸੰਗਤਾਂ ਤੇ ਪਥਰਾਵ ਕੀਤਾ। ਸ਼ਰਾਰਤੀ ਅਨਸਰਾਂ ਨੇ ਸ਼ਾਤਮਈ ਵੱਸਦੇ ਸਿੱਖ ਅਤੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਿੱਚ ਬਿਨ੍ਹਾ ਵਜਾ ਭੜਕਾਹਟ ਪੈਦਾ ਕੀਤੀ ਤੇ ਫਿਰ ਇੱਕ ਫਿਰਕੇ ਵੱਲੋਂ ਸਿੱਖ ਭਾਈਚਾਰੇ ਦੀਆਂ ਦੁਕਾਨਾਂ ਨੂੰ ਅੱਗ ਲਗਾਈ ਗਈ।ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਜਾਂਚ ਲਈ ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ.ਰਜਿੰਦਰ ਸਿੰਘ ਮਹਿਤਾ ਤੇ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਤੇ ਅਧਾਰਤ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਤੇ ਸ.ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਹੈ। ਇਹ ਕਮੇਟੀ ਤੁਰੰਤ ਘਟਨਾ ਸਥਾਨ ਵੱਲ ਰਵਾਨਾ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਕਮਿਸ਼ਨਰ ਸਹਾਰਨਪੁਰ ਅਤੇ ਡੀ.ਜੀ.ਪੀ. ਉੱਤਰ ਪ੍ਰਦੇਸ਼ ਨਾਲ ਵੀ ਟੈਲੀਫੂਨ ਪੁਰ ਗੱਲਬਾਤ ਹੋਈ ਹੈ ਤੇ ਉਸ ਨੂੰ ਸਿੱਖ ਭਾਈਚਾਰੇ ਦੇ ਧਾਰਮਿਕ ਅਸਥਾਨ ਤੇ ਜਾਇਦਾਦ ਆਦਿ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਤੋਂ ਇਲਾਵਾ ਵਿਦੇਸ਼ਾਂ ‘ਚ ਵੀ ਸਿੱਖ ਭਾਈਚਾਰੇ ਨੂੰ ਆਉਦੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਹਿਲ ਦੇ ਅਧਾਰ ਤੇ ਕਾਰਵਾਈ ਕਰਦੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਸੁਆਲ ਦੇ ਜੁਆਬ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 27 ਜੁਲਾਈ ਨੂੰ ਹੋਣ ਵਾਲਾ ਪੰਥਕ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਸਿੱਖ ਵਿਰੋਧੀ ਕਾਂਗਰਸ ਪਾਰਟੀ ਵੱਲੋਂ ਵੋਟਾਂ ਖਾਤਰ ਸਿੱਖਾਂ ‘ਚ ਪਾੜ ਪਾ ਕੇ ਸਿੱਖ ਸ਼ਕਤੀ (ਸ਼੍ਰੋਮਣੀ ਕਮੇਟੀ) ਨੂੰ ਕਮਜ਼ੋਰ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ ਜੋ ਕਿਸੇ ਹਾਲਤ ਵਿੱਚ ਵੀ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕੱਲੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਨਹੀਂ ਵੇਖਦੀ ਬਲਕਿ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀਆਂ ਦੁੱਖ ਤਕਲੀਫਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਦੀ ਹੈ। ਇਸ ਲਈ ਸਮੁੱਚਾ ਸਿੱਖ ਭਾਈਚਾਰਾ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਕਤੀ ਵਜੋਂ ਵੇਖਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲੋਂ ਹਰਿਆਣੇ ਦੀ ਹੁੱਡਾ ਸਰਕਾਰ ਵੱਲੋਂ ਗੈਰ ਜਿੰਮੇਦਾਰਾਨਾ ਕਾਰਵਾਈ ਕਰਦਿਆਂ ਹਰਿਆਣੇ ‘ਚ ਵੱਖਰੀ ਗੁਰਦੁਆਰਾ ਕਮੇਟੀ ਬਣਾਈ ਹੈ ਜੋ ਕਿਸੇ ਵੀ ਹਾਲਤ ਵਿੱਚ ਹਰਿਆਣਾ ਸਟੇਟ ਬਣਾ ਹੀ ਨਹੀਂ ਸਕਦੀ। ਉਨ੍ਹਾਂ ਦੱਸਿਆ ਕਿ ੧੯੫੭ ‘ਚ ਐਕਟ ਬਣਾ ਕੇ ਇੰਟਰ ਸਟੇਟ ਕਾਰਪੋਰੇਸ਼ਨ ਹੋਂਦ ਵਿੱਚ ਆਈ ਸੀ ਜਿਸ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਚੋਣ ਜਾਂ ਇਸ ਲਈ ਕਾਨੂੰਨ ਵਿੱਚ ਸੋਧ ਸੂਬਾ ਸਰਕਾਰ ਨਹੀਂ ਬਲਕਿ ਕੇਂਦਰ ਸਰਕਾਰ ਦਾ ਅਧਿਕਾਰ ਹੈ। ਉਨ੍ਹਾਂ ਕਿ ਹਰਿਆਣਾ ‘ਚ ਕਾਂਗਰਸ ਦੀ ਹੁੱਡਾ ਸਰਕਾਰ ਵੱਲੋਂ ਬਣਾਈ ਗੁਰਦੁਆਰਾ ਕਮੇਟੀ ਪੂਰੀ ਤਰ੍ਹਾਂ ਗੈਰ ਵਿਧਾਨਕ ਹੈ ਇਥੋਂ ਤੱਕ ਕਿ ਆਪਣੇ ਆਪ ਨੂੰ ਵੱਖਰੀ ਕਮੇਟੀ ਦੇ ਮੈਂਬਰ ਅਖਵਾਉਣ ਵਾਲੇ ਲੋਕਾਂ ਨੂੰ ਇਹ ਨਹੀਂ ਪਤਾ ਕਿ ਕਿਸੇ ਨੂੰ ਪੰਥਕ ਮਰਿਯਾਦਾ ਅਨੁਸਾਰ ਨੰਗੇ ਸਿਰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਕਿਉਂਕਿ ਇਸ ਕਮੇਟੀ ਦੇ ਔਹੁਦੇਦਾਰਾਂ ਨੇ ਮੁੱਖ ਮੰਤਰੀ ਹੁੱਡਾ ਨੂੰ ਨੰਗੇ ਸਿਰ ਹੀ ਸਿਰੋਪਾਓ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਖੁਦ ਮਰਿਯਾਦਾ ਬਾਰੇ ਜਾਣਕਾਰੀ ਨਹੀਂ ਉਹ ਗੁਰੂ-ਘਰਾਂ ਦੇ ਪ੍ਰਬੰਧ ਕਿਵੇ ਚਲਾ ਸਕਦੇ ਹਨ।
ਪੱਤਰਕਾਰਾਂ ਵੱਲੋਂ ਹਰਿਆਣਾ ਕਮੇਟੀ ਸਬੰਧੀ ਅਗਲੀ ਕਾਰਵਾਈ ਸਬੰਧੀ ਪੁੱਛੇ ਸੁਆਲ ਦੇ ਜੁਆਬ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਤੇ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ.ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਪੂਰੀ ਤਰ੍ਹਾਂ ਸੁਹਿਰਦ ਹਨ ਤੇ ਹਰਿਆਣਾ ਵੱਲੋਂ ਸਿੱਖਾਂ ‘ਚ ਫੁੱਟ ਪਾਉਣ ਵਾਲੀ ਕੀਤੀ ਕਾਰਵਾਈ ਪ੍ਰਤੀ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਹਰਿਆਣੇ ਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਹੁੱਡਾ ਸਰਕਾਰ ਦੀਆਂ ਸਿੱਖਾਂ ‘ਚ ਫੁੱਟ ਪਾਉਣ ਵਾਲੀਆਂ ਚਾਲਾਂ ਨੂੰ ਸਮਝਣ ਅਤੇ ਪੰਥ ਦੇ ਵਡੇਰੇ ਹਿੱਤਾਂ ਦੀ ਖਾਤਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੁੜਨ ਤਾਂ ਜੋ ਸਿੱਖ ਸ਼ਕਤੀ ਮਜਬੂਤ ਰਹੇ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਸ.ਮੋਹਨ ਸਿੰਘ ਬੰਗੀ, ਮੈਂਬਰ ਸ.ਰਾਮ ਸਿੰਘ, ਸ.ਮਗਵਿੰਦਰ ਸਿੰਘ ਖਾਪੜਖੇੜੀ, ਸ.ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ.ਮਨਜੀਤ ਸਿੰਘ, ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਤੇ ਸ.ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ.ਬਿਜੈ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਸੁਖਰਾਜ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।