ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਲੈਂਟਰ ਪਾਇਆ ਗਿਆ।ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਪਹਿਲਾਂ ਚੱਲ ਰਹੇ ਜੋੜਾ ਘਰ ਦੀ ਸਮਰੱਥਾ ਵਧਾਉਣ ਲਈ ਜ਼ਮੀਨਦੋਜ਼ ਤਿਆਰ ਕੀਤੀ ਜਾ ਰਹੀ ਇਸ ਇਮਾਰਤ ਦੇ ਲੈਂਟਰ ਦੀ ਆਰੰਭਤਾ ਸਮੇਂ ਭਾਈ ਸੁਖਜਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਚਾਰ ਹਜ਼ਾਰ ਸਕੇਅਰ ਫੁੱਟ ਵਿਚ ਤਿਆਰ ਕੀਤੇ ਜਾ ਰਹੇ ਇਸ ਜੋੜਾ ਘਰ ਵਿਚ ਪੰਜਾਹ ਹਜ਼ਾਰ ਤੋਂ ਵੱਧ ਜੋੜੇ ਰੱਖਣ ਦੀ ਸਮਰੱਥਾ ਹੋਵੇਗੀ।ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਜੋੜੇ ਉਤਾਰਨ ਅਤੇ ਪਾਉਣ ਲਈ ਬੈਠਣ ਦੀ ਵਿਸ਼ੇਸ਼ ਸੁਵਿਧਾ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਅਧਿਆਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਜੋੜਾ ਘਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਇਸ ਸੇਵਾ ਨੂੰ ਸਮੇਂ ਸਿਰ ਮੁਕੰਮਲ ਕਰ ਕੇ ਸੰਗਤ ਅਰਪਿਤ ਕਰ ਦਿੱਤਾ ਜਾਵੇਗਾ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ ਤੇ ਬਾਵਾ ਸਿੰਘ ਗੁਮਾਨਪੁਰਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਚੀਮਾ ਬਾਠ, ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਬਾਬਾ ਸਤਨਾਮ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਭੋਲਾ ਸਿੰਘ, ਮਹੰਤ ਗੋਪਾਲ ਸਿੰਘ ਕੋਠਾਰੀ, ਬਾਬਾ ਸ਼ਿੰਦਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਜੋਧਬੀਰ ਸਿੰਘ ਤੇ ਬਾਬਾ ਹੀਰਾ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media