ਜਲੰਧਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸ਼ੌਸ਼ੀਏਸ਼ਨ (ਨਾਪਾ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਪੁਰਜੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਪਰਵਾਸੀ ਪੰਜਾਬੀਆਂ ਦੀ ਭਲਾਈ ਵਾਲਾ ਵਿਭਾਗ ਇਕ ਐਸੇ ਮੰਤਰੀ ਨੂੰ ਦਿੱਤਾ ਜਾਵੇ, ਜਿਸ ਮੰਤਰੀ ਕੋਲ ਪਰਵਾਸੀ ਪੰਜਾਬੀਆਂ ਦੀ ਪਹੁੰਚ ਬਹੁਤ ਅਸਾਨ ਹੋਵੇ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਅੱਜ ਇਥੇ ਦਸਿਆ ਕਿ ਹੁਣ ਇਹ ਵਿਭਾਗ ਮੁੱਖ ਮੰਤਰੀ ਕੋਲ ਹੋਣ ਕਰਕੇ ਪਰਵਾਸੀ ਪੰਜਾਬੀਆਂ ਦੀ ਮੁੱਖ ਮੰਤਰੀ ਕੋਲ ਪਹੁੰਚ ਅਸਾਨ ਨਹੀਂ ਹੈ, ਜਿਸ ਕਾਰਣ ਪਰਵਾਸੀ ਪੰਜਾਬੀਆਂ ਦੇ ਮਸਲੇ ਅਜੇ ਤੱਕ ਜਿਉਂ ਦੇ ਤਿਉਂ ਕਾਇਮ ਹਨ।ਇਸੇ ਦੌਰਾਨ ਪਰਵਾਸੀ ਪੰਜਾਬੀਆਂ `ਚ ਪੰਜਾਬ ਸਰਕਾਰ ਪ੍ਰਤੀ ਰੋਸ ਤੇ ਗੁੱਸੇ ਦਾ ਆਲਮ ਵਿਖਾਈ ਦੇ ਰਿਹਾ ਹੈ।ਚਾਹਲ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਦੇ ਹੋਂਦ ਵਿਚ ਆਉਣ ਦਾ ਲਗਭਗ ਇਕ ਸਾਲ ਦਾ ਸਮਾਂ ਪੂਰਾ ਹੋਣ ਵਾਲਾ ਹੈ, ਲੇਕਿਨ ਇਸ ਸਮੇਂ ਦੌਰਾਨ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਯਤਨ ਨਹੀਂ ਕੀਤਾ ਗਿਆ।
ਚਾਹਲ ਨੇ ਇਸ ਗੱਲ ਦਾ ਇੰਕਸ਼ਾਫ ਕੀਤਾ ਕਿ ਉਹਨਾਂ ਨੇ ਲਗਭਗ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਇਕ ਪੱਤਰ ਲਿਖਿਆ ਸੀ ਤਾਂ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਬਾਰੇ ਗੱਲਬਾਤ ਕੀਤੀ ਜਾ ਸਕੇ ਲੇਕਿਨ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮਿਲਣਾ ਤਾਂ ਇਕ ਪਾਸੇ ਰਿਹਾ ਇਸ ਪੱਤਰ ਦਾ ਪੰਜਾਬ ਸਰਕਾਰ ਵਲੋਂ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।ਉਹਨਾਂ ਦਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਪਰਵਾਸੀ ਸੰਮੇਲਨ ਨਾ ਸੱਦਣ ਦੇ ਕਾਰਣ ਵੀ ਪਰਵਾਸੀ ਪੰਜਾਬੀਆਂ ਵਿਚਕਾਰ ਨਿਰਾਸ਼ਤਾ ਹੈ।ਚਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਜੋਰ ਸ਼ਬਦਾਂ ਰਾਹੀਂ ਅਪੀਲ ਕੀਤੀ ਕਿ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਣ ਲਈ ਠੋਸ ਕਾਰਵਾਈ ਕਰਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media