Tuesday, April 30, 2024

ਖੇਤੀਬਾੜੀ ਵਿਭਾਗ ਨੇ ਬਲਾਕ ਪਠਾਨਕੋਟ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ

PPN1501201805ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਨਵਾਂ ਸੁਜਾਨਪੁਰ, ਅਜੀਜਪੁਰ,ਬਹੇੜੀਆਂ, ਫਿਰੋਜਪੁਰ ਕਲਾਂ, ਫੁਲਪਿਆਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਜਾਇਜ਼ਾ ਲਿਆ।ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਜਗਦੀਪ ਸਿੰਘ ਡਿਪਟੀ ਪੀ.ਡੀ ਆਤਮਾ, ਸੁਭਾਸ਼ ਚੰਦਰ,  ਰਵਿੰਦਰ ਸਿੰਘ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ ਸ਼ਾਮਿਲ ਸਨ।
ਪਿੰਡ ਬਹੇੜੀਆਂ ਵਿੱਚ ਕਿਸਾਨ ਪ੍ਰੇਮ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ।ਉਨਾਂ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੁਪ ਵਿਚ ਦਿਖਾਈ ਦਿੰਦੀ ਹੈ।ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉਗਲਾਂ ਵਿੱਚ ਫੜਿਆ ਜਾਵੇ ਤਾਂ ਉਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।ਉਨਾਂ ਕਿਹਾ ਕਿ ਜਦੋਂ ਪੀਲੀ ਕੁੰਗੀ ਬਿਮਾਰੀ ਵਧ ਜਾਂਦੀ ਹੈ ਤਾਂ ਬਿਮਾਰੀ ਸਿੱਟਿਆਂ ਤੇ ਵੀ ਦਿਖਾਈ ਦਿੰਦੀ ਹੈ ਜਿਸ ਨਾਲ ਦਾਣੇ ਪਤਲੇ ਪੈ ਜਾਂਦੇ ਹਨ ਅਤੇ ਝਾੜ ਬਹੁਤ ਘਟ ਜਾਂਦਾ ਹੈ।ਉਨਾਂ ਕਿਹਾ ਕਿ ਪੀਲੀ ਕੁੰਗੀ ਦੇ ਪੀਲੇ ਕਣ ,ਹਲਦੀ ਦੇ ਪਾਊਡਰ ਵਾਂਗ ਹੱਥਾਂ ਅਤੇ ਕੱਪੜਿਆਂ ਤੇ ਵੀ ਲੱਗ ਜਾਂਦੇ ਹਨ, ਜੋ ਬਿਮਾਰੀ ਦੇ ਅਗਾਂਹ ਫੈਲਣ ਵਿੱਚ ਸਹਾਈ ਹੁੰਦੇ ਹਨ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਦਸੰਬਰ ਮਹੀਨੇ ਤੋਂ ਬਾਅਦ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ ਪ੍ਰੋਪੀਕੋਨਾਜ਼ੋਲ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਗੰਭੀਰ ਹਾਲਤਾਂ ਵਿੱਚ ਦੂਜਾ ਛਿੜਕਾਅ 15 ਦਿਨ ਦੇ ਵਕਫੇ ਤੇ ਕਰੋ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹਿ ਸਕੇ।ਉਨਾਂ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪੱਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾਓ ਸ਼ੁਰੂ ਕਰ ਦਿੰਦੇ ਹਨ। ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਵਿਕਾਸ ਅਫਸਰ ਜਾਂ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।ਉਨਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਫੋਨ ਨੰ. 1800 180 1551 ਤੇ ਮੋਬਾਇਲ ਰਾਹੀਂ ਅਤੇ ਲੈਂਡ ਲਾਈਨ ਤੋਂ 1551 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਸਮੇਂ ਸਿਰ ਪੀਲੀ ਕੁੰਗੀ ਬਿਮਾਰੀ ਨੁੰ ਜ਼ਿਲਾ ਪਠਾਨਕੋਟ ਵਿੱਚ ਵਧਣ ਤੋਂ ਰੋਕਿਆ ਅਤੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply