ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਜਲੰਧਰ ਜਿਲੇ ਦੇ ਪਿੰਡ ਮੀਰਪੁਰ ਨਾਲ ਸਬੰਧਿਤ ਮਾਪਿਆਂ ਦੇ 24 ਸਾਲਾ ਇਕਲੌਤੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਹਵਾਈ ਅੱਡੇ `ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 50 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਰਿਤਕ ਦੇ ਮਾਸੜ ਲਖਬੀਰ ਸਿੰਘ, ਇੰਦਰਜੀਤ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਉਨਾਂ ਦੀ ਬਦੌਲਤ ਹੀ ਪਰਿਵਾਰ ਆਪਣੇ ਇੱਕਲੌਤੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇਗਾ।ਇਸ ਮੌਕੇ ਟਰੱਸਟ ਮੈਂਬਰਾਂ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਕਰੀਬ ਢੇਡ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ ਕਿ ਅਚਾਨਕ ਬੀਤੀ 10 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਦੀ ਹੋ ਗਈ।ਪਰਿਵਾਰ ਨੇ ਓਬਰਾਏ ਨਾਲ ਸੰਪਰਕ ਕਰ ਕੇ ਆਪਣੇ `ਤੇ ਟੁੱਟੇ ਇਸ ਕਹਿਰ ਬਾਰੇ ਸਮੁੱਚੀ ਜਾਣਕਾਰੀ ਦਿੰਦਿਆਂ ਆਪਣੇ ਇਕਲੌਤੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਦੁਬਈ ਤੋਂ ਭੇਜਣ ਦੀ ਬੇਨਤੀ ਕੀਤੀ ਸੀ, ਜਿਸ `ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਭਾਰਤ ਭੇਜੀ ਹੈ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media